ਮੰਤਰੀ ਮੰਡਲ ਵੱਲੋਂ ਇਕ ਵੀ ਬੂੰਦ ਪਾਣੀ ਪੰਜਾਬ ਤੋਂ ਬਾਹਰ ਨਾ ਜਾਣ ਦੇਣ ਦਾ ਐਲਾਨ
ਪੰਜਾਬ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਾ ਹੋਣ ਦੀ ਗੱਲ ਦੁਹਰਾਈ
ਪੰਜਾਬ ਵਿਧਾਨ ਸਭਾ ਦਾ ਹੰਗਾਮੀ ਇਜਲਾਸ 16 ਨਵੰਬਰ ਨੂੰ ਸੱਦਿਆ
ਸ਼੍ਰੋਮਣੀ ਅਕਾਲੀ ਦਲ 8 ਦਸੰਬਰ ਤੋਂ ‘ਪਾਣੀ ਬਚਾਓ, ਪੰਜਾਬ ਬਚਾਓ’ ਮੁਹਿੰਮ ਸ਼ੁਰੂ ਕਰੇਗਾ
ਚੰਡੀਗੜ੍ਹ, 10 ਨਵੰਬਰ (Madhusar Bureau)
ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਦੇ ਦਰਿਆਵਾਂ ਦਾ ਇਕ ਵੀ ਬੂੰਦ ਪਾਣੀ ਸੂਬੇ ਤੋਂ ਬਾਹਰ ਨਾ ਜਾਣ ਦੇਣ ਦਾ ਐਲਾਨ ਕੀਤਾ ਹੈ।
ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਦੌਰਾਨ ਲਿਆ ਗਿਆ।
ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਕਿਸੇ ਵੀ ਕੀਮਤ ‘ਤੇ ਬਣਾਏ ਜਾਣ ਅਤੇ ਕਿਸੇ ਵੀ ਏਜੰਸੀ ਨੂੰ ਇਸ ਦੇ ਨਿਰਮਾਣ ਲਈ ਇਕ ਵੀ ਇੱਟ ਲਾਏ ਜਾਣ ਦੀ ਆਗਿਆ ਨਹੀਂ ਦੇਵੇਗੀ।
ਪੰਜਾਬ ਸੰਕਟ ਲਈ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਆਖਿਆ ਗਿਆ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਵਾਸਤੇ ਸਮਝੌਤੇ ‘ਤੇ ਹਸਤਾਖਰ ਕਰਨ ਅਤੇ ਉਸ ਤੋਂ ਪਹਿਲੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ ਦੇ ਹਿੱਤਾਂ ਵਾਸਤੇ ਸੁਪਰੀਮ ਕੋਰਟ ਵਿੱਚ ਦਰਜ ਕੀਤੇ ਕੇਸ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਸੀ। ਸ੍ਰੀਮਤੀ ਗਾਂਧੀ ਨੇ ਇਹ ਡਰਾਮਾ ਇਸ ਕਰਕੇ ਰਚਿਆ ਕਿਉਂਕਿ ਉਸ ਸਾਲ ਹਰਿਆਣਾ ਵਿੱਚ ਚੋਣਾਂ ਸਨ।
ਮੰਤਰੀ ਮੰਡਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਕਿਉਂਕਿ ਉਨ੍ਹਾਂ ਨੇ ਹੀ ਆਪਣੇ ਪਟਿਆਲਾ ਹਲਕੇ ਵਿੱਚ ਕਪੂਰੀ ਵਿਖੇ ਨਹਿਰ ਦਾ ਟੱਕ ਲਾਉਣ ਲਈ ਸ੍ਰੀਮਤੀ ਇੰਦਰਾ ਗਾਂਧੀ ਨੂੰ ਸੱਦਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਹੀ ਟੱਕ ਲਾਉਣ ਲਈ ਸ੍ਰੀਮਤੀ ਇੰਦਰਾ ਗਾਂਧੀ ਨੂੰ ਚਾਂਦੀ ਦੀ ਕਹੀ ਪੇਸ਼ ਕੀਤੀ ਸੀ। ਇਸ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਨੇ ਸ਼ਾਂਤੀਪੂਰਨ ਜਮਹੂਰੀ ਮੋਰਚਾ ਪੰਜਾਬ ਦੇ ਹਿੱਤਾਂ ਲਈ ਲਾਇਆ ਜਿਸ ਦੇ ਨਤੀਜੇ ਵਜੋਂ ਪੰਜਾਬ ਤੋਂ ਬਾਹਰ ਦਰਿਆਵਾਂ ਦਾ ਪਾਣੀ ਨਹੀਂ ਗਿਆ।
ਮੰਤਰੀ ਮੰਡਲ ਦੇ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ”ਪਾਣੀ ਪੰਜਾਬ ਦੇ ਹਰੇਕ ਨਾਗਰਿਕ ਖਾਸ ਕਰ ਕਿਸਾਨਾਂ, ਉਦਯੋਗ ਤੇ ਵਪਾਰ ਦੀ ਜੀਵਨ ਰੇਖਾ ਹੈ ਅਤੇ ਕੋਈ ਵੀ ਸਾਡੇ ਲੋਕਾਂ ਦੀ ਜੀਵਨ ਰੇਖਾ ਨੂੰ ਖੋਹ ਨਹੀਂ ਸਕਦਾ।
ਮੰਤਰੀ ਮੰਡਲ ਨੇ ਇਸ ਮਾਮਲੇ ‘ਤੇ 16 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਹੰਗਾਮੀ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ।
ਮੰਤਰੀ ਮੰਡਲ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੁਪਰੀਮ ਕੋਰਟ ਦੀ ਸਲਾਹ ਨਾ ਪ੍ਰਵਾਨ ਕਰਨ ਦੀ ਬੇਨਤੀ ਕਰੇਗਾ।
ਇਸ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ 8 ਦਸੰਬਰ ਨੂੰ ਪੰਜਾਬੀਆਂ ਦਾ ਇਕ ਵੱਡਾ ਇਕੱਠ ਕਰੇਗਾ ਅਤੇ ‘ਪਾਣੀ ਬਚਾਓ, ਪੰਜਾਬ ਬਚਾਓ’ ਮੁਹਿੰਮ ਸ਼ੁਰੂ ਕਰੇਗਾ।

