ਪਟਿਆਲਾ

ਸਮਾਣਾ ਹਲਕੇ ‘ਚ ਹੋਈ ਗੜੇਮਾਰੀ ਦਾ ਮਾਮਲਾ ਪ੍ਰਨੀਤ ਕੌਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ‘ਚ ਲਿਆਂਦਾ

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮ. ਨੂੰ ਤੁਰੰਤ ਰਿਪੋਰਟ ਭੇਜਣ ਦੇ ਆਦੇਸ਼
ਪਟਿਆਲਾ, 5 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਸਮਾਣਾ ਦੇ ਕਈ ਇਲਾਕਿਆਂ ਵਿੱਚ ਪਏ ਬੇ-ਮੌਸਮੀ ਮੀਂਹ ਅਤੇ ਹੋਈ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮਾਮਲਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੇ ਧਿਆਨ ਵਿੱਚ ਲਿਆਉਣ ਉਪਰੰਤ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਸਮਾਣਾ ਅਤੇ ਤਹਿਸੀਲਦਾਰ ਸਮਾਣਾ ਨੂੰ ਹਦਾਇਤ ਕੀਤੀ ਹੈ ਕਿ ਉਹ 6 ਅਪਰੈਲ ਸ਼ਾਮ 5.00 ਵਜੇ ਤੱਕ ਇਸ ਬਾਰੇ ਸੂਚਨਾ ਇਕੱਤਰ ਕਰਕੇ ਉਹਨਾਂ ਨੂੰ ਰਿਪੋਰਟ ਪੇਸ਼ ਕਰਨ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ 5 ਅਪ੍ਰੈਲ ਨੂੰ ਪਏ ਬੇ-ਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਹਾੜ੍ਹੀ ਦੀਆਂ ਦੂਸਰੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਤੁਰੰਤ ਐਸ.ਡੀ.ਐਮ ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ ਅਤੇ ਤਹਿਸੀਲਦਾਰ ਸਮਾਣਾ ਨੂੰ ਹਦਾਇਤ ਕੀਤੀ ਹੈ ਕਿ ਉਹ ਪਟਵਾਰੀਆਂ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ 6 ਅਪ੍ਰੈਲ ਸ਼ਾਮ 5.00 ਵਜੇ ਤੱਕ ਉਹਨਾਂ ਨੂੰ ਰਿਪੋਰਟ ਸੌਂਪਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇ ਰਿਪੋਰਟ ਵਿੱਚ ਫ਼ਸਲਾਂ ਦਾ ਨੁਕਸਾਨ ਪਾਇਆ ਗਿਆ ਤਾਂ ਇਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜਾ ਦਿਵਾਉਣ ਲਈ ਕੇਸ ਸਰਕਾਰ ਨੂੰ ਭੇਜਿਆ ਜਾਵੇਗਾ।

Leave a Reply

Your email address will not be published. Required fields are marked *