ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ
ਵਿੱਤ ਮੰਤਰੀ ਢੀਂਡਸਾ ਵੱਲੋਂ 6 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਨਵੰਬਰ ਮਹੀਨੇ ਦੀ ਤਨਖਾਹ/ਪੈਨਸ਼ਨ ਹੁਣ 125 ਫੀਸਦੀ ਡੀ.ਏ. ਨਾਲ ਮਿਲੇਗੀ
ਵਿਦੇਸ਼ੀ ਨਾਗਰਿਕ ਸੇਵਾ ਮੁਕਤ ਮੁਲਾਜ਼ਮਾਂ ਨੂੰ ਮਿਲੀ ਵੱਡੀ ਰਾਹਤ; ਪੈਨਸ਼ਨ ਨਾਲ ਡੀ.ਏ. ਲਾਗੂ ਰਹੇਗਾ
ਚੰਡੀਗੜ੍ਹ, 21 ਅਕਤੂਬਰ (ਮਧੂਸਾਰ ਬਿਊਰੋ)
ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਦੀ 6 ਫੀਸਦੀ ਕਿਸ਼ਤ ਦੇਣ ਦਾ ਐਲਾਨ ਕੀਤਾ। ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਹੁਣ 119 ਫੀਸਦੀ ਤੋਂ ਵੱਧ ਕੇ 125 ਫੀਸਦੀ ਹੋ ਗਿਆ ਜਿਸ ਸਬੰਧੀ ਵਿੱਤ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਢੀਂਡਸਾ ਨੇ ਦੱਸਿਆ ਕਿ ਅੱਜ ਐਲਾਨੀ ਮਹਿੰਗਾਈ ਭੱਤੇ ਦੀ ਕਿਸ਼ਤ ਪਹਿਲੀ ਨਵੰਬਰ 2016 ਤੋਂ ਲਾਗੂ ਹੋਵੇਗੀ ਅਤੇ ਮੁਲਾਜ਼ਮਾਂ/ਪੈਨਸ਼ਨਰਾਂ ਨੂੰ ਨਵਬੰਰ ਮਹੀਨੇ ਦੀ ਤਨਖਾਹ/ਪੈਨਸ਼ਨ 125 ਡੀ.ਏ. ਨਾਲ ਮਿਲੇਗੀ।
ਇਸ ਦੇ ਨਾਲ ਵਿੱਤ ਮੰਤਰੀ ਸ.ਢੀਂਡਸਾ ਨੇ ਵਿਦੇਸ਼ਾਂ ਵਿੱਚ ਵਸੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਇਹ ਫੈਸਲਾ ਵੀ ਕੀਤਾ ਕਿ ਉਨ੍ਹਾਂ ਦੀ ਪੈਨਸ਼ਨ ਨਾਲ ਡੀ.ਏ. ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਨਾਗਰਿਕਤਾ ਹਾਸਲ ਕਰਨ ਵਾਲੇ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀ ਪੈਨਸ਼ਨ ਨਾਲੋਂ ਡੀ.ਏ. ਖਤਮ ਕਰਨ ਸਬੰਧੀ ਜਾਰੀ ਪੱਤਰ ਨੂੰ ਵਾਪਸ ਲੈਂਦਿਆਂ ਮੁੜ ਡੀ.ਏ.ਬਹਾਲ ਕਰਨ ਦਾ ਫੈਸਲਾ ਕੀਤਾ ਹੈ।

