ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ 27 ਜਨਵਰੀ ( ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਸਿੱਖ ਇਤਿਹਾਸ ਲਾਸਾਨੀ ਸ਼ਹਾਦਤਾਂ ਦੀਆਂ ਗਾਥਾਵਾਂ ਨਾਲ ਭਰਿਆ ਪਿਆ ਹੈ। ਅਨਿਆਂ ਦੇ ਵਿਰੁੱਧ ਲੜਦਿਆਂ ਅਤੇ ਦੇਸ਼ ਕੌਮ ਦੀ ਰਾਖੀ ਕਰਦਿਆਂ ਸਾਡੇ ਗੁਰੂ ਸਾਹਿਬਾਨ ਅਤੇ ਸਿੱਖਾਂ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਬਾਬਾ ਦੀਪ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਸ ਮਹਾਨ ਸੂਰਬੀਰ ਤੇ ਨਿਧੜਕ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਇਹ ਨਗਰ ਕੀਰਤਨ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਇਆ।
ਨਗਰ ਕੀਰਤਨ ਵਿੱਚ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿਜੀ ਸਹਾਇਕ), ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ. ਸਿਮਰਜੀਤ ਸਿੰਘ ਕੰਗ ਮੀਤ ਸਕੱਤਰ, ਸ. ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਟ, ਸ. ਬਘੇਲ ਸਿੰਘ, ਸ. ਸੁਖਬੀਰ ਸਿੰਘ ਤੇ ਸ. ਸਤਨਾਮ ਸਿੰਘ ਐਡੀਸ਼ਨਲ ਮੈਨੇਜਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਤੋਂ ਇਲਾਵਾ ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ, ਵੱਖ-ਵੱਖ ਗੱਤਕਾ ਪਾਰਟੀਆਂ, ਧਾਰਮਿਕ ਜਥੇਬੰਦੀਆਂ ਤੇ ਵੱਡੀ ਗਿਣਤੀ ਵਿੱਚ ‘ਸਤਿਨਾਮੁ-ਵਾਹਿਗੁਰੂ’ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਹੋਈ।ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਵੇਰੇ 9:00 ਵਜੇ ਅੰਮ੍ਰਿਤ ਸੰਚਾਰ ਹੋਇਆ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਾਮ 4:00 ਵਜੇ ਤੱਕ ਢਾਡੀ ਤੇ ਕਵੀ ਦਰਬਾਰ ਹੋਵੇਗਾ। ਉਪਰੰਤ ਧਾਰਮਿਕ ਸਮਾਗਮ ‘ਚ ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਸਤਿੰਦਰਪਾਲ ਸਿੰਘ ਜਗਾਧਰੀ, ਭਾਈ ਹਰਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਬੀਰ-ਰਸੀ ਵਾਰਾਂ, ਕਥਾ ਵਿਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।

