ਪੰਜਾਬ

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ

ਚੰਡੀਗੜ੍ਹ, 20 ਜਨਵਰੀ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ ਜਿਨ੍ਹਾਂ ਅਨੁਸਾਰ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪੋਲਿੰਗ ਦੇ ਦਿਨ (4 ਫਰਵਰੀ, 2017) ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 5 ਵਜੇ ਤੱਕ ਲਾਗੂ ਰਹੇਗੀ। ਇਸਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਉੱਥੋਂ ਦੇ ਸਬੰਧਤ ਵਿਭਾਗਾਂ ਦੀ ਮਦਦ ਨਾਲ ਯਕੀਨੀ ਬਣਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਕਦਮ ਇਸ ਲਈ ਚੁੱਕੇ ਗਏ ਹਨ ਤਾਂ ਜੋ ਇਨ੍ਹਾਂ ਇਲਾਕਿਆਂ ਤੋਂ ਸ਼ਰਾਬ ਲੈਣ ਤੇ ਲਿਜਾਣ ਨੂੰ ਨੱਥ ਪਾਈ ਜਾ ਸਕੇ।

Leave a Reply

Your email address will not be published. Required fields are marked *