ਪੰਜਾਬਪਟਿਆਲਾ

ਹੁਕਮਨਾਮਿਆਂ ਦੀ ਉਲੰਘਣਾ ਦੀ ਪੜਤਾਲ ਕਰਨ ਸਬੰਧੀ ਤਿੰਨ ਮੈਂਬਰੀ ਕਮੇਟੀ ਗਠਿਤ: ਪ੍ਰੋ. ਬਡੂੰਗਰ

ਪਟਿਆਲਾ 6 ਫਰਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਰਾਜਨੀਤਿਕ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਜਾਰੀ ਡੇਰਿਆਂ ਸਬੰਧੀ ਹੁਕਮਨਾਮਿਆਂ ਦੀ ਉਲੰਘਣਾ ਦੀ ਪੜਤਾਲ ਕਰਨ ਸਬੰਧੀ ਮਿਲੇ ਪੱਤਰ ‘ਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਿੰਨ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਜਿਸ ਵਿਚ ਡੇਰਿਆਂ ਨਾਲ ਸਿੱਖ ਪੰਥ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਾਂਝ ਨਾ ਰੱਖਣ ਦੇ ਆਦੇਸ਼ ਦੀ ਉਲੰਘਣਾ ਕਰਨ ਵਾਲੇ ਸਿੱਖ ਆਗੂਆਂ ਵੱਲੋਂ ਡੇਰਾ ਸਿਰਸਾ ਜਾਣ ਬਾਰੇ ਮੁਕੰਮਲ ਪੜਤਾਲ ਕਰਨ ਸਬੰਧੀ ਪੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ (ਹਰਿਆਣਾ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਅਤੇ ਗੁਰਚਰਨ ਸਿੰਘ ਗਰੇਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਵਿਧਾਨ ਸਭਾ ਚੌਣਾਂ ਵਿਚ ਜਿਹਨਾਂ ਸਿੱਖ ਆਗੂਆਂ ਨੇ ਡੇਰਾ ਸੱਚਾ ਸੌਦਾ ਅਤੇ ਹੋਰ ਅਜਿਹੇ ਡੇਰਿਆਂ ਤੋਂ ਰਾਜਨੀਤਕ ਹਮਾਇਤ ਲੈਣ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਹੈ, ਇਸ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਸੂਚੀ ਸਬੰਧੀ ਤਿੰਨ ਮੈਂਬਰੀ ਕਮੇਟੀ ਪੂਰੀ ਤਰ੍ਹਾਂ ਜਾਂਚ-ਪੜਤਾਲ ਕਰੇਗੀ ਅਤੇ ਇਸ ਦੀ ਰੀਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੇਗੀ। ਉਹਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਮੁਕੰਮਲ ਪੜਤਾਲ ਕਰਕੇ ਰੀਪੋਰਟ ਇਕ ਹਫਤੇ ਅੰਦਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੇਸ਼ ਕਰ ਦਿੱਤੀ ਜਾਵੇਗੀ।

Leave a Reply

Your email address will not be published. Required fields are marked *