ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਹਰਿ ਰਾਇ ਜੀ ਦੇ ਗੁਰਤਾਗੱਦੀ ਦਿਵਸ ਵਾਤਾਵਰਣ ਦਿਵਸ ਵਜੋਂ ਮਨਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਵਾਤਾਵਰਣ ਸ਼ੁੱਧਤਾ ਲਹਿਰ ਨੂੰ ਸੰਗਤਾਂ ਸਹਿਯੋਗ ਦੇਣ: ਪ੍ਰੋ. ਬਡੂੰਗਰ
ਪਟਿਆਲਾ 26 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ੍ਰੀ ਗੁਰੂ ਹਰਿ ਰਾਇ ਜੀ ਦੇ ਗੁਰਤਾਗੱਦੀ ਦਿਵਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਣ ਦਿਵਸ ਵਜੋਂ ਮਨਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਸਕੂਲ, ਕਾਲਜਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵਾਤਾਵਰਣ ਦਿਵਸ ਮਨਾਉਣ ਲਈ ਬੂਟੇ ਲਗਾਏ ਗਏ।
ਵਾਤਾਵਰਣ ਦਿਵਸ ਮਨਾਉਣ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ ਬੂਟਾ ਲਗਾਕੇ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੌਗਿਰਦੇ ਨੂੰ ਹੋਰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ 600 ਗਮਲੇ ਸਥਾਪਤ ਕੀਤੇ ਜਿਹਨਾਂ ਵਿਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਾਤਾਵਰਣ ਸ਼ੁੱਧਤਾ ਲਹਿਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਤੋਂ ਸ਼ੁਰੂ ਕੀਤੀ ਗਈ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਅਦਾਰੇ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਲਈ ਉਪਰਾਲੇ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਇਸ ਵਾਤਾਵਰਣ ਲਹਿਰ ਵਿਚ ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਵਾਤਾਵਰਣ ਪ੍ਰੇਮੀ, ਸਮਾਜਿਕ ਸੁਸਾਇਟੀਆਂ, ਪੰਥਕ ਸੰਸਥਾਵਾਂ ਵੀ ਸਹਿਯੋਗ ਦੇਣ ਤਾਂ ਕਿ ਗੁਰੂ ਸਾਹਿਬਾਨਾਂ ਵੱਲੋਂ ਪਾਣੀ ਅਤੇ ਸਾਫ ਵਾਤਾਵਰਣ ਦੇ ਦਿੱਤੇ ਸੰਦੇਸ਼ ‘ਤੇ ਪਹਿਰਾ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਗੁਰਮਤਿ ਦੇ ਪ੍ਰਚਾਰ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ-ਸੁਥਰਾ ਬਣਾਈ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਘਰ ਤੱਕ ਸੰਦੇਸ਼ ਪਹੁੰਚਾਉਣ ਲਈ ਯਤਨ ਕਰੇਗੀ। ਉਹਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਦੀ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਸੈਮੀਨਾਰ ਲਗਾਕੇ ਜਾਣੂ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਵਾਤਾਵਰਣ ਸ਼ੁੱਧਤਾ ਲਹਿਰ ਵਿਚ ਜਗਜੀਤ ਸਿੰਘ ਭਵਾਨੀਗੜ੍ਹ ਅਤੇ ਸੁਖਮਨ ਸਿੱਧੂ ਨੇ ਪੌਦੇ ਦੇਕੇ ਯੋਗਦਾਨ ਪਾਇਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾਗੱਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹਜੂਰੀ ਰਾਗੀ ਭਾਈ ਸੁਖਬੀਰ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਵਿੰਦਰ ਸਿੰਘ ਸੱਭਰਵਾਲ, ਡਾ. ਪਰਮਜੀਤ ਸਿੰਘ ਸਰੋਆ, ਭਗਵੰਤ ਸਿੰਘ ਧੰਗੇੜਾ ਮੈਨੇਜਰ, ਚੇਅਰਮੈਨ ਨਿਰਦੇਵ ਸਿੰਘ ਆਕੜੀ, ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।

