ਪੰਜਾਬਪਟਿਆਲਾ

ਅਮਨ-ਸ਼ਾਤੀ ਤੇ ਵਿਕਾਸ ਸੂਬਾ ਸਰਕਾਰ ਦਾ ਮੁੱਖ ਏਜੰਡਾ-ਮੁੱਖ ਮੰਤਰੀ

ਫਤਹਿਗੜ੍ਹ ਸਾਹਿਬ, 8 ਨਵੰਬਰ (ਮਧੂਸਾਰ ਬਿਊਰੋ)
ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਗਠਜੋੜ ਸਰਕਾਰ ਦਾ ਮੁੱਖ ਏਜੰਡਾ ਅਮਨ-ਸਾਂਤੀ ਅਤੇ ਵਿਕਾਸ ਹੋਣ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਚੌਤਰਫ਼ੇ ਵਿਕਾਸ ਨੂੰ ਯਕੀਨੀ ਬਨਾਉਣ ਲਈ ਸੂਬਾ ਸਰਕਾਰ ਨੇ ਵਿਆਪਕ ਯੋਜਨਾ ਤਿਆਰ ਕੀਤੀ ਹੈ ਅਤੇ ਸ਼ਹਿਰਾਂ ਵਿੱਚ ਸੀਵਰੇਜ਼, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਆਦਿ ਦੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ 6000 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਅਗਲੇ ਦੋ ਸਾਲਾਂ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ ਜਿਸ ਨਾਲ ਨਾ ਕੇਵਲ ਸ਼ਹਿਰਾਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਜਾਵੇਗਾ ਸਗੋਂ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਨੂੰ ਵੀ ਸਾਰੀਆਂ ਬੁਨਿਆਦੀ ਸਹੂਲਤਾਂ ਮਿਲ ਜਾਣਗੀਆਂ।
ਸ਼ਾਮ ਫਤਹਿਗੜ੍ਹ ਸਾਹਿਬ ਸ਼ਹਿਰ ਵਿੱਚ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਦਾ ਮੁਹਾਂਦਰਾ ਬਦਲਣ ਲਈ ਅਮਲ ਵਿੱਚ ਲਿਆਂਦੀ ਜਾ ਰਹੀ ਵਿਆਪਕ ਯੋਜਨਾ ਨਾਲ ਆਉਂਦੇ ਦੋ ਸਾਲਾਂ ਵਿੱਚ ਕਿਸੇ ਵੀ ਕਸਬੇ ਅਤੇ ਸ਼ਹਿਰਾ ਦਾ ਕੋਈ ਵੀ ਇਲਾਕਾ ਸੀਵਰੇਜ਼, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਵਾਸਤੇ ਅਮਨ-ਸ਼ਾਤੀ ਬਹੁਤ ਜ਼ਰੂਰੀ ਹੈ ਜਿਸ ਕਰਕੇ ਉਨ੍ਹਾਂ ਨੇ ਵਿਕਾਸ ਦੇ ਨਾਲ ਅਮਨ ਸ਼ਾਤੀ ਨੂੰ ਵੀ ਆਪਣੇ ਏਜੰਡੇ ‘ਤੇ ਸਭ ਤੋਂ ਉੱਪਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਰਿਹਾ ਹੈ ਅਤੇ ਇਸ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮਨ ਤੇ ਆਪਸੀ ਭਾਈਚਾਰੇ ਤੋਂ ਬਿਨਾ ਵਿਕਾਸ ਨੂੰ ਅਮਲ ਵਿੱਚ ਨਹੀਂ ਲਿਆਂਦਾ ਜਾ ਸਕਦਾ। ਇਸ ਕਰਕੇ ਇਹ ਦੋਵੇਂ ਏਜੰਡੇ ਉਨ੍ਹਾਂ ਦੀ ਹਮੇਸ਼ਾਂ ਹੀ ਮੁੱਖ ਪ੍ਰਾਥਮਿਕਤਾ ਰਹੇ ਹਨ।
ਇਸ ਦੇ ਨਾਲ ਹੀ ਸ. ਬਾਦਲ ਨੇ ਸਮਾਜ ਵਿਰੋਧੀ ਸ਼ਕਤੀਆਂ ਤੋਂ ਲੋਕਾਂ ਨੂੰ ਸਵਧਾਨ ਕਰਦੇ ਹੋਏ ਕਿਹਾ ਕਿ ਕੁਝ ਸਮਾਜ ਵਿਰੋਧੀ ਸ਼ਕਤੀਆਂ ਸੂਬੇ ਦੇ ਅਮਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਕਤੀਆਂ ਤੋਂ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸੂਬੇ ਨੂੰ ਵਿਕਾਸ ਦੀ ਪਟੜੀ ਤੋਂ ਹੇਠਾਂ ਲਾਹੁਣਾ ਚਾਹੁੰਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਸ਼ਕਤੀਆਂ ਨਾਲ ਦ੍ਰਿੜਤਾ ਨਾਲ ਨਿਪਟਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਸੂਬੇ ਦੇ ਅਮਨ ਨੂੰ ਭੰਗ ਕਰਨ ਅਤੇ ਵਿਕਾਸ ਨੂੰ ਲੀਹ ਤੋਂ ਲਾਹੁਣ ਦੀ ਕਿਸੇ ਵੀ ਸੂਰਤ ਵਿੱਚ ਆਗਿਆ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਪਵਿੱਤਰ ਸ਼ਹਿਰ ਵਿੱਚ 97 ਕਰੋੜ 58 ਲੱਖ ਦੀ ਲਾਗਤ ਨਾਲ ਸੀਵਰੇਜ ਵਿਛਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਸ਼ਹਿਰ ਦੀ ਨਗਰ ਕੌਂਸਲ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ 2 ਕਰੋੜ 50 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਸ ਮੌਕੇ ਸ਼ਹਿਰ ਦੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਲਈ ਵੀ ਗਰਾਂਟਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ । ਇਸ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ 165 ਪਿੰਡਾਂ ਦੇ ਕੀਤੇ ਗਏ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 13 ਕਰੋੜ 44 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਪੰਚਾਇਤਾਂ ਨੂੰ ਵੰਡੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੂੰ ਆਦੇਸ਼ ਦਿੱਤੇ ਕਿ ਆਟਾ ਦਾਲ ਸਕੀਮ ਤੋਂ ਵਾਂਝੇ ਰਹਿੰਦੇ ਯੋਗ ਲਾਭਪਾਤਰਾਂ ਦੇ ਵਿਸ਼ੇਸ ਕੈਂਪ ਲਗਾ ਕੇ ਨੀਲੇ ਕਾਰਡ ਬਣਾਏ ਜਾਣ।
ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗ੍ਰਾਂਟਾਂ ਲਈ ਵਿਸ਼ੇਸ ਤੌਰ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਸਮੁੱਚੇ ਭਾਰਤ ਵਿੱਚ ਇੱਕੋ ਇੱਕ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਹੀ ਹਨ ਜੋ ਕਿ ਲਗਾਤਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਕੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਦੇ ਹਨ।
ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ ਕਰਣੁ ਰਾਜੂ , ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਸ੍ਰੀ ਗੁਰਵਿੰਦਰ ਸਿੰਘ ਭੱਟੀ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਦਫ਼ਤਰ ਇੰਚਾਰਜ ਸ੍ਰੀ ਅਜੇ ਸਿੰਘ ਲਿਬੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਦੀਪ ਗਰਗ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਜੈਬ ਸਿੰਘ ਜਖਵਾਲੀ, ਅਮਰਿੰਦਰ ਸਿੰਘ ਲਿਬੜਾ, ਐਨ.ਆਰ.ਆਈ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਸ਼ਪਿੰਦਰ ਸਿੰਘ ਢਿੱਲੋਂ, ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ, ਅਨਿਲ ਕੁਮਾਰ ਧੰਨਾ, ਜਤਿੰਦਰ ਸਿੰਘ ਬੱਬੂ ਭੈਣੀ, ਸਾਬਕਾ ਨਗਰ ਕੌਂਸਲ ਪ੍ਰਧਾਨ ਤਰਲੋਕ ਸਿੰਘ ਬਾਜਵਾ, ਰਾਜਵੀਰ ਸਿੰਘ ਗਰੇਵਾਲ, ਭਾਜਪਾ ਆਗੂ ਨਰੇਸ਼ ਸਰੀਨ, ਸ਼ਸੀ ਭੂਸ਼ਣ ਗੁਪਤਾ, ਪਿਸ਼ੋਰਾ ਸਿੰਘ ਸਿੱਧੂਪੁਰ, ਸਾਬਕਾ ਐਸ.ਜੀ.ਪੀ.ਸੀ. ਮੈਂਬਰ ਬੀਬੀ ਸੁਰਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਤੇ ਮੋਹਤਬਰ ਵਿਅਕਤੀ ਹਾਜਰ ਸਨ।

Leave a Reply

Your email address will not be published. Required fields are marked *