ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ ਇਨਾਮ ਵੰਡ ਸਮਾਗਮ 18 ਨੂੰ
ਪਟਿਆਲਾ 16 ਮਾਰਚ (ਮਧੂਸਾਰ ਬਿਊਰੋ)
ਪੰਜਾਬ ਪੀਪਲ ਵੈਲਫੇਅਰ ਆਰਗੇਨਾਈਜ਼ੇਸ਼ਨ (ਪੀ.ਪੀ.ਓ.) ਵੱਲੋਂ ਪੰਜਾਬ ਭਰ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਕਰਵਾਈਆਂ ਗਈਆਂ ਹਨ ਅਤੇ ਇਨ੍ਹਾਂ ਪ੍ਰੀਖਿਆਵਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਿਖੇ 18 ਮਾਰਚ ਸ਼ਨੀਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਇਨਾਮ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਤੇ ਹਰਿਆਣਾ ਦੇ ਸਾਬਕਾ ਜੱਜ ਜਸਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਪੰਜਾਬੀ ਕਾਨਫ਼ਰੰਸ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ਨੇ ਦੱਸਿਆ ਕਿ ਇਸ ਵਿਚ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕ ਅਤੇ ਪ੍ਰਿੰਸੀਪਲ ਭਾਗ ਲੈਣਗੇ, ਕਿਉਂਕਿ ਸਮਾਜ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ਅਧਿਆਪਕ ਵਰਗ ਹੀ ਵੱਡਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ‘ਨੈਤਿਕਤਾ ਜੀਵਨ ਵਿਚ’ ਪੁਸਤਕ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਪੁਸਤਕ ਦੇ ਆਧਾਰ ‘ਤੇ ਪੰਜਾਬ ਦੇ ਲਗਭਗ 26 ਸਕੂਲਾਂ ਕਾਲਜਾਂ ਵਿਚ ਵਿਦਿਆਰਥੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਕਰਵਾਈਆਂ ਗਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਵਿਚ ਹਰ ਸਕੂਲ ਕਾਲਜ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਪ੍ਰੀਖਿਆਵਾਂ ਦੇ ਕੋਆਰਡੀਨੇਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸ੍ਰੀ ਅਜਾਇਬ ਸਿੰਘ ਚੱਠਾ ਵੱਲੋਂ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਇਆ ਜਾ ਰਿਹਾ ਇਹ ਸਮਾਗਮ ਪੰਜਾਬ ਪੀਪਲਜ਼ ਆਰਗੇਨਾਈਜ਼ੇਸ਼ਨ (ਪੀ.ਪੀ.ਓ.) ਅਤੇ ਨਾਰਥ ਜ਼ੋਨ ਕਲਚਰਲ ਸੈਂਟਰ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਜਾ ਰਿਹਾ ਹੈ। ਕਾਰਜਕਾਰੀ ਮੈਂਬਰ ਅਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਕੇਵਲ 253 ਸੀਟਾਂ ਦਾ ਹੀ ਪ੍ਰਬੰਧ ਕੀਤਾ ਗਿਆ ਹੈ।

