ਪੰਜਾਬਪਟਿਆਲਾ

“ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਆਖਿਆਕਾਰੀ ਤੇ ਵਿਆਖਿਆਕਾਰ“ ਵਿਸ਼ੇ ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਪਟਿਆਲਾ, 5 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬੀ ਯੂਨੀਵਰਸਿਟੀ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ “ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਆਖਿਆਕਾਰੀ ਤੇ ਵਿਆਖਿਆਕਾਰ“ ਵਿਸ਼ੇ ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਆਰੰਭ ਹੋਇਆ ਜਿਸ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਕੀਤੀ।

ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਵਿਆਖਿਆਕਾਰੀ ਅਕਾਦਮਿਕ ਪੱਧਰ ਤੇ ਕਰਨ ਦੇ ਉੱਦਮ ਹੋਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਆਖਿਆਕਾਰ ਲਈ ਗੁਰਬਾਣੀ ਦਾ ਸ਼ੁੱਧ ਪਾਠ ਕਰਨ ਦਾ ਅਭਿਆਸ ਹੋਣਾ ਜਰੂਰੀ ਹੈ ਅਤੇ ਕੋਈ ਵੀ ਵਿਆਖਿਆ ਅੰਤਿਮ ਨਹੀਂ ਹੋ ਸਕਦੀ। ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਆਖਿਆਕਾਰ ਦੀ ਨਿੰਦਾ ਨਹੀਂ ਕਰਨੀ ਚਾਹੀਦੀ ਸਗੋਂ ਸਤਿਕਾਰ ਸਹਿਤ ਆਪਣੇ ਵਾਜਿਬ ਸੁਝਾਅ ਦੇਣੇ ਚਾਹੀਦੇ ਹਨ। ਡਾ. ਜਸਪਾਲ ਸਿੰਘ ਨੇ ਹੋਰ ਕਿਹਾ ਕਿ ਜਦੋਂ ਅਸੀਂ ਸਮਾਜ ਦੇ ਸਮੂਹਿਕ ਵਿਕਾਸ ਦੀ ਗੱਲ ਕਰਦੇ ਹਾਂ ਤਾਂ ਗੁਰੂ ਗ੍ਰੰਥ ਸਾਹਿਬ ਦੀ ਬਣਤਰ ਵੀ ਸੰਮਲਿਤ ਹੈ ਕਿਉਂਕਿ ਇਸ ਵਿੱਚ ਸਾਰੇ ਵਰਗਾਂ ਨੂੰ ਸਥਾਨ ਦਿੱਤਾ ਗਿਆ ਹੈ। ਇਸ ਮੌਕੇ ਤੇ ਡਾ. ਜਸਪਾਲ ਸਿੰਘ ਵਲੋਂ ਆਏ ਮਹਿਮਾਨਾਂ ਨੂੰ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਉਦਘਾਟਨੀ ਸ਼ਬਦ ਸਾਂਝੇ ਕਰਦਿਆਂ ਡਾ. ਦਰਸ਼ਨ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਵਿਆਖਿਆਕਾਰੀ ਲਈ ਅਰਬੀ, ਸੰਸਕ੍ਰਿਤ, ਉਰਦੂ ਅਤੇ ਗੁਰਮੁਖੀ ਭਾਸ਼ਾਵਾਂ ਦਾ ਚੰਗਾ ਗਿਆਨ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਰਾਗਾਂ ਤੇ ਆਧਾਰਿਤ ਹੈ, ਇਸ ਲਈ ਵਿਆਖਿਆਕਾਰ ਨੂੰ ਸੰਗੀਤ ਸਬੰਧੀ ਗਿਆਨ ਵੀ ਹੋਣਾ ਚਾਹੀਦਾ ਹੈ।
ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਜਥੇਦਾਰ, ਸ਼੍ਰੀ ਅਕਾਲ ਤਖਤ ਸਾਹਿਬ, ਅੰਮ੍ਰਿਤਸਰ ਨੇ ਕਿਹਾ ਕਿ ਗੁਰਬਾਣੀ ਦੀ ਵਿਆਖਿਆ ਗੁਰੂ-ਕਾਲ ਤੋਂ ਹੀ ਸ਼ੁਰੂ ਹੋ ਗਈ ਸੀ ਅਤੇ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿਆਖਿਆ ਦੇ ਕੁੱਝ ਟੀਕਿਆਂ ਵਿੱਚ ਨਿਯਮਾਵਲੀ ਦੀ ਉਲੰਘਣਾ ਕੀਤੀ ਗਈ ਹੈ ਅਤੇ ਵਿਦਵਾਨਾਂ ਨੂੰ ਇਸ ਪਾਸੇ ਵੱਲ ਧਿਆਨ ਦੇਣ ਦੀ ਲੋੜ ਹੈ। ਡਾ. ਵੇਦਾਂਤੀ ਨੇ ਅੱਗੇ ਕਿਹਾ ਕਿ ਵਿਆਖਿਆਕਾਰ ਨੂੰ ਬਾਣੀ ਦਾ ਸ਼ੁੱਧ ਉਚਾਰਣ ਕਰਨਾ ਆਉਣਾ ਚਾਹੀਦਾ ਹੈ।
ਕੁੰਜੀਵਤ ਭਾਸ਼ਣ ਦਿੰਦਿਆਂ ਡਾ. ਪਰਮਜੀਤ ਸਿੰਘ ਸਿੱਧੂ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕਿਹਾ ਕਿ ਗੁਰਬਾਣੀ ਦੀ ਵਿਆਖਿਆ ਨੂੰ ਇਤਿਹਾਸਕ ਅਤੇ ਸਿਧਾਂਤਕ ਦੋ ਪੱਖਾਂ ਤੋਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਣੀ ਦੀ ਵਿਆਖਿਆ ਕਰਨ ਵੇਲੇ ਵਿਆਕਰਣ ਅਤੇ ਅੰਕੜਾ-ਵਿਗਿਆਨ ਦਾ ਸ਼ੁੱਧ ਗਿਆਨ ਹੋਣਾ ਚਾਹੀਦਾ ਹੈ। ਇਸ ਮੌਕੇ ਤੇ ਉਘੇ ਵਿਦਵਾਨ ਡਾ. ਬਲਕਾਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਨਾਮ ਸਿੰਘ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਵਿਭਾਗ ਦੀ ਮੁਖੀ ਅਤੇ ਸੈਮੀਨਾਰ ਡਾਇਰੈਕਟਰ ਡਾ. ਮਲਕਿੰਦਰ ਕੌਰ ਨੇ ਸੈਮੀਨਾਰ ਦੇ ਵਿਸ਼ੇ ਬਾਰੇ ਚਾਨਣਾ ਪਾਇਆ। ਸੈਮੀਨਾਰ ਕੋਆਰਡੀਨੇਟਰ ਡਾ. ਗੁੰਜਨਜੋਤ ਕੋਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *