ਮੰਤਰੀ ਮੰਡਲ ਵੱਲੋਂ ਸੂਬੇ ‘ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦਾ ਫੈਸਲਾ
ਚੰਡੀਗੜ੍ਹ 18 ਮਾਰਚ (ਮਧੂਸਾਰ ਬਿਊਰੋ)
ਸੂਬੇ ਵਿੱਚ ਨਸ਼ਿਆਂ ਵਿਰੁੱਧ ਤਿੱਖੀ ਮੁਹਿੰਮ ਸ਼ੁਰੂ ਕਰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਮੁੱਖ ਮੰਤਰੀ ਦਫਤਰ ਵਿੱਚ ਇਕ ਵਿਸ਼ੇਸ ਟਾਸਕ ਫੋਰਸ (ਐਸ.ਟੀ.ਐਫ) ਬਣਾਉਣ ਦਾ ਫੈਸਲਾ ਕੀਤਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਇਕ ਵਿਆਪਕ ਪ੍ਰੋਗਰਾਮ ਤਿਆਰ ਕਰੇਗੀ ਅਤੇ ਇਸ ਪ੍ਰੋਗਰਾਮ ਨੂੰ ਲਾਗੂ ਕਰੇਗੀ। ਨਸ਼ਿਆਂ ਨੂੰ ਸੂਬੇ ਵਿੱਚੋਂ ਜੜ੍ਹੋਂ ਪੁੱਟਣ ਦਾ ਵਾਅਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤਾ ਸੀ।
ਮੰਤਰੀ ਮੰਡਲ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਦੀ ਕੁਰਕੀ ਕਰਨ ਦੇ ਲਈ ਗ੍ਰਹਿ ਵਿਭਾਗ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਇਕ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਲਈ ਨਿਰਦੇਸ਼ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਰਡੀਨੈਂਸ ਦੇ ਰਾਹੀਂ ਡਰੱਗ ਡੀਲਰਜ਼ ਪ੍ਰੋਪਰਟੀ ਐਕਟ ਅਮਲ ਵਿੱਚ ਲਿਆਂਦਾ ਸਾ ਸਕੇ। ਇਹ ਪ੍ਰਸਤਾਵਿਤ ਕਾਨੂੰਨ ਨਸ਼ਾ ਤਸਕਰਾਂ ਦੀ ਜਾਇਦਾਦ ਅਤੇ ਸੰਪਤੀ ਦੀ ਕੁਰਕੀ ਕਰਨ ਲਈ ਰਾਹ ਪੱਧਰਾ ਕਰੇਗਾ।
ਪੰਜਾਬ ਭਵਨ ਵਿੱਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਮੰਤਰੀ ਮੰਡਲ ਦੀ ਹੋਈ ਪਹਿਲੀ ਮੀਟਿੰਗ ਵਿੱਚ ਨਸ਼ਿਆਂ ਨੂੰ ਪਹਿਲ ਦੇ ਆਧਾਰ ‘ਤੇ ਸੂਬੇ ਵਿੱਚੋਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ।
ਇਹ ਵਿਸ਼ੇਸ਼ ਟਾਸਕ ਫੋਰਸ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਖਪਤ ਨੂੰ ਰੋਕਣ ਲਈ ਚੁੱਕੇ ਗਏ ਅਤੇ ਚੁੱਕੇ ਜਾਣ ਵਾਲੇ ਕਦਮਾਂ ਉਤੇ ਰੋਜ਼ਮਰਾਂ ਦੇ ਆਧਾਰ ਉੱਤੇ ਨਿਗਰਾਨੀ ਰੱਖੇਗੀ। ਸੂਬੇ ਵਿੱਚ ਵੱਡੀ ਪੱਧਰ ਉੱਤੇ ਨਸ਼ਿਆਂ ਖਾਸਕਰ ਚਿੱਟੇ ਦੇ ਵਪਾਰ ਅਤੇ ਖਪਤ ਦੇ ਸਬੰਧ ਵਿੱਚ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੰਤਰੀ ਮੰਡਲ ਨੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਤਿੱਖੀ ਮੁਹਿੰਮ ਸ਼ੁਰੂ ਕਰਨ ਅਤੇ ਨਸ਼ੇ ਵਿੱਚ ਫਸੇ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਦਾ ਫੈਸਲਾ ਕੀਤਾ ਹੈ ਕਿਉਂਕਿ ਚਿੱਟੇ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਦਿੱਤਾ ਹੈ।
ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜਾ ਵੀ ਵਿਅਕਤੀ ਆਪਣੇ ਆਪ ਨੂੰ ਜ਼ਿਲ੍ਹਾ ਨਸ਼ਾ ਛਡਾਊ ਕੇਂਦਰ ਵਿੱਚ ਰਜਿਸਟਰ ਕਰਵਾਏਗਾ ਉਸ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਉਸ ਵਿਰੁੱਧ ਕੋਈ ਕੇਸ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਤਿੱਖੀ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।

