ਪੰਜਾਬਪਟਿਆਲਾ

“ਭਾਰਤ ਵਿੱਚ ਸਾਈਬਰ ਸੁਰੱਖਿਆ: ਚੁਣੌਤੀਆਂ ਅਤੇ ਪ੍ਰਤੀਕਿਰਿਆਵਾਂ“ ਵਿਸ਼ੇ ਤੇ ਸੈਮੀਨਾਰ

ਪਟਿਆਲਾ 1 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਅਤੇ ਯੁੱਧ ਨੀਤੀ ਅਧਿਐਨ ਵਿਭਾਗ ਵਲੋਂ “ਭਾਰਤ ਵਿੱਚ ਸਾਈਬਰ ਸੁਰੱਖਿਆ: ਚੁਣੌਤੀਆਂ ਅਤੇ ਪ੍ਰਤੀਕਿਰਿਆਵਾਂ“ ਵਿਸ਼ੇ ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਅੱਜ ਇਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਕੀਤੀ।

ਸਮਾਰੋਹ ਦਾ ਉਦਘਾਟਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲੈਫ.ਜਨ. ਐਨ.ਪੀ.ਐਸ. ਹੀਰਾ ਨੇ ਕੀਤਾ। ਡਾ. ਐਸ.ਡੀ. ਪ੍ਰਧਾਨ, ਸਾਬਕਾ ਡਿਪਟੀ ਡਾਇਰੈਕਟਰ, ਐਨ.ਐਸ.ਏ. ਅਤੇ ਚੇਅਰਮੈਨ, ਜੋਇੰਟ ਇੰਟੈਲੀਜੈਂਸ ਕਮੇਟੀ ਨੇ ਕੁੰਜੀਵਤ ਭਾਸ਼ਣ ਪੇਸ਼ ਕੀਤਾ ਜਦ ਕਿ ਡਾ. ਰਾਕੇਸ਼ ਦੱਤਾ, ਸਾਬਕਾ ਮੈਂਬਰ, ਨੈਸ਼ਨਲ ਸਕਿਓਰਟੀ ਐਡਵਾਈਜ਼ਰੀ ਬੋਰਡ ਨੇ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਜਸਪਾਲ ਸਿੰਘ ਨੇ ਕਿਹਾ ਕਿ ਮਨੁੱਖੀ ਕਦਰਾਂ-ਕੀਮਤਾਂ ਤੋਂ ਵਿਹੂਣੇ ਵਿਗਿਆਨ ਦਾ ਕੋਈ ਮਹੱਤਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੀਨਤਮ ਤਕਨਾਲੋਜੀ ਦਾ ਇਸਤੇਮਾਲ ਮਨੁੱਖਤਾ ਦੀ ਭਲਾਈ ਲਈ ਹੋਣਾ ਚਾਹੀਦਾ ਹੈ ਪਰੰਤੂ ਤਕਨਾਲੋਜੀ ਦਾ ਗਲਤ ਪ੍ਰਯੋਗ ਕਰਕੇ ਮਨੁੱਖ ਅਪਰਾਧਿਕ ਪ੍ਰਵਿਰਤੀਆਂ ਵਿੱਚ ਵਾਧਾ ਕਰ ਰਿਹਾ ਹੈ। ਇਸ ਮੌਕੇ ਤੇ ਡਾ. ਜਸਪਾਲ ਸਿੰਘ ਵਲੋਂ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਨਿਵਾਜਿਆ ਗਿਆ।
ਲੈਫ.ਜਨ. ਐਨ.ਪੀ.ਐਸ. ਹੀਰਾ ਨੇ ਉਦਘਾਟਨੀ ਸ਼ਬਦਾਂ ਵਿੱਚ ਪ੍ਰਾਈਵੇਟ ਅਤੇ ਪਬਲਿਕ ਸੈਕਟਰ ਵਿੱਚ ਸਾਈਬਰ ਸੁਰੱਖਿਆ ਮੁਹੱਈਆ ਕਰਵਾਉਣ ਵਿੱਚ ਸਰਕਾਰ ਦੀ ਭੂਮਿਕਾ ਦੇ ਮਹੱਤਵ ਦਾ ਜ਼ਿਕਰ ਕੀਤਾ। ਕੁੰਜੀਵਤ ਭਾਸ਼ਣ ਦਿੰਦਿਆਂ ਡਾ. ਐਸ.ਡੀ. ਪ੍ਰਧਾਨ ਨੇ ਸਾਈਬਰ ਅਪਰਾਧਾਂ ਦੀ ਰੋਕਥਾਮ ਦੇ ਰਸਤੇ ਵਿੱਚ ਆਉਂਦੀਆਂ ਸੁਰੱਖਿਆ ਅੜਚਣਾਂ ਅਤੇ ਸਾਈਬਰ ਸੁਰੱਖਿਆ ਧਮਕੀਆਂ ਨੂੰ ਨਜਿੱਠਣ ਲਈ ਸਾਜ਼ੋ-ਸਾਮਾਨ ਦੀ ਘਾਟ ਤੇ ਆਪਣੇ ਵਿਚਾਰ ਰੱਖੇ। ਡਾ. ਰਾਕੇਸ਼ ਦੱਤਾ ਨੇ ਸਾਈਬਰ ਨੂੰ ਇੱਕ ਅੰਤਰ-ਰਾਸ਼ਟਰੀ ਮੁੱਦਾ ਦੱਸਦਿਆਂ ਕਿਹਾ ਕਿ ਵਿਸ਼ਵੀ ਪੱਧਰ ਤੇ ਸਾਈਬਰ ਹਥਿਆਰ ਚੁੱਪ-ਚੁਪੀਤੇ ਕੀਤੇ ਜਾ ਰਹੇ ਯੁੱਧ ਦਾ ਮੂਲ ਕਾਰਨ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਦੇ ਖੇਤਰ ਵਿਚ ਸਹੀ ਨਿਵੇਸ਼ ਉੱਤੇ ਜ਼ੋਰ ਸਾਈਬਰ ਅਪਰਾਧ ਦੇ ਖਤਰੇ ਨੂੰ ਘੱਟ ਕਰਨ ਵਿੱਚ ਸਹਾਈ ਹੋਵੇਗਾ।
ਇਸ ਤੋਂ ਪਹਿਲਾਂ ਵਿਭਾਗ ਦੇ ਮੁਖੀ ਡਾ. ਇੰਦਰਜੀਤ ਸਿੰਘ ਚਹਿਲ ਨੇ ਆਏ ਮਹਿਮਾਨਾਂ ਅਤੇ ਡੈਲੀਗੇਟਾਂ ਦਾ ਸੁਆਗਤ ਕਰਦਿਆਂ ਸੈਮੀਨਾਰ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਦੇਵਿੰਦਰ ਸਿੰਘ ਨੇ ਆਏ ਮਹਿਮਾਨਾਂ ਲਈ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਜ਼ਿੰਦਗੀ ਦੇ ਹਰ ਖੇਤਰ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਣ ਵਿਸ਼ਾ ਹੈ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਸਾਈਬਰ ਅਪਰਾਧਾਂ ਵਿੱਚ ਵਾਧਾ ਹੋਣ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *