ਸ਼੍ਰੋਮਣੀ ਕਮੇਟੀ ਗੁਰਤਾਗੱਦੀ ਦਿਵਸ 26 ਮਾਰਚ ਨੂੰ ਵਾਤਾਵਰਣ ਦਿਵਸ ਵਜੋਂ ਮਨਾਵੇਗੀ: ਪ੍ਰੋ. ਬਡੂੰਗਰ
ਡੈੱਫ਼ ਦੇ ਪ੍ਰਬੰਧਕ ਅਤੇ ਕ੍ਰਿਕਟ ਫਡਰੈਸ਼ਨ ਪੰਜਾਬ ਦਾ ਵਫਦ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਮਿਲਿਆ
ਪਟਿਆਲਾ 2 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ)
ਭਾਈ ਨਿਗਾਹੀਆਂ ਸਿੰਘ ਖ਼ਾਲਸਾ ਪਬਲਿਕ ਸਕੂਲ ਫਾਰ ਡੈੱਫ਼ ਦੇ ਪ੍ਰਬੰਧਕ ਅਤੇ ਡੈੱਫ਼ ਕ੍ਰਿਕਟ ਫਡਰੈਸ਼ਨ ਪੰਜਾਬ ਦਾ ਵਫਦ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਹੁੰਚਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਡੈੱਫ਼ ਸਕੂਲ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਪਦਮ ਪਾਸੀ ਅਤੇ ਹੈਪੀ ਪਾਸੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਦੁਆਰਾ ਚਲਾਏ ਜਾ ਰਹੇ ਡੈੱਫ਼ ਸਕੂਲ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਰਾਹੀਂ ਪੜਾਈ ਕਰਵਾਈ ਜਾ ਰਹੀ ਹੈ। ਇਸ ਸੰਸਥਾ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਹਰ ਪੱਖੋਂ ਜਾਣੂੰ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਹਾਨ ਸਿਧਾਂਤ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਵਿਦਿਅਕ ਅਦਾਰਿਆਂ ਵਿਚ ਸ੍ਰੀ ਗੁਰੂ ਹਰਿ ਰਾਇ ਜੀ ਦਾ ਗੁਰਤਾਗੱਦੀ ਦਿਵਸ 26 ਮਾਰਚ ਨੂੰ ਵਾਤਾਵਰਣ ਦਿਵਸ ਦੇ ਤੌਰ ‘ਤੇ ਮਨਾ ਰਹੀ ਹੈ।ਉਹਨਾਂ ਕਿਹਾ ਕਿ ਧਰਮ ਪ੍ਰਚਾਰ ਅਤੇ ਪ੍ਰਸਾਰ ਤੋਂ ਇਲਾਵਾ ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ ਵਿਚ ਸੈਮੀਨਾਰ ਕਰਵਾਏ ਜਾਣਗੇ ਅਤੇ ਸਾਰੇ ਵਿਦਿਅਕ ਅਦਾਰਿਆਂ ਵਿਚ ਬੂਟੇ ਵੀ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪ੍ਰੋ. ਬਡੂੰਗਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਥਕ ਕਾਰਜਾਂ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਵਾਤਾਵਰਣ ਪ੍ਰੇਮੀ, ਪੰਥਕ ਸੰਸਥਾਵਾ, ਸਮਾਜਿਕ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਵੀ ਵੱਡੀ ਗਿਣਤੀ ਵਿਚ ਭਰਪੂਰ ਸਹਿਯੋਗ ਦੇਣਗੀਆਂ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜਾਈ ਕਰਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਜੋ ਲਾ-ਇਲਾਜ ਬਿਮਾਰੀ ਤੋਂ ਪੀੜਤ ਹਨ, ਉਹਨਾਂ ਦੀਆਂ ਫੀਸਾਂ ਵਿਚ ਰਾਹਤ ਦਿਤੀ ਜਾਵੇਗੀ। ਉਹਨਾਂ ਕਿਹਾ ਕਿ ਕੈਂਸਰ ਪੀੜਤ ਮਰੀਜਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 20 ਹਜ਼ਾਰ ਰੁਪਏ ਮਦੱਦ ਕਰ ਰਹੀ ਹੈ।

