ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅਰੰਭ
ਪਟਿਆਲਾ 14 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ ਗਿਆ।
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਹਰ ਸਾਲ ਵਾਂਗ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਲਹਿਲ ਪਟਿਆਲਾ ਤੋਂ 15 ਅਪ੍ਰੈਲ ਨੂੰ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਪ੍ਰਕਾਸ਼ ਦਿਹਾੜੇ ਦੇ ਪ੍ਰੋਗਰਾਮ ਦਾ ਜਾਇਜਾ ਲਿਆ। ਪ੍ਰੋ. ਬਡੂੰਗਰ ਨੇ ਸਮੂੰਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਗੁਰਪੁਰਬ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਉਤਸ਼ਾਹ ਨਾਲ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਣਾਈ ਰੱਖਣ ਲਈ ਸੰਗਤਾਂ ਨੂੰ ਵਿਸੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਾਲਕੀ ਸਾਹਿਬ ਤੋਂ ਸੰਗਤਾਂ ਨੂੰ ਪਿਛੇ ਚੱਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਾਲਕੀ ਸਾਹਿਬ ਤੋਂ ਅੱਗੇ ਸਿਰਫ ਪੰਜ ਪਿਆਰੇ, ਨਿਸ਼ਾਨਚੀ ਅਤੇ ਸਾਫ-ਸਫਾਈ ਕਰਨ ਵਾਲੀਆਂ ਸ਼ਰਧਾਲੂ ਸੰਗਤਾਂ ਹੀ ਰਹਿਣ ਬਾਕੀ ਸਮੂੰਹ ਸੰਗਤ ਪਿਛੇ ਚੱਲਣ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਸਵੇਰੇ 11 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਹੁੰਦਾ ਹੋਇਆ ਸ਼ਾਮ ਨੂੰ ਸੱਤ ਵਜੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਹੁੰਚੇਗਾ। ਉਹਨਾਂ ਕਿਹਾ ਕਿ ਆਉ! ਇਸ ਨਗਰ ਕੀਰਤਨ ਵਿਚ ਸ਼ਾਮਲ ਹੋਕੇ ਗੁਰੂ ਸਾਹਿਬ ਦੀਆਂ ਅਸੀਸਾਂ ਲਈਏ। ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਗਰ ਕੀਰਤਨ ਪਹੁੰਚਣ ਮੌਕੇ ਗੁਰੂ ਜੀ ਦੀਆਂ ਲਾਡਲੀਆਂ ਫੌਜਾਂ ਗੱਤਕੇ ਦੇ ਜੌਹਰ ਵੀ ਵਿਖਾਉਣਗੀਆਂ। ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 16 ਅਪ੍ਰੈਲ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਗੁਰਮਤਿ ਵਿਚਾਰਾਂ, ਕਥਾ, ਕੀਰਤਨ ਰਾਹੀਂ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 16 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਥੇ ਰਾਤ ਦੇ ਦੀਵਾਨਾਂ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸੌਕੀਨ ਸਿੰਘ, ਭਾਈ ਸਤਨਾਮ ਸਿੰਘ, ਭਾਈ ਦਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੰਗਤਾਂ ਨੂੰ ਨਿਹਾਲ ਕਰਨਗੇ। ਜਿਸ ਦਾ ਸਿੱਧਾ ਪ੍ਰਸਾਰਨ ਵੱਖ-ਵੱਖ ਚੈਨਲਾਂ ਰਾਹੀਂ ਸੰਗਤ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ।

