ਪਟਿਆਲਾ

ਲੋਕਤੰਤਰ ਵਿੱਚ ਵੋਟ ਪਾਉਣ ਦਾ ਅਧਿਕਾਰ ਸਭ ਤੋਂ ਵੱਡੀ ਤਾਕਤ : ਸੰਘਾ

ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਮਧੂਸਾਰ ਬਿਊਰੋ)
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾਂ ਤੇ ਅਮਲੋਹ ਦੇ ਵੋਟਰਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਲਈ ਜਾਗਰੂਕ ਕਰਨ ਵਾਸਤੇ ਵਿਸ਼ੇਸ ਤੌਰ ‘ਤੇ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਨੂੰ ਰਵਾਨਾਂ ਕੀਤਾ।

ਇਹ ਵੈਨ 1-1-2017 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਕਰਨ ਬਾਰੇ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਚੋਣ ਅਫਸਰ ਦਾ ਆਡੀਓ ਤੇ ਵੀਡੀਓ ਸੰਦੇਸ਼ ਘਰ-ਘਰ ਪਹੁੰਚਾਣ ਲਈ ਤਿੰਨੋ ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਸ. ਸੰਘਾ ਨੇ ਕਿਹਾ ਕਿ ਸਾਡੇ ਸੰਵਿਧਾਨ ਵਿੱਚ 18 ਸਾਲ ਉਮਰ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਸਾਡੇ ਲੋਕਤੰਤਰ ਨੂੰ ਹੋਰ ਵਧੇਰੇ ਮਜਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਵੋਟ ਦੇ ਇਸਤੇਮਾਲ ਲਈ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਵੋਟ ਨਾ ਪਾ ਕੇ ਅਸੀਂ ਆਪਣੇ ਅਜਿਹੇ ਸੰਵਿਧਾਨਕ ਹੱਕ ਤੋਂ ਮਹਿਰੂਮ ਹੁੰਦੇ ਹਾਂ ਜਿਸ ਦਾ ਸਾਡੇ ਦੇਸ਼, ਸੂਬੇ ਅਤੇ ਸਮਾਜ ਦੇ ਵਿਕਾਸ ‘ਤੇ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਆਜਾਦ ਭਾਰਤ ਦੇ ਹਰੇਕ ਨਾਗਰਿਕ ਦਾ ਇਹ ਮੁਢਲਾ ਫਰਜ ਬਣਦਾ ਹੈ ਕਿ ਉਹ ਵੋਟਾਂ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਕਰੇ।
ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਨੁਕੜ ਨਾਟਕ, ਸਿੱਖਿਆ ਸੰਸਥਾਵਾਂ ਵਿੱਚ ਸੈਮੀਨਾਰ, ਵਿਦਿਆਰਥੀਆਂ ਦੇ ਮੁਕਾਬਲੇ, ਵੋਟਰਾਂ ਦੀ ਦਸਤਖਤ ਮੁਹਿੰਮ, ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਸ਼ੇਸ ਲੋੜਾਂ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ ਪ੍ਰੋਗਰਾਮ ਉਲੀਕੇ ਕਰਵਾਏ ਗਏ ਹਨ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਏ.ਡੀ.ਸੀ. ਸ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਟਰਾਂਸਪੋਰਟ ਅਫਸਰ ਸ੍ਰੀ ਪਰਮਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਆਰ.ਪੀ. ਸਿੰਘ, ਤਹਿਸੀਲਦਾਰ ਚੋਣਾਂ ਸ. ਲਾਭ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

Leave a Reply

Your email address will not be published. Required fields are marked *