ਪੰਜਾਬਪਟਿਆਲਾ

ਸਮੂਹ ਅਧਿਕਾਰੀ ਤਨਦੇਹੀ ਨਾਲ ਸ਼ਹੀਦੀ ਜੋੜ ਮੇਲ ਦੇ ਅਗੇਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ-ਸੰਘਾ

ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈਆਂ ਜਾਣਗੀਆਂ 20 ਪਾਰਕਿੰਗ
ਸੁਰੱਖਿਆ ਪੱਖੋਂ ਜੋੜ ਮੇਲ ਦੇ ਏਰੀਏ ਦੇ ਪ੍ਰਮੁੱਖ ਸਥਾਨਾਂ ‘ਤੇ ਲਗਾਏ ਜਾਣਗੇ ਸੀ.ਸੀ.ਟੀ.ਵੀ. ਕੈਮਰੇ
6 ਡਿਸਪੈਂਸਰੀਆਂ ਵਿੱਚ 24 ਘੰਟੇ ਮਿਲੇਗੀ ਡਾਕਟਰੀ ਸਹੂਲਤ ਤੇ ਮੁਫਤ ਦਵਾਈਆਂ
14 ਐਂਬੂਲੈਂਸਾਂ ਵੀ 24 ਘੰਟੇ ਰਹਿਣਗੀਆਂ ਤਾਇਨਾਤ
ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਮਧੂਸਾਰ ਬਿਊਰੋ)
ਸਮੂਹ ਅਧਿਕਾਰੀ ਸ਼ਹੀਦੀ ਜੋੜ ਮੇਲ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸ਼ਰਧਾ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਸ਼ਹੀਦੀ ਜੋੜ ਮੇਲ ਦੀ ਧਾਰਮਿਕ ਪਵਿੱਤਰਤਾ ਨੂੰ ਕਾਇਮ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਬੱਚਤ ਭਵਨ ਵਿਖੇ ਸ਼ਹੀਦੀ ਜੋੜ ਮੇਲ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਜੋੜ ਮੇਲ ਦੇ ਸਾਰੇ ਪ੍ਰਬੰਧਾਂ ਨੂੰ 23 ਦਸੰਬਰ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸ਼ਹੀਦੀ ਜੋੜ ਮੇਲ ਦੌਰਾਨ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੇ ਜਾਣ ਵਾਲੇ ਸ਼ਹੀਦੀ ਜੋੜ ਮੇਲ ਦੀ ਸਫਲਤਾ ਲਈ ਇੱਕ ਟੀਮ ਦੀ ਤਰ੍ਹਾਂ ਕੰਮ ਕੀਤਾ ਜਾਵੇ ਅਤੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣ।
ਸ. ਸੰਘਾ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਲੰਗਰਾਂ ਵਿੱਚ ਅਤੇ ਸ਼ਰਧਾਲੂਆਂ ਨੂੰ ਸਾਫ ਸੁਥਰਾ ਪੀਣ ਵਾਲਾ ਮੁਹੱਈਆ ਕਰਵਾਉਣ ਲਈ ਪਾਣੀ ਦੀ ਕਲੋਰੀਨੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ । ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਿਹਤ ਵਿਭਾਗ ਵੱਲੋਂ ਸ਼ਹੀਦੀ ਜੋੜ ਮੇਲ ਦੌਰਾਨ 6 ਡਿਸਪੈਂਸਰੀਆਂ ‘ਤੇ 24 ਘੰਟੇ ਡਾਕਟਰ ਤੇ ਮੈਡੀਕਲ ਸਟਾਫ ਤਾਇਨਾਤ ਰਹੇਗਾ, ਜਿਨ੍ਹਾਂ ‘ਤੇ ਮੁਫਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਹੰਗਾਮੀ ਹਾਲਤ ਲਈ 14 ਐਂਬੂਲੈਂਸਾਂ ਦੀ ਵਿਵਸਥਾ ਵੀ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਹਰ ਲੰਗਰ ਵਿੱਚ ਕੂੜਾਦਾਨ ਰਖਵਾਉਣੇ ਲਾਜਮੀ ਹਨ ਤਾਂ ਜੋ ਸਾਫ ਸਫਾਈ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੋੜ ਮੇਲ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਦਸੰਬਰ ਤੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀ ਇਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਬਜੁਰਗਾਂ, ਅੰਗਹੀਣਾਂ, ਔਰਤਾਂ ਅਤੇ ਬੱਚਿਆਂ ਲਈ ਮੁਫਤ ਵਿਸ਼ੇਸ ਬੱਸਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਚਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜਨ ਸਿਹਤ ਵਿਭਾਗ ਵੱਲੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ 400 ਆਰਜੀ ਪਖਾਨੇ ਵੀ ਬਣਾਏ ਗਏ ਹਨ। ਉਨ੍ਹਾਂ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਸ਼ਹੀਦੀ ਜੋੜ ਮੇਲ ਵਾਲੇ ਇਲਾਕੇ ਨੂੰ ਸੈਕਟਰਾਂ ਵਿੱਚ ਵੰਡ ਕੇ ਸ਼ਹਿਰ ਦੀ ਮੁਕੰਮਲ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ ਸਵੱਛਤਾ ਨੂੰ ਮੁੱਖ ਰੱਖਦੇ ਹੋਏ ਐਨ.ਐਸ.ਐਸ. ਵਲੰਟੀਅਰਾਂ ਤੇ ਯੂਨੀਵਰਸਿਟੀਆਂ, ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਸਾਫ ਸਫਾਈ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਇਸ ਮੌਕੇ ਭਾਸ਼ਾ ਵਿਭਾਗ ਵੱਲੋਂ 25 ਦਸੰਬਰ ਨੂੰ ਧਾਰਮਿਕ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਸਭਿਆਚਾਰਕ ਸੋਸਾਇਟੀ ਵੱਲੋਂ ਸ਼ਹੀਦੀ ਜੋੜ ਮੇਲ ‘ਤੇ ਇੱਕ ਵਿਸ਼ੇਸ ਸੋਵੀਨਰ ‘ ਸ਼ਹਾਦਤ ‘ ਵੀ ਜਾਰੀ ਕੀਤਾ ਜਾਵੇਗਾ।
ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ 51 ਪੁਲਿਸ ਨਾਕੇ ਲਗਾਏ ਜਾਣਗੇ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ 20 ਪਾਰਕਿੰਗ ਬਣਾਈਆਂ ਗਈਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ, ਐਸ.ਪੀ. (ਸੁਰੱਖਿਆ ਤੇ ਟਰੈਫਿਕ) ਸ੍ਰੀ ਕੇਸਰ ਸਿੰਘ ਐਸ.ਡੀ.ਐਮ. ਬਸੀ ਪਠਾਣਾਂ ਸੀ ਅਰਵਿੰਦ ਗੁਪਤਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੀ ਨਵਰਾਜ ਸਿੰਘ ਬਰਾੜ, ਐਸ.ਡੀ.ਐਮ. ਖਮਾਣੋਂ ਮਿਸ: ਰੂਹੀ ਦੁੱਗ, ਸਹਾਇਕ ਕਮਿਸ਼ਨਰ (ਜਨਰਲ) ਮਿਸ: ਹਰਕੀਰਤ ਕੌਰ ਚਾਨੇ, ਜ਼ਿਲ੍ਹਾ ਟਰਾਂਸਪੋਰਟ ਅਫਸਰ ਸ੍ਰੀ ਪਰਮਜੀਤ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਨੱਥਾ ਸਿੰਘ, ਸਿਵਲ ਸਰਜਨ ਡਾ. ਹਰਿੰਦਰ ਕੌਰ, ਜ਼ਿਲ੍ਹਾ ਮਾਲ ਅਫਸਰ ਸ੍ਰੀ ਕਿਰਨਜੀਤ ਸਿੰਘ ਟਿਵਾਣਾ, ਡੀ.ਡੀ.ਪੀ.ਓ. ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *