ਪੰਜਾਬਪਟਿਆਲਾ

ਗਣਤੰਤਰ ਦਿਵਸ ਦੇਸ਼ ਵਾਸੀਆਂ ਲਈ ਗੌਰਵ ਦਾ ਪ੍ਰਤੀਕ: ਢੀਂਡਸਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸੁਤੰਤਰਤਾ ਸੈਨਾਨੀ ਪਰਿਵਾਰਾਂ ਅਤੇ ਖਿਡਾਰੀ ਵਿਦਿਆਰਥੀਆਂ ਦਾ ਕੀਤਾ ਸਨਮਾਨ
ਫਤਹਿਗੜ੍ਹ ਸਾਹਿਬ, 26 ਜਨਵਰੀ (ਮਧੂਸਾਰ ਬਿਊਰੋ)
26 ਜਨਵਰੀ ਦਾ ਦਿਨ ਸਮੁੱਚੇ ਦੇਸ਼ ਵਾਸੀਆਂ ਲਈ ਗੌਰਵ ਦਾ ਦਿਨ ਹੈ, ਕਿਉਕਿ ਲੱਖਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਨੇ ਦੇਸ਼ ਨੂੰ ਆਜਾਦ ਕਰਵਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਅਤੇ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਜਿਸ ਵਿੱਚ ਹਰੇਕ ਭਾਰਤੀ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ।

ਇਸ ਲਈ ਸਾਡਾ ਸਾਰਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਇਸ ਮਹਾਨ ਦਿਨ ‘ਤੇ ਉਹਨਾਂ ਬਹਾਦਰ ਯੋਧਿਆਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰੀਏ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਮਾਤਾ ਗੁਜਰੀ ਕਾਲਜ ਵਿਖੇ 68ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਕੀਤੇ ਗਏੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬੀਆਂ ਦੇ ਨਾਂ ਦਿੱਤੇ ਸੰਦੇਸ਼ ਵਿੱਚ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਬਹਾਦਰ ਯੋਧਿਆਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ 80 ਫੀਸਦੀ ਕੁਰਬਾਨੀਆਂ ਕੀਤੀਆਂ ਹਨ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ। ਉਹਨਾਂ ਕਿਹਾ ਆਜ਼ਾਦੀ ਦੀ ਪ੍ਰਾਪਤੀ ਲਈ ਲੰਮੇ ਚੱਲੇ ਸੰਘਰਸ਼ ਵਿੱਚ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਲਹਿਰ ਵਰਗੀਆਂ ਅਨੇਕਾਂ ਲਹਿਰਾਂ ਨੇ ਵਿਦੇਸ਼ੀ ਹਾਕਮਾਂ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ। ਉਹਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦੀਆਂ ਕੁਰਬਾਨੀਆਂ ਦਾ ਵਿਸੇਸ਼ ਤੌਰ ‘ਤੇ ਜ਼ਿਕਰ ਕੀਤਾ।
ਸ: ਢੀਂਡਸਾ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ 18 ਸਾਲ ਤੋ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਜਿਸ ਦੀ ਵਰਤੋ ਕਰਕੇ ਅਸੀ ਇੱਕ ਸੁਰੱਖਿਅਤ ਭਵਿੱਖ ਦਾ ਨਿਰਮਾਣ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਸੰਵਿਧਾਨ ਵਿੱਚ ਮਿਲੇ ਵੋਟ ਪਾਉਣ ਦੇ ਅਧਿਕਾਰ ਤੋ ਕਦੇ ਵੀ ਅਵੇਸਲੇ ਨਹੀ ਹੋਣਾ ਚਾਹੀਦਾ ਕਿਉਕਿ ਵੋਟ ਬਣਾਉਣਾ ਜਿੱਥੇ ਹਰੇਕ ਨਾਗਰਿਕ ਦਾ ਸੰਵਿਧਾਨਿਕ ਫਰਜ਼ ਹੈ ਉੱਥੇ ਹੀ ਵੋਟ ਦੀ ਸਹੀ ਵਰਤੋਂ ਸਾਡੀ ਸਮਾਜਿਕ ਜ਼ਿੰਮੇਵਾਰੀ ਵੀ ਬਣਦੀ ਹੈ। ਉਹਨਾਂ ਇਹ ਵੀ ਕਿਹਾ ਕਿ ਵੋਟ ਦਾ ਸਹੀ ਇਸਤੇਮਾਲ ਕਰਕੇ ਅਸੀ ਆਪਣੇ ਸ਼ਹੀਦਾ ਵੱਲੋ ਲਏ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਾਂ। ਇਸ ਲਈ ਭਵਿੱਖ ਦੀ ਸਰਕਾਰ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ।
ਵਿੱਤ ਮੰਤਰੀ ਨੇ ਇਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਖੇਡਾਂ ਤੇ ਸਭਿਆਚਾਰਕ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ ਤੌਰ ‘ਤੇ ਸਨਮਾਨ ਵੀ ਕੀਤਾ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਲਈ 27 ਜਨਵਰੀ ਦੀ ਛੁੱਟੀ ਦਾ ਐਲਾਨ ਵੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਜੀਵ ਬੇਰੀ, ਵਿਧਾਨ ਸਭਾ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ੍ਰੀ ਰਾਜੇਂਦਰਾ ਚਾਂਦੇਕਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਪ੍ਰਸ਼ਾਂਤ ਵਰਮਾ, ਐਸ.ਪੀ. (ਐਚ) ਸ੍ਰੀ ਸ਼ਰਨਜੀਤ ਸਿੰਘ, ਐਸ.ਪੀ. (ਡੀ) ਸ੍ਰੀ ਦਲਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਬਲਾਕ ਸੰਮਤੀ ਸਰਹਿੰਦ ਦੇ ਚੇਅਰਮੈਨ ਸ. ਦਵਿੰਦਰ ਸਿੰਘ ਬਹਿਲੋਲਪੁਰ, ਵਧੀਕ ਡਿਪਟੀ ਕਮਿਸ਼ਨਰ ਸ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗੁਰਿੰਦਰ ਸਿੰਘ ਸੋਢੀ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ੍ਰੀ ਨਵਰਾਜ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਟਰਾਂਸਪੋਰਟ ਅਫਸਰ ਸ੍ਰੀ ਪਰਮਜੀਤ ਸਿੰਘ, ਰੋਜਾ ਸ਼ਰੀਫ ਦੇ ਖਲੀਫਾ ਸਯੱਦ ਸਾਦਿਕ ਰਜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਵਿਦਿਆਰਥੀ, ਅਧਿਆਪਕ ਤੇ ਸ਼ਹਿਰੀਆਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *