ਜ਼ਿਲ੍ਹੇ ‘ਚ ਨਿਸ਼ਾਨਦੇਹੀ ਦੇ ਮਾਮਲੇ ਝੋਨੇ ਦੀ ਲਵਾਈ ਤੋਂ ਪਹਿਲਾ ਨਿਪਟਾਉਣ ਦੇ ਆਦੇਸ਼
ਪਟਿਆਲਾ 20 ਅਪ੍ਰੈਲ (ਮਧੂਸਾਰ ਬਿਊਰੋ)
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਮਿੰਨੀ ਸਕੱਤਰੇਤ ਵਿੱਖੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ‘ਚ ਨਿਸ਼ਾਨਦੇਹੀ ਦੇ ਸਾਰੇ ਮਾਮਲੇ ਝੋਨੇ ਦੀ ਲਵਾਈ ਤੋਂ ਪਹਿਲਾਂ ਨਿਪਟਾਏ ਜਾਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਅਕਸਰ ਦੇਖਿਆ ਜਾਂਦਾ ਹੈ ਕਿ ਕਿਸਾਨਾਂ ਕੋਲ ਝੋਨੇ ਦੀ ਬਿਜਾਈ ਤੱਕ ਕੁਝ ਸਮਾਂ ਅਜਿਹਾ ਹੁੰਦਾ ਹੈ ਜਦੋਂ ਉਹ ਆਪਣੇ ਹੋਰ ਕੰਮ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸਮੇਂ ਸਬੰਧੀ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ‘ਚ ਕਿਸਾਨਾਂ ਦੇ ਜ਼ਮੀਨ ਦੀ ਨਿਸ਼ਾਨਦੇਹੀ ਵਰਗੇ ਮਾਮਲੇ ਨਿਪਟਾਏ ਜਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਾਰੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਕਿਹਾ ਕਿ ਹਰ ਮਾਮਲੇ ਨੂੰ ਮੌਕੇ ਤੇ ਜਾਂ ਕਿ ਦੋਵਾਂ ਪੱਖਾਂ ਦੀ ਸੁਣਵਾਈ ਕਰਕੇ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕਾਨੂੰਗੋਆਂ ਦੀ ਡਿਊਟੀ ਲਗਾ ਕਿ ਦੱਸਿਆ ਜਾਵੇ ਕੀ ਕਿਸੇ ਵੀ ਮਾਮਲੇ ਵਿੱਚ ਵਿਵਾਦ ਨਹੀਂ ਰਹਿਣਾ ਚਾਹੀਦਾ ਦੋਵਾਂ ਪੱਖਾਂ ਦੀ ਸੁਣਵਾਈ ਕਰਕੇ ਅਤੇ ਮੌਕਾ ਦੇਖ ਕਿ ਪੂਰੀ ਪਾਰਦਰਸ਼ਿਤਾ ਨਾਲ ਫੈਸਲਾ ਲਿਆ ਜਾਵੇ ਤਾਂ ਕਿ ਦੋਵਾਂ ਪੱਖਾਂ ਦੀ ਤਸਲੀ ਹੋ ਸਕੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੰਦੀਪ ਰਿਸ਼ੀ, ਐਸ.ਡੀ.ਐਮ. ਰਾਜਪੁਰਾ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਸ਼ਤਰਾਣਾ ਸ਼੍ਰੀਮਤੀ ਅਨੀਤਾ ਦਰਸ਼ੀ, ਐਸ.ਡੀ.ਐਮ. ਪਟਿਆਲਾ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ, ਐਸ.ਡੀ.ਐਮ. ਦੂਧਣਸਾਧਾਂ ਡਾ. ਸਿਮਰਪ੍ਰੀਤ ਕੌਰ, ਐੋਸ.ਡੀ.ਐਮ. ਨਾਭਾ ਮਿਸ ਜਸ਼ਨਪ੍ਰੀਤ ਕੌਰ ਗਿੱਲ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

