ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨਾਂ ‘ਚ ਸਿੱਖ ਇਤਿਹਾਸ ਨਾਲ ਸਬੰਧਤ ਬੂਟੇ ਲਗਵਾਏਗੀ
ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਅੱਠ ਕਨਾਲ ‘ਚ ਬੂਟੇ ਲਗਾਉਣ ਦੀ ਯੋਜਨਾ
ਪਟਿਆਲਾ 10 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਚਲਾਈ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ।
ਵੱਖ-ਵੱਖ ਸਕੂਲਾਂ ਕਾਲਜਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਕੰਪਲੈਕਸਾਂ ਵਿਚ ਬੂਟੇ ਲਗਾਏ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਬੂਟਾ ਲਗਾਕੇ ਇਸ ਲੜੀ ਦੀ ਲਹਿਰ ਨੂੰ ਅੱਗੇ ਤੋਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਹਨਾਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਧਰਮ ਦੇ ਪ੍ਰਚਾਰ ਅਤੇ ਸੰਗਤਾਂ ਦੀ ਸੇਵਾ ਲਈ ਲੋੜੀਂਦੇ ਪ੍ਰਬੰਧ ਕਰ ਰਹੀ ਹੈ, ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਲਈ ਵਾਤਾਵਰਣ ਦੀ ਸ਼ੁੱਧਤਾ ਦੀ ਲਹਿਰ ਚਲਾ ਰਹੀ ਹੈ। ਉਹਨਾਂ ਕਿਹਾ ਕਿ ਸਾਫ-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਜਿਥੇ ਸਕੂਲਾਂ/ਕਾਲਜਾਂ ਵਿਚ ਸੈਮੀਨਾਰ ਲਗਾਕੇ ਬੱਚਿਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਹੁਣ ਵੱਧ ਤੋਂ ਵੱਧ ਸਿੱਖ ਇਤਿਹਾਸ ਨਾਲ ਸਬੰਧਤ ਬੂਟੇ ਲਗਾਏ ਜਾਣ ਦੀ ਯੋਜਨਾ ਵੀ ਬਣਾਈ ਗਈ ਹੈ। ਇਸ ਲਹਿਰ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਅਸਥਾਨ ਪਰ ਦਰਖੱਤ ਲਗਾਉਣ ਲਈ ਮਿੱਟੀ ਦੀ ਪਰਖ ਕਰਵਾਈ ਗਈ ਹੈ। ਇਸ ਅਸਥਾਨ ‘ਤੇ ਲਗਭਗ ਅੱਠ ਕਨਾਲ ਰਕਬੇ ਵਿਚ ਸਿੱਖ ਇਤਿਹਾਸ ਨਾਲ ਸਬੰਧਤ ਦਰਖੱਤ ਲਗਾਏ ਜਾਣਗੇ। ਜਿਨ੍ਹਾਂ ਵਿਚ ਅੰਬ, ਰੀਠਾ, ਟਾਹਲੀ, ਬੇਰੀ, ਕਰੀਰ, ਜ਼ਾਮਨ, ਕਿੱਕਰ, ਬੋਹੜ, ਬਰੋਟਾ, ਜੰਡ, ਨਿੰਮ, ਪਿੱਪਲ ਅਤੇ ਗਰਨਾ ਆਦਿ ਦਰਖੱਤ ਲਗਾਏ ਜਾਣਾ ਸ਼ਾਮਲ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨਾਲ ਸਬੰਧਤ ਦਰਖੱਤ ਲਗਾਉਣ ਜਾ ਰਹੀ ਹੈ। ਉਹਨਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਦਰਖੱਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਲਗਾਉਣ ਦੇ ਉਪਰਾਲੇ ਕੀਤੇ ਜਾਣਗੇ ਤਾਂ ਕਿ ਆਮ ਸੰਗਤਾਂ ਨੂੰ ਸਿੱਖ ਇਤਹਾਸ ਨਾਲ ਸਬੰਧਤ ਦਰਖੱਤਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵਾਤਾਵਰਣ ਲਹਿਰ ਤਹਿਤ ਸ਼ੁੱਧਤਾ ਲਈ ਵੱਧ ਤੋਂ ਵੱਧ ਫਲਦਾਰ ਅਤੇ ਛਾਂਦਾਰ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਬੀਬੀ ਪਰਮਜੀਤ ਕੌਰ ਬਜਾਜ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਭਗਵੰਤ ਸਿੰਘ ਧੰਗੇੜਾ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਪ੍ਰਬੰਧਕ ਮੌਜੂਦ ਸਨ।

