ਅਕਾਲੀ ਦਲ-ਭਾਜਪਾ ਗਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ : ਖੱਟੜਾ
ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਪਟਿਆਲਾ, 12 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।
ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਹਨਾਂ ਦੇ ਨਾਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ੍ਰੀ ਰਣਧੀਰ ਸਿੰਘ ਰੱਖੜਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਵਿਸ਼ਨੂੰ ਸ਼ਰਮਾ, ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਮੰਤਰੀ ਸ੍ਰੀ ਸੁਰਜੀਤ ਕੋਹਲੀ ਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸਤਬੀਰ ਸਿੰਘ ਖੱਟੜਾ, ਸ੍ਰੀ ਰਣਧੀਰ ਰੱਖੜਾ, ਚੇਅਰਮੈਨ ਵਿਸ਼ਨੂੰ ਸ਼ਰਮਾ ਤੇ ਸਾਬਕਾ ਮੰਤਰੀ ਸ੍ਰੀ ਸੁਰਜੀਤ ਕੋਹਲੀ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਹੂੰਝਾਫੇਰ ਜਿੱਤ ਦਰਜ ਕਰੇਗਾ। ਉਹਨਾਂ ਕਿਹਾ ਕਿ ਇਸ ਵਾਰ ਫਿਰ ਤੋਂ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਬਣਨੀ ਤੈਅ ਹੈ ਕਿਉਂਕਿ ਵਿਰੋਧੀ ਧਿਰ ਕੋਲ ਅਕਾਲੀ ਦਲ ਦੇ ਖਿਲਾਫ ਕਹਿਣ ਨੂੰ ਕੋਈ ਮੁੱਦਾ ਨਹੀਂ ਹੈ। ਉਹਨਾਂ ਕਿਹਾ ਕਿ ਜੋ ਵਿਕਾਸ ਕਾਰਜ ਪਟਿਆਲਾ ਦਿਹਾਤੀ ਹਲਕੇ ਵਿਚ ਅਸੀਂ ਕਰਵਾਏ ਹਨ, ਉਸਦੀ ਕੋਈ ਬਰਾਬਰੀ ਨਹੀਂ ਮਿਲਦੀ ਤੇ ਵਿਰੋਧੀ ਧਿਰ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਉਹਨਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਨਿਸ਼ਾਨ ਤਕੜੀ ਦਾ ਬਟਨ ਦਬਾ ਕੇ ਤੀਜੀ ਵਾਰ ਸਰਕਾਰ ਬਣਾਉਣ ਦਾ ਸੁਫਨਾ ਸਾਕਾਰ ਕਰਨ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਐਡਵੋਕੇਟ ਖੱਟੜਾ ਨੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

