ਬੀਰ ਦਵਿੰਦਰ ਸਿੰਘ ਨੇ ਡਾ. ਬਲਬੀਰ ਸਿੰਘ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ
ਕੈਪਟਨ ਦੀਆਂ ਨੀਤੀਆਂ ਤੋਂ ਦੁਖੀ ਕਾਂਗਰਸੀ ਆਗੂ ਜੁੜ ਰਹੇ ਨੇ ‘ਆਪ’ ਨਾਲ : ਡਾ. ਬਲਬੀਰ ਸਿੰਘ
ਪਟਿਆਲਾ, 30 ਜਨਵਰੀ, (ਕੰਵਰ ਬੇਦੀ/ਮਧੂਸਾਰ ਬਿਊਰੋ)
ਹਲਕਾ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਝਟਕਾ ਦਿੰਦਿਆਂ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬੀਰਦਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੀ ਹਲਕੇ ਵਿਚ ਪਹਿਲਾਂ ਹੀ ਮਜ਼ਬੂਤ ਸਥਿਤੀ ਹੋਰ ਬਲ ਮਿਲਿਆ। ਡਾ. ਬਲਬੀਰ ਸਿੰਘ ਦੁਆਰਾ ਰੱਖੀ ਇਕ ਪ੍ਰੈਸ ਮਿਲਣੀ ਦੌਰਾਨ ਬੀਰ ਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਬੀਰ ਦਵਿੰਦਰ ਸਿੰਘਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਵਿਚ ਭ੍ਰਿਸ਼ਟਾਚਾਰੀਆਂ ਦੀ ਭਰਮਾਰ ਹੈ ਅਤੇ ਚੰਗੇ ਇਨਸਾਨ ਪਾਰਟੀ ਵਿਚ ਘੁਟਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਰਦਵਿੰਦਰ ਸਿੰਘ ਦੀਆਂ ਭਾਵਨਾਵਾਂ ਦਾ ਪਾਰਟੀ ਸਨਮਾਨ ਕਰਦੀ ਹੈ ਤੇ ਜਿਸ ਭਰੋਸੇ ਨਾਲ ਬੀਰਦਵਿੰਦਰ ਸਿੰਘ ਵਲੋਂ ਉਨ੍ਹਾਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਗਿਆ ਹੈ ਉਹ ਉਸ ‘ਤੇ ਪੂਰਾ ਉਤਰਨਗੇ।
ਪੱਤਰਕਾਰਾਂ ਨੇ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਆਪਣੇ ਆਪਣੇ ਰਾਜ ਦੌਰਾਨ ਰੱਜ ਕੇ ਲੋਕਾਂ ਦੀ ਲੁੱਟ ਕੀਤੀ ਹੈ। ਕਾਂਗਰਸ ਤੇ ਅਕਾਲੀ ਇਕੋ ਸਿੱਕੇ ਦੇ ਦੋ ਪਹਿਲੂ ਬਣ ਕੇ ਪੰਜਾਬ ਨੂੰ ਤਬਾਹ ਕਰਨ ‘ਤੇ ਲੱਗੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਦੇ ਤਾਨਾਂਸ਼ਾਹੀ ਰਵੱਈਏ ਅਤੇ ਲੋਕ ਮਾਰੂ ਨੀਤੀਆਂ ਕਾਰਨ ਪਾਰਟੀ ਵਿਚ ਬੀਰ ਦਵਿੰਦਰ ਸਿੰਘ ਵਰਗੇ ਇਨਸਾਨ ਆਪਣੇ ਜ਼ਮੀਰ ਦੀ ਆਵਾਜ਼ ਸੁਣਦਿਆਂ ਕਾਂਗਰਸ ਨੂੰ ਤਿਲਾਂਜਲੀ ਦੇ ਕੇ ਆਮ ਆਦਮੀ ਪਾਰਟੀ ਦੀ ਹਮਾਇਤ ਕਰ ਰਹੇ ਹਨ। ਡਾ. ਸਿੰਘ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸੱਤਾ ਵਿਚ ਆਉਣ ਤੋਂ ਬਾਅਦ ਚਾਰ ਸਾਲਾਂ ਦਾ ਸਮਾਂ ਭ੍ਰਿਸ਼ਟਾਚਾਰ ਰਾਹੀਂ ਆਪਣੀਆਂ ਤਿਜੋਰੀਆਂ ਭਰਨ ਵਿਚ ਲਗਾਉਂਦੇ ਹਨ। ਇਸ ਮੌਕੇ ਲੋਕ ਦੋਵੇਂ ਪਾਰਟੀਆਂ ਦੇ ਲੁਕਵੇਂ ਏਜੰਡੇ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਨਾਲ ਮਿਲੀ ਭੁਗਤ ਕਰਕੇ ਕੈਪਟਨ ਅਮਰਿੰਦਰ ਸਿੰਘ ਭ੍ਰਿਸ਼ਟਾਚਾਰ ਦੇ ਕੇਸ ਵਿਚੋਂ ਆਪਣੇ ਆਪ ਨੂੰ ਬਚਾਉਣਾ ਚਾਹੁੰਦੇ ਹਨ ਤੇ ਅੰਦਰ-ਖਾਤੇ ਇਕ ਹੋ ਕੇ ਚੋਣਾਂ ਲੜ ਰਹੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਨੇ ਸਿਆਸੀ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਹੱਥ ਮਿਲਾ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਦੀ ਸਰਕਾਰ ਵੇਲੇ ਬਾਦਲ ਪਰਿਵਾਰ ਨੂੰ ਵੱਡੇ ਭ੍ਰਿਸ਼ਟਾਚਾਰ ਕਰਨ ਦੀ ਜਾਚ ਸਿਖਾਈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਤੀਜੀ ਧਿਰ ਵਜੋਂ ਉਭਰੀ ਆਮ ਆਦਮੀ ਪਾਰਟੀ ਇਸ ਵੇਲੇ ਵੱਖ ਵੱਖ ਚੋਣ ਸਰਵੇਖਣਾਂ ਰਾਹੀਂ ਪਹਿਲੇ ਨੰਬਰ ‘ਤੇ ਆ ਖੜ੍ਹੀ ਹੈ। ਆਮ ਆਦਮੀ ਪਾਰਟੀ ਇਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਦੇ ਸਮਰੱਥ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਆਪ ਦੀ ਸਰਕਾਰ ਬਣਨ ‘ਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਦਰਜ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਸੀਬੀਆਈ ਨੂੰ ਸੌਂਪਿਆ ਜਾਵੇਗਾ। ਇਸ ਮੌਕੇ ਬੀਰਦਵਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਉਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਤੇ ਵਿਧਾਨ ਸਭਾ ਚੋਂ ਗੈਰ ਹਾਜ਼ਰ ਰਹਿ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਇਕ ਆਦਤਨ ਭਗੌੜਾ ਹੈ। ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦੀ ਗੱਲ ਬਾਅਦ ਵਿਚ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਮੋਤੀ ਮਹਿਲ ਵਿਚੋਂ ਨਸ਼ਾ ਖਤਮ ਕਰੇ।ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬਾਦਲਾਂ ਅਤੇ ਕੈਪਟਨ ਦੇ ਆਪਸੀ ਸਬੰਧਾਂ ਨੂੰ ਜਗ ਜ਼ਾਹਰ ਕੀਤਾ ਜਾਵੇ।
ਇਸ ਤੋਂ ਇਲਾਵਾ ਪ੍ਰੈਸ ਕਾਨਫਰੰਸ ਦੌਰਾਨ ਐਸ ਸੀ ਵਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਸਰਵਜੀਤ ਚੋਪੜਾ, ਰਵਿੰਦਰ ਕੌਰ ਸਿੱਧੂ, ਗੁਰਿੰਦਰਬੀਰ ਸਿੰਘ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

