ਪੰਜਾਬਪਟਿਆਲਾ

ਕਾਂਗਰਸੀ ਵਿਧਾਇਕ ਸੂਬੇ ਦੇ ਵਡੇਰੇ ਹਿੱਤਾਂ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਵਿੱਚ ਹਿੱਸਾ ਲੈਣ : ਪ੍ਰਕਾਸ਼ ਸਿੰਘ ਬਾਦਲ

ਸੂਬੇ ਦੇ ਪਾਣੀਆਂ ਦੀ ਰਾਖੀ ਲਈ ਇੱਕਮੁੱਠ ਸਦਨ ਦੇ ਮਤੇ ਦੀ ਵਕਾਲਤ
ਸੂਬਾ ਸਰਕਾਰ ਇਸ ਮੁੱਦੇ ‘ਤੇ ਛੇਤੀਂ ਹੀ ਰਾਸ਼ਟਪਤੀ ਨੂੰ ਮਿਲੇਗੀ
ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਵਿਰੋਧ ਪ੍ਰਦਰਸ਼ਨ ਸਿਆਸੀ ਨੌਟਾਂਕੀ
ਪੰੰਜਾਬ ਤੇ ਹਰਿਆਣਾ ਦੇ ਲੋਕ ਭਰਾਵਾਂ ਵਾਂਗ ਰਹਿ ਰਹੇ
ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਲੋਕਾਂ ਨੂੰ ਹਰ ਕੁਰਬਾਨੀ ਲਈ ਤਿਆਰ ਰਹਿਣ ਦਾ ਸੱਦਾ
ਸਤਲੁਜ ਯਮਨਾ ਨਹਿਰ ਦਾ ਵਿਰੋਧ ਕਰਨਾ ਹਰੇਕ ਪੰਜਾਬੀ ਦੀ ਜ਼ਿੰਮੇਂਵਾਰ
ਰੱਖੜਾ, (ਪਟਿਆਲਾ) 13 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਸਤਲੁਜ ਯਮਨਾ ਨਹਿਰ ਨੂੰ ਸੂਬੇ ਦੀ ਜੀਵਨ ਰੇਖਾ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਠੋਸ ਰਣਨੀਤੀ ਤਿਆਰ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਵਿੱਚ ਲਾਜ਼ਮੀ ਤੌਰ ‘ਤੇ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੀ ਜੀਵਨ ਰੇਖਾ ਦਾ ਮੁੱਦਾ ਹੈ ਨਾ ਕਿ ਕੋਈ ਸਿਆਸੀ ਮਾਮਲਾ ਹੈ।

ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਦੇ ਪਿਤਾ ਸਵ: ਸੂਬੇਦਾਰ ਬਾਪੂ ਕਰਤਾਰ ਸਿੰਘ ਦੀ 20 ਵੀਂ ਬਰਸੀ ਦੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਦੌਰਾਨ ਆਪਣੀ ਹਾਜ਼ਰੀ ਲਾਜ਼ਮੀ ਤੌਰ ‘ਤੇ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਦੇਸ਼ ਨੂੰ ਇਹ ਸੰਦੇਸ਼ ਜਾਣਾ ਚਾਹੀਦਾ ਹੈ ਕਿ ਸਮੁੱਚਾ ਪੰਜਾਬ ਇਸ ਮੁੱਦੇ ‘ਤੇ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਇਹ ਹਰੇਕ ਪੰਜਾਬੀ ਦੀ ਜੰਗ ਹੈ ਅਤੇ ਸਮੁੱਚੇ ਸਦਨ ਨੂੰ ਇਸ ਮੁੱਦੇ ‘ਤੇ ਇੱਕਮੁੱਠ ਹੋਣਾ ਚਾਹੀਦਾ ਹੈ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਨਾ ਹੀ ਐਨ ਡੀ ਏ ਸਰਕਾਰ ਅਤੇ ਨਾ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੋਈ ਭੂਮਿਕਾ ਹੈ ਕਿਉਂਕਿ ਇਹ ਮਾਮਲਾ ਹੁਣ ਰਾਸ਼ਟਰਪਤੀ ਦੇ ਘੇਰੇ ਵਿੱਚ ਆਉਂਦਾ ਹੈ ਜਿਸ ਨੂੰ ਸੁਪਰੀਮ ਕੋਰਟ ਨੇ ਐਸ ਵਾਈ ਐਲ ਦੇ ਮੁੱਦੇ ‘ਤੇ ਆਪਣੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਛੇਤੀਂ ਹੀ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੂਬੇ ਦੇ ਪਾਣੀਆਂ ਦੀ ਸਥਿਤੀ ਬਾਰੇ ਜਾਣੂ ਕਰਵਾਉਣਗੇ। ਸ. ਬਾਦਲ ਨੇ ਕਿਹਾ ਕਿ ਉਹ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਲਈ ਪਾਬੰਦ ਹਨ ਅਤੇ ਉਹ ਇਸ ਸਬੰਧ ਵਿੱਚ ਹਰੇਕ ਸੰਭਾਵਨਾ ਦਾ ਪਤਾ ਲਾਉਣਗੇ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਰੋਧ ਵਿਖਾਵਿਆਂ ਦੇ ਸਬੰਧ ਵਿੱਚ ਪੁੱਛੇ ਜਾਣ ‘ਤੇ ਸ. ਬਾਦਲ ਨੇ ਕਿਹਾ ਕਿ ਦੋਵੇਂ ਪਾਰਟੀਆਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਇਸ ਮੁੱਦੇ ‘ਤੇ ਸਿਆਸੀ ਨੌਟਾਂਕੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਸ ਮੁੱਦੇ ‘ਤੇ ਸੂਬੇ ਅਤੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸੇ ਤਰ੍ਹਾਂ ਹੀ ਸ. ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਹਲਫਨਾਮਾ ਦਿੱਤਾ ਹੈ ਪਰ ਹੁਣ ਇਹ ਦੋਵੇਂ ਪਾਰਟੀਆਂ ਇਸ ਤਰ੍ਹਾਂ ਦੇ ਵਿਰੋਧ ਦੇ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀਆਂ ਹਨ।
ਮÎੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਨਾਜੁਕ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਐਸ ਵਾਈ ਐਲ ਦੇ ਲਈ ਇੱਕ ਵੀ ਇੰਚ ਜ਼ਮੀਨ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਇਹ ਨਹਿਰ ਸੂਬੇ ਦੇ ਵਿਰੁੱਧ ਸਾਜਿਸ਼ ਹੈ ਜਿਸ ਦੀ ਯੋਜਨਾ ਕਾਂਗਰਸ ਨੇ ਬਣਾਈ ਸੀ ਅਤੇ ਇਸ ਨੂੰ ਸ਼ੁਰੂ ਵੀ ਉਸ ਨੇ ਹੀ ਕੀਤਾ ਸੀ। ਸ. ਬਾਦਲ ਨੇ ਕਿਹਾ ਕਿ ਗਿਆਨੀ ਜੈਲ ਸਿੰਘ ਨੇ ਇਸ ਵਾਸਤੇ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਸੀ ਅਤੇ ਦਰਬਾਰਾ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਸ ਨਹਿਰ ਦਾ ਟੱਕ ਲਾਇਆ ਸੀ ਅਤੇ ਮੇਰੇ ਵੱਲੋਂ ਇਸ ਵਿਰੁੱਧ ਸੁਪਰੀਮ ਕੋਰਟ ਵਿੱਚ ਦਾਇਰ ਕੀਤਾ ਕੇਸ ਵੀ ਇਸ ਸਰਕਾਰ ਨੇ ਹੀ ਵਾਪਿਸ ਲਿਆ ਸੀ।
Îਮੁੱਖ ਮੰਤਰੀ ਨੇ ਕਿਹਾ ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਦੇ ਆਮ ਲੋਕਾਂ ਵਿੱਚ ਕੋਈ ਵੀ ਵਿਰੋਧ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਇਸ ਸਬੰਧ ਵਿੱਚ ਬੇਚੈਨ ਨਾ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕ ਲਗਾਤਾਰ ਸ਼ਾਂਤ ਅਤੇ ਆਪਸੀ ਭਾਈਚਾਰੇ ਦੇ ਮਹੌਲ ਵਿੱਚ ਰਹਿ ਰਹੇ ਹਨ ਅਤੇ ਇੱਕ ਦੂਜੇ ਦਾ ਸਤਿਕਾਰ ਕਰਦੇ ਹਨ।
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਐਸ ਵਾਈ ਐਲ ਕਦੀ ਵੀ ਅਮਲ ਵਿੱਚ ਨਹੀਂ ਆਉਣ ਦਿੱਤੀ ਜਾਵਗੀ। ਉਨ੍ਹਾਂ ਨੇ ਸੂਬੇ ਦੇ ਲੋਕਾ ਨੂੰ ਦਰਿਆਵਾਂ ਦੇ ਪਾਣੀ ਦੀ ਰੱਖਿਆ ਲਈ ਹਰ ਕੁਰਬਾਨੀ ਲਈ ਅੱਗੇ ਆਉਣ ਲਈ ਆਖਿਆ। ਸ. ਬਾਦਲ ਨੇ ਸਪਸ਼ਟ ਕੀਤਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ ਅਤੇ ਐਸ ਵਾਈ ਐਲ ਸਮਝੌਤਾ ਕਾਂਗਰਸ ਸਰਕਾਰਾਂ ਵੱਲੋਂ ਸੂਬੇ ਦੇ ਨਾਲ ਕੀਤਾ ਵੱਡਾ ਅਨਿਆਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਇਸ ਸਮਝੌਤੇ ਦਾ ਹਮੇਸ਼ਾਂ ਹੀ ਵਿਰੋਧ ਕੀਤਾ ਹੈ ਅਤੇ ਹੁਣ ਵੀ ਇਹ ਇਸ ਨਹਿਰ ਦੀ ਉਸਾਰੀ ਨਾ ਹੋਣ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੇ ਇਸ ਨਹਿਰ ਦਾ 1980 ਵਿੱਚ ਟੱਕ ਲਾਉਣ ਵੇਲੇ ਸ੍ਰੀਮਤੀ ਇੰਦਰਾ ਗਾਂਧੀ ਦਾ ਸਵਾਗਤ ਕੀਤਾ ਸੀ ਅਤੇ ਉਹ ਆਗੂ ਹੀ ਹੁਣ ਇਸ ਮਾਮਲੇ ‘ਤੇ ਅਸਤੀਫੇ ਦੇਣ ਦਾ ਨਾਟਕ ਕਰਕੇ ਲੋਕਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਮਝਦਾਰ ਹਨ ਅਤੇ ਉਹ ਅਸਲ ਦੋਸ਼ੀਆਂ ਨੂੰ ਪੂਰੀ ਤਰ੍ਹਾਂ ਜਾਣਦੇ ਹਨ ਜਿਨ੍ਹਾਂ ਨੇ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਇਹ ਅਹਿਮ ਸਮਾਂ ਹੈ ਜਦੋਂ ਹਰੇਕ ਪੰਜਾਬੀ ਨੂੰ ਅੱਗੇ ਹੋ ਕੇ ਨਹਿਰ ਦੀ ਉਸਾਰੀ ਦੇ ਵਿਰੋਧ ਵਿੱਚ ਖੜ੍ਹਨਾ ਚਾਹੀਦਾ ਹੈ।
ਸ. ਬਾਦਲ ਨੇ ਅੱਗੇ ਕਿਹਾ ਕਿ ਦਰਿਆਈ ਪਾਣੀ ਸੂਬੇ ਦੀ ਜੀਵਨ ਰੇਖਾ ਹੈ ਅਤੇ ਇਨ੍ਹਾਂ ਨੂੰ ਵੰਡਣ ਦਾ ਕੋਈ ਵੀ ਯਤਨ ਪੰਜਾਬ ਨੂੰ ਤਬਾਹ ਕਰ ਕੇ ਰੱਖ ਦੇਵੇਗਾ। ਉਨ੍ਹਾਂ ਕਿਹਾ ਕਿ ਐਸ ਵਾਈ ਐਲ ਨਹਿਰ ਬਾਰੇ ਸਮਝੌਤਾ ਕਰਨ ਦੇ ਸਮੇਂ ਕੇਂਦਰ ਦੀ ਕਾਂਗਰਸ ਸਰਕਾਰ ਨੇ ਰਿਪੇਰੀਅਨ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਅਣਗੌਲੇ ਕੀਤਾ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੀ ਰੱਖਿਆ ਕਰਨਾ ਹਰੇਕ ਪੰਜਾਬੀ ਦਾ ਫਰਜ਼ ਹੈ ਅਤੇ ਹਰੇਕ ਨੂੰ ਨਹਿਰ ਦੇ ਵਿਰੋਧ ਲਈ ਅੱਗੇ ਆਉਣਾ ਚਾਹੀਦਾ ਹੈ।

Leave a Reply

Your email address will not be published. Required fields are marked *