ਦੇਸ਼-ਵਿਦੇਸ਼ਪੰਜਾਬ

ਕੈਪਟਨ ਵੱਲੋਂ ਜੇਤਲੀ ਨਾਲ ਮੁਲਾਕਾਤ : ਪੰਜਾਬ ‘ਚ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰਸਾ

ਵਿੱਤ ਮੰਤਰੀ ਨੇ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ-ਕੈਪਟਨ ਅਮਰਿੰਦਰ ਸਿੰਘ
ਨਵੀਂ ਦਿੱਲੀ, 22 ਮਾਰਚ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ)
ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ।

ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ ‘ਤੇ ਹੋਈ ਇਕ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਭਰੋਸਾ ਦਿਵਾਇਆ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਅਤੇ ਸਮੇਂ ਸਿਰ ਯਕੀਨੀ ਬਣਾਉਣ ਲਈ ਸੂਬੇ ਨੂੰ 20,683 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਤੁਰੰਤ ਜਾਰੀ ਅਤੇ ਅਧਿਕਾਰਤ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਸੀ.ਸੀ.ਐਲ. ਦੀ ਮੰਗ ਸਬੰਧੀ ਪ੍ਰਸਤਾਵ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ ਨੂੰ ਭੇਜਿਆ ਜਾ ਚੁੱਕਾ ਹੈ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦੇ ਸੀਜ਼ਨ ਦੌਰਾਨ 100 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੇ ਜਾਣ ਦੀ ਉਮੀਦ ਹੈ।
ਮੀਟਿੰਗ ਉਪਰੰਤ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਦੱਸਿਆ ਕਿ ਸ੍ਰੀ ਜੇਤਲੀ ਨੇ ਮੁੱਖ ਮੰਤਰੀ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਕਣਕ ਦੀ ਖਰੀਦ ਦੌਰਾਨ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ ਤਾਂ ਕਿ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।
ਮੁੱਖ ਮੰਤਰੀ ਨੇ ਦੁਪਹਿਰ ਦੇ ਖਾਣੇ ਮੌਕੇ ਹੋਈ ਇਸ ਮੀਟਿੰਗ ਨੂੰ ਬਹੁਤ ਹੀ ਸਾਰਥਕ ਦੱਸਦਿਆਂ ਫੌਰੀ ਤੇ ਹਾਂ-ਪੱਖੀ ਹੁੰਗਾਰਾ ਦੇਣ ਲਈ ਵਿੱਚ ਵਿੱਤ ਮੰਤਰੀ ਦਾ ਧੰਨਵਾਦ ਵੀ ਕੀਤਾ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਅਨਾਜ ਭੰਡਾਰ ਵਿੱਚ ਪੰਜਾਬ ਸਭ ਤੋਂ ਵੱਧ ਯੋਗਦਾਨ ਦੇਣ ਵਾਲਾ ਸੂਬਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤੱਕ ਬਕਾਇਆ ਪਈ ਸੀ.ਸੀ.ਐਲ. ਸਮੇਂ ਸਿਰ ਸੂਬੇ ਨੂੰ ਅਧਿਕਾਰਿਤ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਅਪੀਲ ਕੀਤੀ।
ਮੁੱਖ ਮੰਤਰੀ ਨੇ ਬੀਤੇ ਸ਼ਨਿਚਰਵਾਰ ਇਕ ਮੀਟਿੰਗ ਦੌਰਾਨ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਣਕ ਦੀ ਖ਼ਰੀਦ ਸਬੰਧੀ ਪ੍ਰਕ੍ਰਿਆ ‘ਤੇ ਖੁਦ ਨਿਗਰਾਨੀ ਰੱਖਣ ਅਤੇ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ। ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਦੀਆਂ 1800 ਤੋਂ ਵੱਧ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਨੂੰ ਅਮਲੀਜਾਮਾ ਪਹਿਨਾਉਣ ਵਾਸਤੇ ਜੰਗੀ ਪੱਧਰ ‘ਤੇ ਕਾਰਜ ਕੀਤੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਕੋਲ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੀ ਹੈ, ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਪਿਛਲੀ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਅੰਤਮ ਰੂਪ ਦੇਣ ਲਈ ਪ੍ਰਾਪਤ ਕੀਤੇ ਲੇਬਰ ਤੇ ਟਰਾਂਸਪੋਰਟ ਦੇ ਟੈਂਡਰ ਵੀ ਰੱਦ ਕਰ ਦਿੱਤੇ ਸਨ ਅਤੇ ਇਸ ਵਾਸਤੇ ਨਵੇਂ ਸਿਰਿਓਂ ਪਹਿਲਾਂ ਹੀ ਟੈਂਡਰ ਮੰਗ ਲਏ ਗਏ ਹਨ।
ਮੁੱਖ ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਪੰਜਾਬ ਮੰਡੀ ਬੋਰਡ ਨੂੰ ਅਨਾਜ ਮੰਡੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁੱਹਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਿਰਵਿਘਨ ਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਸਮੁੱਚੀ ਪ੍ਰਕ੍ਰਿਆ ਪਾਰਦਰਸ਼ੀ ਬਣਾਉਣ ਲਈ ਨਵੀਂ ਸਰਕਾਰ ਨੇ ਸ਼ਕਤੀਆਂ ਦਾ ਵਿਕੇਂਦਰੀਕਰਨ ਕਰਕੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਹੈ।
ਇਸ ਮੌਕੇ ਸੂਬੇ ਦੇ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਹਾਜ਼ਰ ਸਨ।

Leave a Reply

Your email address will not be published. Required fields are marked *