ਪੰਜਾਬਪਟਿਆਲਾ

ਸ਼ਹੀਦੀ ਜੋੜ ਮੇਲ ਦੀ ਸਮਾਪਤੀ ‘ਤੇ ਲੱਖਾਂ ਸ਼ਰਧਾਲੂਆਂ ਦਾ ਨਗਰ ਕੀਰਤਨ ‘ਚ ਉਮੜਿਆ ਸੈਲਾਬ

ਫਤਹਿਗੜ੍ਹ ਸਾਹਿਬ, 27 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸਾਲਾਨਾ ‘ਸ਼ਹੀਦੀ ਜੋੜ ਮੇਲ’ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਸ਼ਹੀਦੀ ਨਗਰ ਕੀਰਤਨ ਸਮੇਂ ਸੰਗਤਾਂ ਦਾ ਉਮੜਿਆ ਸੈਲਾਬ ਸੰਗਤਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਸੀ ਜੋ ਕਿ ਪੂਰੇ ਮਾਹੌਲ ਨੂੰ ਖਾਲਸਾਈ ਰੰਗ ਵਿੱਚ ਰੰਗ ਰਿਹਾ ਸੀ।

ਸਮਾਪਤੀ ਅਰਦਾਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਨੰਦਪੁਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਬਾਬਾ ਨਾਗਰ ਸਿੰਘ, ਐਸ.ਜੀ.ਪੀ.ਸੀ. ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸੰਤ ਹਰੀ ਸਿੰਘ ਰੰਧਾਵਾ, ਐਸ.ਜੀ.ਪੀ.ਸੀ. ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਮੈਂਬਰ ਸ. ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ, ਵਿਧਾਇਕ ਫ਼ਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ, ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ, ਅਮਲੋਹ ਦੇ ਹਲਕਾ ਇੰਚਾਰਜ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਣਾਂ ਦੇ ਹਲਕਾ ਇੰਚਾਰਜ ਸ੍ਰੀ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ, ਅਮਰਿੰਦਰ ਸਿੰਘ ਲਿਬੜਾ, ਸਾਬਕਾ ਜਨਰਲ ਸਕੱਤਰ ਦਿਲਮੇਘ ਸਿੰਘ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਰਨਜੀਤ ਸਿੰਘ ਚਨਾਰਥਲ, ਮੈਨੇਜਰ ਨੱਥਾ ਸਿੰਘ ਤੇ ਬਲਵਿੰਦਰ ਸਿੰਘ ਭਮਾਰਸੀ, ਚੇਅਰਮੈਨ ਲਖਵੀਰ ਸਿਘ ਲੋਟ, ਅਜੈਬ ਸਿੰਘ ਜਖਵਾਲੀ, ਦਵਿੰਦਰ ਸਿੰਘ ਭੱਪੂ, ਪ੍ਰਦੀਪ ਸਿੰਘ ਕਲੌੜ, ਰਸ਼ਪਿੰਦਰ ਸਿੰਘ ਢਿੱਲੋਂ, ਹਰਵਿੰਦਰ ਸਿੰਘ ਬੱਬਲ ਨੇ ਵੀ ਸ਼ਿਰਕਤ ਕੀਤੀ।
ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਾਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਖਾਲਸਾਈ ਸ਼ਾਨੋ ਸ਼ੌਕਤ ਨਾਲ ਨਰਸਿੰਘਿਆਂ ਤੇ ਨਗਾਰਿਆਂ ਦੀ ਗੂੰਜ ‘ਚ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਪਹੁੰਚੇ ਹੋਏ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਪੋਹ ਦੀ ਕੜਕਦੀ ਠੰਢ ‘ਚ ਸ਼ਰਧਾਲੂ ਨੰਗੇ ਪੈਰੀਂ ਨਿੱਕੀਆਂ ਤੇ ਮਾਸੂਮ ਜਿੰਦਾਂ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਣ ਲਈ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ਛੋਟੇ ਸਾਹਿਬਜਾਦਿਆ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਵੱਖ-ਵੱਖ ਸਕੂਲ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਜਸ ਗਾਉਂਦੀਆਂ ਜਾ ਰਹੀਆ ਸਨ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ, ਅਕਾਲ ਅਕੈਡਮੀ ਚੀਮਾ ਸਾਹਿਬ, ਬਾਬਾ ਜੋਰਵਾਰ ਸਿੰਘ ਫ਼ਤਹਿ ਸਿੰਘ ਸਕੂਲ, ਸੇਵਕ ਜਥਾ ਅੰਬਾਲਾ, ਸੁਖਮਨੀ ਸਾਹਿਬ ਸੇਵਾ ਦਲ, ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਚੰਡੀਗੜ੍ਹ, ਗੁਰਸਿੱਖ ਅਕੈਡਮੀ ਬਹਾਦਰਗੜ੍ਹ, ਖਾਲਸਾ ਗੱਤਕਾ ਅਖਾੜਾ ਤੇ ਭਾਈ ਘਨ੍ਹਈਆ ਸੇਵਾ ਦਲ ਦੇ ਵਿਦਿਆਰਥੀ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਅਤੇ ਖਾਲਸਾਈ ਪੌਸ਼ਾਕਾਂ ‘ਚ ਸਜੇ ਹੋਏ ਨਗਰ ਕੀਰਤਨ ‘ਚ ਸ਼ਰਧਾ ਤੇ ਸਤਿਕਾਰ ਭੇਂਟ ਕਰ ਰਹੇ ਸਨ।
ਨਗਰ ਕੀਰਤਨ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਹੁਕਮਨਾਮਾ ਲੈਣ ਉਪਰੰਤ ਸਮਾਪਤ ਹੋ ਗਿਆ। ਕੌਮ ਦੇ ਨਾਮ ਆਪਣੇ ਸੰਦੇਸ਼ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵਿਸ਼ੇਸ ਤੌਰ ‘ਤੇ ਬੀਬੀਆਂ ਨੂੰ ਅਪੀਲ ਕੀਤੀ ਕਿ ਮਾਤਾ ਗੁਜਰੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿੱਖ ਪੰਥ ਦੀਆਂ ਮਹਾਨ ਪ੍ਰੰਪਰਾਂਵਾ ਤੋਂ ਜਾਣੂ ਕਰਵਾਉਣ ਤਾਂ ਜੋ ਛੋਟੀ ਉਮਰ ਤੋਂ ਹੀ ਸਾਡੇ ਬੱਚੇ ਆਪਣੇ ਮਹਾਨ ਸਿੱਖ ਇਤਿਹਾਸ ਤੇ ਵਿਰਸੇ ਤੋਂ ਜਾਣੂ ਹੋ ਕੇ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਸਾਂ ਦੀ ਬੇਅਦਬੀ ਨਾ ਕਰਨ ਅਤੇ ਗੁਰੂ ਦੇ ਲੜ ਲਗ ਕੇ ਪੂਰਨ ਸਿੰਘ ਸਜਣ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਇਹ ਵੀ ਸੱਦਾ ਦਿੱਤਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ 5 ਜਨਵਰੀ ਨੂੰ ਵਿਸ਼ਾਲ ਸਮਾਗਮ ਵਿੱਚ ਭਾਗ ਲੈਣ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਧਰਮ ਵਰਗੇ ਕੁਰਬਾਨੀਆਂ ਭਰੇ ਇਤਿਹਾਸ ਅਤੇ ਛੋਟੇ ਸਾਹਿਬਜਾਦਿਆਂ ਵੱਲੋਂ ਛੋਟੀ ਉਮਰੇ ਕੀਤੇ ਵੱਡੇ ਸਾਕੇ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉਹ ਧਰਤੀ ਹੈ ਜਿਥੇ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਮੁਗਲ ਸਾਮਰਾਜ ਤੋਂ ਲਿਆ ਸੀ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾਂ ਕੀਤੀ।
ਇਸ ਸ਼ਹੀਦੀ ਜੋੜ ਮੇਲ ਵਿੱਚ ਅਰਦਾਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਜੋੜ ਮੇਲ ਵਿੱਚ ਸ਼ਾਮਲ ਸਮੂਹ ਸੰਗਤ ਅਰਦਾਸ ਵਿੱਚ ਸ਼ਾਮਲ ਹੋ ਕੇ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾਂਜਲੀ ਭੇਂਟ ਕਰ ਸਕੇ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹੀਦੀ ਜੋੜ ਮੇਲ ਅਮਨ-ਅਮਾਨ ਨਾਲ਼ ਸਮਾਪਤ ਹੋਣ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਈ ਸੰਗਤ, ਰਾਜਸੀ ਆਗੂਆਂ, ਲੰਗਰਾਂ ਦੇ ਪ੍ਰਬੰਧਕਾਂ, ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਮੂਹ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

Leave a Reply

Your email address will not be published. Required fields are marked *