ਬਾਦਲ ਵੱਲੋਂ ਆਜ਼ਾਦੀ ਸੰਘਰਸ਼ ‘ਚ ਕਾਂਗਰਸ ਦੀ ਭੂਮਿਕਾ ਦਾ ਦਾਅਵਾ ਰੱਦ
ਭਗਤ ਸਿੰਘ, ਊਧਮ ਸਿੰਘ, ਸਰਾਭਾ ਵਰਗੇ ਮਹਾਨ ਯੋਧਿਆਂ ਦੀ ਸ਼ਹਾਦਤ ਕਾਰਨ ਦੇਸ਼ ਆਜ਼ਾਦ ਹੋਇਆ ਨਾ ਕਿ ਕਾਂਗਰਸ ਕਾਰਨ-ਬਾਦਲ
ਫਤਹਿਗੜ੍ਹ ਸਾਹਿਬ, 8 ਨਵੰਬਰ (ਮਧੂਸਾਰ ਬਿਊਰੋ)
ਕਾਂਗਰਸ ਵੱਲੋਂ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਗਏ ਪ੍ਰਭਾਵੀ ਯੋਗਦਾਨ ਦੇ ਦਾਅਵੇ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਵਾਲ ਢੀਂਗਰਾ ਅਤੇ ਲਾਲਾ ਲਾਜਪਤ ਰਾਏ ਵਰਗੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਦੀ ਬਦੌਲਤ ਦੇਸ਼ ਬਰਤਾਨਵੀ ਸਾਮਰਾਜ ਦੀ ਜਕੜ ਤੋਂ ਆਜ਼ਾਦ ਹੋਇਆ ਹੈ ਨਾ ਕਿ ਕਾਂਗਰਸ ਦੀ ਪਹੁੰਚ ਕਾਰਨ।
ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ ਅਤੇ ਕੂਕਾ ਲਹਿਰ, ਗ਼ਦਰ ਲਹਿਰ, ਕਿਰਤੀ ਕਿਸਾਨ ਲਹਿਰ, ਬੱਬਰ ਅਕਾਲੀ ਲਹਿਰ ਅਤੇ ਕਾਮਾਗਾਟਾਮਾਰੂ ਆਦਿ ਲਹਿਰਾਂ ਦਾ ਆਜ਼ਾਦੀ ਸੰਘਰਸ਼ ਵਿੱਚ ਅਹਿਮ ਯੋਗਦਾਨ ਰਿਹਾ ਹੈ ਜਿਨ੍ਹਾਂ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਵਿੱਚ ਅਕਾਲੀਆਂ ਨੇ ਮਹਾਨ ਕੁਰਬਾਨੀਆਂ ਦੇ ਕੇ ਇਸ ਸੰਘਰਸ਼ ਨੂੰ ਜਿੱਤਿਆ ਜਿਸ ਨੂੰ ਮਹਾਤਮਾ ਗਾਂਧੀ ਨੇ ਵੀ ਆਜ਼ਾਦੀ ਸੰਘਰਸ਼ ਦੀ ਪਹਿਲੀ ਜਿੱਤ ਆਖਿਆ ਸੀ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਜ਼ਾਦੀ ਸੰਘਰਸ਼ ਵਿੱਚ ਆਪਣੀ ਭੂਮਿਕਾ ਨੂੰ ਵਧਾ ਚੜ੍ਹਾ ਕੇ ਦੱਸਦੀ ਹੈ ਅਤੇ ਇਹ ਵੱਖ-ਵੱਖ ਮੁੱਦਿਆਂ ‘ਤੇ ਨਾ ਕੇਵਲ ਲੋਕਾਂ ਨੂੰ ਗੁੰਮਰਾਹ ਕਰਦੀ ਆਈ ਹੈ ਸਗੋਂ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਇਸ ਨੇ ਪੰਜਾਬ ਦਾ ਆਰਥਿਕ, ਧਾਰਮਿਕ ਅਤੇ ਸਮਾਜਿਕ ਸਣੇ ਵੱਖ-ਵੱਖ ਖੇਤਰਾਂ ਵਿੱਚ ਭਾਰੀ ਨੁਕਸਾਨ ਕੀਤਾ ਹੈ।
ਅੱਜ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਚੋਣਾਂ ਵੇਲੇ ਆਪਣੀ ਕਿਸਮਤ ਦਾ ਫੈਸਲਾ ਸਮਝਦਾਰੀ ਨਾਲ ਕਰਨ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਕੇ ਅਤੇ ਦਿੱਲੀ ਵਿੱਚ ਸਿੱਖਾਂ ਦਾ ਕਤਲੇਆਮ ਕਰਕੇ ਮਾਨਵਤਾ ਨੂੰ ਵੱਡੀ ਢਾਹ ਲਾਈ ਹੈ ਅਤੇ ਹੁਣ ਇਹ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪਾਣੀਆਂ ਨੂੰ ਖੋਹਣ ਲਈ ਲੱਗੀਆਂ ਹੋਈਆਂ ਹਨ। ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲੀ ਦਲ ਦਾ ਭਗੌੜਾ ਦੱਸਦੇ ਹੋਏ ਸ. ਬਾਦਲ ਨੇ ਕਿਹਾ ਕਿ ਕੈਪਟਨ ਨੇ ਉਸ ਵੇਲੇ ਪਾਰਟੀ ਛੱਡੀ ਜਦੋਂ ਮੈਂ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲੜਨ ਲਈ ਟਿਕਟ ਦੇਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਭਗੌੜਿਆਂ ਦੀ ਕਿਤੇ ਵੀ ਇੱਜ਼ਤ ਨਹੀਂ ਹੁੰਦੀ।
ਇਸੇ ਦੌਰਾਨ ਸਰਬੱਤ ਖਾਲਸਾ ਦੇ ਸਬੰਧ ਵਿੱਚ ਆਗੂਆਂ ਦੀ ਫੜੋ-ਫੜੀ ਦੇ ਸਬੰਧੀ ਪੱਤਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਭੰਗ ਕਰਨ ਦੇਣ ਦੀ ਕੋਈ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ। ਸਰਬੱਤ ਖਾਲਸਾ ਦੀ ਆੜ ਵਿੱਚ ਆਈ.ਐਸ.ਆਈ. ਵੱਲੋਂ ਹਮਲਾ ਕਰਨ ਦੀ ਸੰਭਾਵਨਾ ਬਾਰੇ ਕੇਂਦਰ ਦੀ ਅਡਵਾਈਜ਼ਰੀ ਆਉਣ ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਕਿਸੇ ਵੀ ਹਮਲੇ ਨੂੰ ਪਛਾੜਨ ਲਈ ਸਰਕਾਰ ਦੇ ਪੂਰੇ ਪ੍ਰਬੰਧ ਹਨ।
ਸੂਬਾ ਸਰਕਾਰ ਵੱਲੋਂ 30 ਹਜ਼ਾਰ ਦੇ ਕਰੀਬ ਮੁਲਾਜ਼ਮ ਪੱਕੇ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਬਾਰੇ ਪੁੱਛੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਸੂਬਾ ਕੈਬਨਿਟ ਨੇ ਇਸ ਸਬੰਧੀ ਫੈਸਲਾ ਲੈ ਲਿਆ ਅਤੇ ਅਤੇ ਇਸ ਬਾਰੇ ਨੋਟੀਫਿਕੇਸ਼ਨ ਛੇਤੀਂ ਹੀ ਜਾਰੀ ਕਰ ਦਿੱਤਾ ਜਾਵੇਗਾ। ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਤਨਖਾਹ ਕਮਿਸ਼ਨ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਅਤੇ ਉਸ ਵੱਲੋਂ ਆਪਣਾ ਕੰਮ ਮੁਕੰਮਲ ਕਰਨ ਤੋਂ ਬਾਅਦ ਰਿਪੋਰਟ ਪੇਸ਼ ਕੀਤੀ ਜਾਵੇਗੀ।
ਸਤਲੁਜ ਯਮਨਾ ਲਿੰਕ ਨਹਿਰ ਦੇ ਸਬੰਧ ਵਿੱਚ ਪੰਜਾਬ ਦੇ ਵਿਰੁੱਧ ਫੈਸਲਾ ਆਉਣ ਦੀ ਸੂਰਤ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਅਸਤੀਫੇ ਦੇਣ ਦੇ ਕੀਤੇ ਗਏ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸੀ ਆਪਣੀ ਡਰਾਮੇਬਾਜ਼ੀ ਨਾਲ ਚੀਚੀ ‘ਤੇ ਖੂਨ ਲਾ ਕੇ ਸ਼ਹੀਦ ਹੋਣ ਦੀ ਕੋਸ਼ਿਸ਼ ਕਰਨ ਦੀ ਤਾਕ ਵਿੱਚ ਹਨ ਜਦਕਿ ਇਹ ਸਮੱਸਿਆ ਉਨ੍ਹਾਂ ਦੀ ਹੀ ਪੈਦੀ ਕੀਤੀ ਹੋਈ ਹੈ। ਵਿਧਾਨ ਸਭਾ ਚੋਣਾਂ ਲਈ ਅਕਾਲੀ ਉਮੀਦਵਾਰਾਂ ਦਾ ਐਲਾਨ ਕਰਨ ਬਾਰੇ ਪੁੱਛੇ ਸਵਾਲ ਦੇ ਸਬੰਧ ਵਿੱਚ ਸ. ਬਾਦਲ ਨੇ ਕਿਹਾ ਕਿ ਉਮੀਦਵਾਰਾਂ ਦਾ ਐਲਾਨ ਢੁਕਵੇਂ ਸਮੇਂ ‘ਤੇ ਕੀਤਾ ਜਾਵੇਗਾ।
ਸ. ਬਾਦਲ ਨੇ ਕਿਹਾ ਕਿ ਸੰਗਤ ਦਰਸ਼ਨ ਜਮਹੂਰੀਅਤ ਦੀ ਉਚਤਮ ਮਿਸਾਲ ਹੈ। ਇਸ ਵਿਚ ਜਮਹੂਰੀ ਢੰਗ ਨਾਲ ਲੋਕਾਂ ਦੀ ਲੋੜਾਂ ਮੁਤਾਬਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੰਗਤ ਦਰਸ਼ਨ ਕਰਨ ਦੀ ਪ੍ਰਕਿਰਿਆ ਸਿਰਫ਼ ਪੰਜਾਬ ਵਿਚ ਹੀ ਹੈ ਅਤੇ ਇਹ ਵੀ ਸਿਰਫ਼ ਉਦੋਂ ਹੁੰਦੇ ਹਨ ਜਦੋਂ ਸੂਬੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਜਮਹੂਰੀ ਦੇਸ਼ ‘ਚ ਲੋਕਾਂ ਦੀ ਵਿਕਾਸ ਕਾਰਜਾਂ ਵਿਚ ਸਮੂਲੀਅਤ ਨੂੰ ਯਕੀਨੀ ਬਨਾਉਣ ਵਾਸਤੇ ਇਸ ਤੋਂ ਵਧੀਆ ਹੋਰ ਕੋਈ ਤਰੀਕਾ ਨਹੀਂ ਹੋ ਸਕਦਾ।
ਇਸ ਉਪਰੰਤ ਹੰਸਾਲੀ ਨਜਦੀਕ ਫੂਡ ਪ੍ਰੋਸੈਸਿੰਗ ਕੰਪਨੀ ਪੈਗਰੋ ਫਰੋਜਨ ਫੂਡਸ ਪ੍ਰਾਈਵੇਟ ਲਿਮ: ਦੇ ਦੌਰੇ ਦੌਰਾਨ ਖੇਤੀ ਵਿਭਿੰਨਤਾ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਵਿੱਚ ਸਬਜ਼ੀਆਂ ਦਾ ਪ੍ਰੋਸੈਸਿੰਗ ਪਲਾਂਟ ਲਾਉਣ ਲਈ ਸੂਬਾ ਸਰਕਾਰ ਵੱਲੋਂ ਹਰ ਮਦਦ ਦੇਣ ਦਾ ਭਰੋਸਾ ਦੁਆਇਆ ਹੈ। ਮੁੱਖ ਮੰਤਰੀ ਨੇ ਪੈਗਰੋ ਫੂਡਜ਼ ਦੇ ਪ੍ਰਬੰਧਕਾਂ ਨੂੰ ਅਜਿਹੇ ਹੋਰ ਪਲਾਂਟ ਲਾਉਣ ਲਈ ਆਖਿਆ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਖੇਤੀ ਵਿਭਿੰਨਤਾ ਨੂੰ ਵੀ ਜ਼ੋਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਹੋਰ ਪਲਾਂਟ ਲਾਉਣ ਲਈ ਹਰ ਸਹਿਯੋਗ ਦੇਵੇਗੀ। ਉਨ੍ਹਾਂ ਇਸ ਮੌਕੇ ਗਿੱਲ ਫਾਰਮ ਦਾ ਦੌਰਾ ਵੀ ਕੀਤਾ ਅਤੇ ਉਥੇ ਹੁੰਦੀ ਜੈਵਿਕ ਖੇਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਮੁੱਖ ਮੰਤਰੀ ਨੇ ਹੰਸਾਲੀ, ਬਡਾਲੀ ਆਲਾ ਸਿੰਘ, ਮਹਾਦੀਆਂ ਅਤੇ ਪੁਰਾਣੀ ਅਨਾਜ ਮੰਡੀ ਸਰਹਿੰਦ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਚੈਕ ਵੰਡੇ।
ਇਸ ਸਮੇਂ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ ਕਰਣੁ ਰਾਜੂ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ, ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਸ੍ਰੀ ਗੁਰਵਿੰਦਰ ਸਿੰਘ ਭੱਟੀ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਦਫ਼ਤਰ ਇੰਚਾਰਜ ਸ੍ਰੀ ਅਜੇ ਸਿੰਘ ਲਿਬੜਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਰਨਜੀਤ ਸਿੰਘ ਚਨਾਰਥਲ, ਅਜੈਬ ਸਿੰਘ ਜਖਵਾਲੀ, ਅਮਰਿੰਦਰ ਸਿੰਘ ਲਿਬੜਾ, ਐਨ.ਆਰ.ਆਈ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਸ਼ਪਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਭੁਪਿੰਦਰ ਸਿੰਘ ਹਾਂਸ, ਸਵਰਨ ਸਿੰਘ ਚਨਾਰਥਲ, ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ, ਅਨਿਲ ਕੁਮਾਰ ਧੰਨਾ, ਜਤਿੰਦਰ ਸਿੰਘ ਬੱਬੂ ਭੈਣੀ, ਸਾਬਕਾ ਨਗਰ ਕੌਂਸਲ ਪ੍ਰਧਾਨ ਤਰਲੋਕ ਸਿੰਘ ਬਾਜਵਾ, ਰਾਜਵੀਰ ਸਿੰਘ ਗਰੇਵਾਲ, ਭਾਜਪਾ ਆਗੂ ਨਰੇਸ਼ ਸਰੀਨ, ਸ਼ਸੀ ਭੂਸ਼ਣ ਗੁਪਤਾ, ਪਿਸ਼ੋਰਾ ਸਿੰਘ ਸਿੱਧੂਪੁਰ, ਸਾਬਕਾ ਐਸ.ਜੀ.ਪੀ.ਸੀ. ਮੈਂਬਰ ਬੀਬੀ ਸੁਰਿੰਦਰ ਕੌਰ, ਐਡਵੋਕੇਟ ਇੰਦਰਜੀਤ ਸਿੰਘ ਸਾਉ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ, ਪੰਚ ਤੇ ਮੋਹਤਬਰ ਵਿਅਕਤੀ ਹਾਜਰ ਸਨ।

