ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੇ ਪੱਖਾਂ ਦੀ ਘੋਖ ਕੀਤੀ ਜਾਵੇਗੀ-ਸੁਖਬੀਰ ਸਿੰਘ ਬਾਦਲ
ਉੱਪ ਮੁੱਖ ਮੰਤਰੀ ਵੱਲੋਂ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਚੰਡੀਗੜ੍ਹ, 13 ਅਕਤੂਬਰ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੇ ਪੱਖਾਂ ਦੀ ਘੋਖ ਕਰਨ ਲਈ ਅੱਜ ਇੱਥੇ ਕੈਬਨਿਟ ਸਬ ਕਮੇਟੀ ਦੀ ਇਕ ਮੀਟਿੰਗ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੌਰਾਨ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣਾ ਹੈ ਉਨ੍ਹਾਂ ਸਬੰਧੀ ਸਾਰੇ ਪੱਖਾਂ ਦੀ ਪੂਰੇ ਤੱਥਾਂ ਅਤੇ ਸਾਰੇ ਪਹਿਲੂਆਂ ਤੋਂ ਘੋਖ-ਪੜਤਾਲ ਕੀਤੀ ਜਾਵੇਗੀ ਤਾਂ ਜੋ ਇਸ ਮਹੱਤਵਪੂਰਣ ਮੁੱਦੇ ਬਾਰੇ ਕੋਈ ਅੰਤਿਮ ਫੈਸਲਾ ਕੀਤਾ ਜਾ ਸਕੇ। ਇਸ ਮੌਕੇ ਉੱਪ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਨੂੰ ਕਿਹਾ ਕਿ ਉਹ ਹਰੇਕ ਵਿਭਾਗ ਦੇ ਸ਼੍ਰੇਣੀ ਮੁਤਾਬਿਕ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਲੋਂੜੀਦੀਆਂ ਸ਼ਰਤਾਂ ਅਤੇ ਨਿਯਮਾਂ ਬਾਰੇ ਜਾਂਚ-ਪੜਤਾਲ ਕਰ ਲੈਣ ਤਾਂ ਜੋ ਇਸ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹਿਆ ਜਾ ਸਕੇ। ਸ. ਬਾਦਲ ਨੇ ਕਿਹਾ ਕਿ ਇਸ ਮਾਮਲੇ ‘ਤੇ ਕੈਬਨਿਟ ਸਬ ਕਮੇਟੀ ਦੀ ਇਕ ਹੋਰ ਮੀਟਿੰਗ ਬਹੁਤ ਜਲਦ ਕੀਤੀ ਜਾਵੇਗੀ।
ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਉਦਯੋਗ ਤੇ ਵਣਜ ਮੰਤਰੀ ਮਦਨ ਮੋਹਨ ਮਿੱਤਲ, ਪੇਂਡੂ ਵਿਕਾਸ ਮੰਤਰੀ ਸਿਕੰਦਰ ਸਿੰਘ ਮਲੂਕਾ, ਮਾਲ ਮੰਤਰੀ ਬਿਕਰਮ ਸਿੰਘ ਮਜੀਠਿਆ, ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਤੇ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸਕੱਤਰ ਸ਼ਾਮਲ ਸਨ।

