ਆਸਟਰੇਲੀਅਨ ਹਾਈ ਕਮਿਸ਼ਨਰ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ
ਸਮਾਰਟ ਸਿਟੀ, ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਕੀਤੀਆਂ ਵਿਚਾਰਾਂ
ਚੰਡੀਗੜ੍ਹ, 4 ਮਈ (ਮਧੂਸਾਰ ਬਿਊਰੋ)
ਆਸਟਰੇਲੀਅਨ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਵੱਲੋਂ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ। ਇਥੇ ਸੈਕਟਰ-35 ਸਥਿਤ ਸਥਾਨਕ ਸਰਕਾਰਾਂ ਭਵਨ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਆਸਟਰੇਲੀਆ ਤੇ ਪੰਜਾਬ ਵਿਚਾਲੇ ਸਮਾਰਟ ਸਿਟੀ, ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ।
ਮੁਲਾਕਾਤ ਦੌਰਾਨ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਆਸਟਰੇਲੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਸਟਰੇਲੀਆ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਉਥੋਂ ਦੀ ਤਰੱਕੀ ਵਿੱਚ ਬਹੁਤ ਯੋਗਦਾਨ ਪਾ ਰਹੇ ਹਨ। ਇਸ ‘ਤੇ ਆਸਟਰੇਲੀਅਨ ਹਾਈ ਕਮਿਸ਼ਨਰ ਨੇ ਆਸਟਰੇਲੀਆ ਵਿੱਚ ਰਹਿੰਦੇ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਸਟਰੇਲੀਆ ਤੇ ਪੰਜਾਬ ਬਹੁਤ ਸਹਿਯੋਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਆਸਟਰੇਲੀਆ ਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦਾ ਆਪਸੀ ਸਹਿਮਤੀ ਦਾ ਸਮਝੌਤਾ ਹੋਇਆ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਹੁਲਾਰਾ ਮਿਲ ਰਿਹਾ ਹੈ।
ਸ੍ਰੀ ਸਿੱਧੂ ਨੇ ਆਸਟਰੇਲੀਅਨ ਹਾਈ ਕਮਿਸ਼ਨਰ ਨਾਲ ਸਮਰਾਟ ਸਿਟੀ ਪ੍ਰਾਜੈਕਟ ਬਾਰੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਡੇ ਤਿੰਨ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਨੂੰ ਸਮਾਰਟ ਸਿਟੀ ਦੇ ਤੌਰ ‘ਤੇ ਵਿਕਸਤ ਕਰਨ ਦੀ ਯੋਜਨਾ ਹੈ ਅਤੇ ਇਸ ਪ੍ਰਾਜੈਕਟ ਵਿੱਚ ਉਹ ਆਸਟਰੇਲੀਆ ਵੱਲੋਂ ਸਹਿਯੋਗ ਦੀ ਵੀ ਆਸ ਕਰਦੇ ਹਨ ਜਿਸ ‘ਤੇ ਆਸਟਰੇਲੀਅਨ ਹਾਈ ਕਮਿਸ਼ਨਰ ਨੇ ਸਕਰਾਤਮਕ ਹੁੰਗਾਰਾ ਭਰਦਿਆਂ ਇਸ ਸਬੰਧੀ ਖੁਸ਼ੀ ਵੀ ਜ਼ਾਹਰ ਕੀਤੀ। ਇਸ ਮੁਲਾਕਾਤ ਦੌਰਾਨ ਗੈਰ ਰਸਮੀ ਗੱਲਬਾਤ ਕਰਦਿਆਂ ਆਸਟਰੇਲੀਅਨ ਹਾਈ ਕਮਿਸ਼ਨਰ ਨੇ ਸ੍ਰੀ ਸਿੱਧੂ ਅਤੇ ਨਾਲ ਬੈਠੇ ਵਿਧਾਇਕ ਸ੍ਰੀ ਪਰਗਟ ਸਿੰਘ ਵੱਲੋਂ ਕ੍ਰਮਵਾਰ ਕ੍ਰਿਕਟ ਤੇ ਹਾਕੀ ਖੇਡ ਵਿੱਚ ਭਾਰਤ ਲਈ ਪਾਏ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ।
ਇਸ ਮੌਕੇ ਵਿਧਾਇਕ ਸ੍ਰੀ ਪਰਗਟ ਸਿੰਘ, ਡਾ.ਅਮਰ ਸਿੰਘ (ਰਿਟਾ. ਆਈ.ਏ.ਐਸ.) ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ, ਸਕੱਤਰ ਸ੍ਰੀ ਜੇ.ਐਮ.ਬਾਲਾਮੁਰਗੁਨ ਤੇ ਡਾਇਰੈਕਟਰ ਸ੍ਰੀ ਕੇ.ਕੇ.ਯਾਦਵ, ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਤੇ ਡਾਇਰੈਕਟਰ ਡਾ.ਨਵਜੋਤ ਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ।

