ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਪਹਿਲੀ ਦਸੰਬਰ ਤੋਂ ਵਿਸ਼ੇਸ਼ ਬੱਸਾਂ ਚੱਲਣਗੀਆਂ
ਮੁੱਖ ਮੰਤਰੀ ਵੱਲੋਂ 27 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੇ 11 ਦਸੰਬਰ ਨੂੰ ਦਿੱਲੀ ਵਿਖੇ ਵਿਸ਼ਾਲ ਸਮਾਰੋਹ ਕਰਨ ਦੀ ਪ੍ਰਵਾਨਗੀ
ਮੁੱਖ ਮੰਤਰੀ ਵੱਲੋਂ ਦੋਵਾਂ ਸਮਾਰੋਹਾਂ ਲਈ ਪ੍ਰਧਾਨ ਮੰਤਰੀ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਪੱਤਰ ਭੇਜਣ ਦਾ ਫੈਸਲਾ
25 ਨਵੰਬਰ ਨੂੰ ਨਵੀਂ ਦਿੱਲੀ ਦੇ ਇੰਡੀਆ ਗੇਟ ਵਿਖੇ ਪਹਿਲੀ ਵਾਰ ਕੀਰਤਨ ਦਰਬਾਰ ਹੋਵੇਗਾ
ਹਰੇਕ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਘੱਟੋ ਘੱਟ 11 ਨੌਜਵਾਨਾਂ ਅਧਾਰਤ ਸੂਬਾ ਪੱਧਰੀ ਮੋਟਰ ਸਾਈਕਲ ਯਾਤਰਾ 26 ਨਵੰਬਰ ਨੂੰ
ਚੰਡੀਗੜ੍ਹ,19 ਅਕਤੂਬਰ (ਮਧੂਸਾਰ ਬਿਊਰੋ)
ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਾਲ ਭਰ ਲਈ ਚੱਲ ਰਹੇ ਸਮਾਰੋਹਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ) ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵਿਸ਼ੇਸ਼ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਬੱਸਾਂ ਪਹਿਲੀ ਦਸੰਬਰ ਤੋਂ ਚੱਲਣੀਆਂ ਸ਼ੁਰੂ ਹੋਣਗੀਆਂ ਅਤੇ 7 ਜਨਵਰੀ, 2017 ਨੂੰ ਸ੍ਰੀ ਪਟਨਾ ਸਾਹਿਬ ਵਿਖੇ ਹੋਣ ਵਾਲੇ ਮਹਾਨ ਸਮਾਰੋਹ ਤੱਕ ਚੱਲਣਗੀਆਂ।
ਇਹ ਫੈਸਲਾ ਅੱਜ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਉੱਤੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਵਿਚ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਸਨ।
ਵਿਚਾਰ-ਚਰਚਾ ਦੌਰਾਨ ਉਪ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੂਬੇ ਦੀਆਂ ਵੱਖ-ਵੱਖ ਥਾਵਾਂ ਤੋਂ ਚਲਾਈਆਂ ਜਾਣ ਵਾਲੀਆਂ ਇਨ੍ਹਾਂ ਬੱਸਾਂ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਆਖਿਆ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਤੋਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਸਕਣ। ਇਹ ਬੱਸਾਂ ਇਸ ਮਾਰਗ ‘ਤੇ ਪੈਂਦੇ ਵੱਖ-ਵੱਖ ਗੁਰਦੁਅਰਿਆਂ ਵਿੱਚ ਠਹਿਰ ਕਰਨਗੀਆਂ ਜਿੱਥੇ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਹੋਵੇਗਾ। ਇਸ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਬੱਸਾਂ ਸੂਬੇ ਦੀਆਂ ਵੱਖ-ਵੱਖ ਥਾਵਾਂ ਤੋਂ ਚੱਲਣ ਲਈ ਰੇਲਵੇ ਵੱਲੋਂ ਪਹਿਲਾਂ ਹੀ ਅਲਾਟ ਕੀਤੀਆਂ ਵਿਸ਼ੇਸ਼ ਰੇਲ ਗੱਡੀਆਂ ਤੋਂ ਵੱਖ ਹੋਣਗੀਆਂ।
ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਵਿਖੇ 27 ਨਵੰਬਰ ਨੂੰ ਇਕ ਵਿਸ਼ਾਲ ਸਮਾਰੋਹ ਮਨਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਰਾਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਦਰਸ਼ਨ ਉੱਤੇ ਪ੍ਰਭਾਵਸ਼ਾਲੀ ਲੇਜ਼ਰ ਸ਼ੋਅ ਕੀਤਾ ਜਾਵੇਗਾ।
ਸ. ਬਾਦਲ ਨੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ੍ਰੀ ਮਦਨ ਮੋਹਨ ਮਿੱਤਲ ਦੇ ਅਧਾਰਤ ਇੱਕ ਕਮੇਟੀ ਵੀ ਗਠਿਤ ਕੀਤੀ ਹੈ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਮਹਾ ਸਮਾਰੋਹ ਨੂੰ ਮਨਾਉਣ ਸਬੰਧੀ ਪ੍ਰਬੰਧਾਂ ਨੂੰ ਦੇਖੇਗੀ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਸ. ਤਰਲੋਚਨ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਮਨਜੀਤ ਸਿੰਘ ਜੀ.ਕੇ. ਦੇ ਅਧਾਰਤ ਵੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਲੇਜ਼ਰ ਸ਼ੋਅ ਦੀ ਸਕ੍ਰਿਪਟ ਦੇ ਵਿਸ਼ੇ ਵਸਤੂ ਨੂੰ ਅੰਤਮ ਰੂਪ ਦੇਵੇਗੀ ਅਤੇ ਇਨ੍ਹਾਂ ਸਮਾਰੋਹਾਂ ਲਈ ਸੱਦੇ ਜਾਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਉੱਘੀਆਂ ਸਖਸ਼ੀਅਤਾਂ ਦੇ ਨਾਵਾਂ ਦੀ ਵੀ ਸੁਝਾਅ ਦੇਵੇਗੀ। ਇਸੇ ਤਰ੍ਹਾਂ ਹੀ ਇਨ੍ਹਾਂ ਸਮਾਰੋਹਾਂ ਨਾਲ ਸਬੰਧਤ ਇੱਕ ਹੋਰ ਮਹਾਨ ਸਮਾਰੋਹ ਦਿੱਲੀ ਵਿਖੇ 11 ਦਸੰਬਰ ਨੂੰ ਸੂਬਾ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਸੇ ਦੌਰਾਨ 25 ਨਵੰਬਰ ਨੂੰ ਇੰਡੀਆ ਗੇਟ ਉੱਤੇ ਪਹਿਲੀ ਵਾਰ ਇੱਕ ਵਿਸ਼ਾਲ ਕੀਰਤਨ ਦਰਬਾਰ ਵੀ ਹੋਵੇਗਾ। ਇਸ ਤੋਂ ਇਲਾਵਾ 26 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਇੱਕ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਨਵੀਂ ਦਿੱਲੀ ਵਿਖੇ ਹੋਣ ਵਾਲੇ ਦੋਵੇਂ ਸਮਾਰੋਹਾਂ ਲਈ ਮੁੱਖ ਮਹਿਮਾਨ ਵਜੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਵਿਸ਼ੇਸ਼ ਸੱਦਾ ਦੇਣ ਦਾ ਫੈਸਲਾ ਕੀਤਾ ਹੈ।
ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਵਸਤਾਂ ਨੂੰ ਲਿਜਾਣ ਵਾਲੀ ਬੱਸ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਦਸੰਬਰ ਦੇ ਅੱਧ ਵਿਚ ਝੰਡੀ ਦਿੱਤੀ ਜਾਵੇਗੀ ਜੋ ਕਿ 1 ਜਨਵਰੀ, 2017 ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚੇਗੀ। ਇਹ ਬੱਸ ਗੁਰੂ ਗੋਬਿੰਦ ਸਿੰਘ ਮਾਰਗ ਰਾਹੀਂ ਜਾਵੇਗੀ ਅਤੇ ਦਿੱਲੀ ਵਿਖੇ ਇੱਕ ਹਫ਼ਤਾ ਠਹਿਰੇਗੀ ਤਾਂ ਜੋ ਰਾਜਧਾਨੀ ਵਿਖੇ ਸੰਗਤਾਂ ਗੁਰੂ ਜੀ ਦੇ ਅਸਤਰਾਂ-ਸ਼ਸਤਰਾਂ ਦੇ ਦਰਸ਼ਨ ਕਰ ਸਕਣ।
ਇਨ੍ਹਾਂ ਸਮਾਰੋਹਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ 26 ਨਵੰਬਰ ਨੂੰ ਸੂਬੇ ਦੇ ਹਰੇਕ ਪਿੰਡ ਵਿਚੋਂ ਸ੍ਰੀ ਅਨੰਦਪੁਰ ਸਾਹਿਬ ਲਈ ਘੱਟੋ ਘੱਟ 11 ਨੌਜਵਾਨਾਂ ਅਧਾਰਤ ਮੋਟਰ ਸਾਈਕਲ ਯਾਤਰਾ ਆਯੋਜਿਤ ਕਰਵਾਉਣ ਦਾ ਵੀ ਫੈਸਲਾ ਕੀਤਾ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਤੇ ਸ੍ਰੀ ਮਦਨ ਮੋਹਨ ਮਿੱਤਲ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸ. ਸੇਵਾ ਸਿੰਘ ਸੇਖਵਾਂ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਸਕੱਤਰ ਸੱਭਿਆਚਾਰਕ ਮਾਮਲੇ ਸ੍ਰੀ ਹੁਸ਼ਨ ਲਾਲ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕੇਮਟੀ ਜਥੇਦਾਰ ਮਨਜੀਤ ਸਿੰਘ ਜੀ.ਕੇ., ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਹਰਚਰਨ ਸਿੰਘ, ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਵਤਾਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਉੱਘੇ ਸਿੱਖ ਸਕਾਲਰ ਡਾ. ਇੰਦੂ ਬੰਗਾ, ਸਲਾਹਕਾਰ/ਉਪ ਮੁੱਖ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ, ਮੀਡੀਆ ਸਲਾਹਕਾਰ/ਉਪ ਮੁੱਖ ਮੰਤਰੀ ਸ੍ਰੀ ਜੰਗਵੀਰ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ, ਵਿਸ਼ੇਸ਼ ਪ੍ਰਮੁੱਖ ਸਕੱਤਰ/ਉਪ ਮੁੱਖ ਮੰਤਰੀ ਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਤਿਵਾੜੀ, ਓ.ਐਸ.ਡੀ/ ਉਪ ਮੁੱਖ ਮੰਤਰੀ ਸ. ਪਰਮਿੰਦਰ ਸਿੰਘ ਬਰਾੜ ਸ਼ਾਮਲ ਸਨ।

