ਪੰਜਾਬ

ਸਰਕਾਰ ਵੱਲੋਂ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਬਿਨਾਂ ਪ੍ਰਵਾਨਗੀ ਦੇ ਖੋਲ੍ਹੇ ਪੱਤਰ ਵਿਹਾਰ ਸਟੱਡੀ ਸੈਂਟਰ ਤੁਰੰਤ ਬੰਦ ਕਰਨ ਦੇ ਆਦੇਸ਼

ਉਚੇਰੀ ਸਿੱਖਿਆ ਵਿਭਾਗ ਵੱਲੋਂ ਸੂਮਹ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਪੱਤਰ ਜਾਰੀ
ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਅਜਿਹੇ ਸੈਂਟਰਾਂ ਦੀ ਚੈਕਿੰਗ ਕਰ ਕੇ ਬੰਦ ਕਰਵਾਉਣ ਲਈ ਕਿਹਾ
ਚੰਡੀਗੜ੍ਹ, 23 ਮਈ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਨੇ ਸੂਬੇ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਹੁਕਮ ਜਾਰੀ ਕਰਦਿਆਂ ਬਿਨਾਂ ਪ੍ਰਵਾਨਗੀ ਦੇ ਖੋਲ੍ਹੇ ਪੱਤਰ ਵਿਹਾਰ ਸਟੱਡੀ ਸੈਂਟਰ ਤੁਰੰਤ ਬੰਦ ਕਰਨ ਲਈ ਕਿਹਾ ਹੈ। ਉਚੇਰੀ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸੂਬੇ ਵਿੱਚ ਚੱਲ ਰਹੀਆਂ 16 ਪ੍ਰਾਈਵੇਟ ਯੂਨਵੀਰਸਿਟੀਆਂ ਦੇ ਚਾਂਸਲਰਜ਼ ਨੂੰ ਪੱਤਰ ਜਾਰੀ ਕਰ ਕੇ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਅਜਿਹੇ ਸੈਂਟਰ ਚੱਲ ਰਹੇ ਹਨ ਤਾਂ ਤੁਰੰਤ ਬੰਦ ਕਰ ਦਿੱਤੇ ਜਾਣ, ਨਹੀਂ ਤਾਂ ਵਿਭਾਗ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਉਚੇਰੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਐਕਟ ਅਧੀਨ ਪ੍ਰਾਈਵੇਟ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ, ਉਸ ਐਕਟ ਦੇ ਉਪਬੰਧਾਂ ਅਧੀਨ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਕੋਈ ਵੀ ਯੂਨੀਵਰਸਿਟੀ ਆਗਿਆ ਤੋਂ ਬਿਨਾਂ ਵਿਦਿਆਰਥੀਆਂ ਨੂੰ ਪੱਤਰ ਵਿਹਾਰ (ਸੀ.ਸੀ.) ਰਾਹੀਂ ਸਿੱਖਿਆ ਦੇਣ ਲਈ ਕੈਂਪਸ ਤੋਂ ਬਾਹਰ ਕੋਈ ਸੈਂਟਰ ਖੋਲ੍ਹ ਨਹੀਂ ਸਕਦੀ। ਵਿਭਾਗ ਨੇ ਸਮੂਹ ਯੂਨੀਵਰਸਿਟੀਆਂ ਨੂੰ ਕਿਹਾ ਹੈ ਕਿ ਜੇਕਰ ਬਿਨਾਂ ਪ੍ਰਵਾਨਗੀ ਤੋਂ ਕੋਈ ਪੱਤਰ ਵਿਹਾਰ ਸਟੱਡੀ ਸੈਂਟਰ ਚੱਲ ਰਿਹਾ ਹੈ ਤਾਂ ਉਸ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇ।
ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਭੇਜੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਹ ਇਸ ਸਬੰਧੀ ਚੈਕਿੰਗ ਕਰਨ ਕਿ ਉਨ੍ਹਾਂ ਦੇ ਜ਼ਿਲੇ ਵਿੱਚ ਕਿਸੇ ਪ੍ਰਾਈਵੇਟ ਯੂਨੀਵਰਸਿਟੀ ਵੱਲੋਂ ਐਕਟ ਦੀ ਉਲੰਘਣਾ ਕਰ ਕੇ ਅਜਿਹਾ ਸੈਂਟਰ ਬਾਹਰ ਤਾਂ ਨਹੀਂ ਖੋਲ੍ਹਿਆ ਗਿਆ। ਜੇਕਰ ਕੋਈ ਅਜਿਹਾ ਸੈਂਟਰ ਖੋਲ੍ਹਿਆ ਗਿਆ ਹੈ ਤਾਂ ਉਸ ਨੂੰ ਤੁਰੰਤ ਬੰਦ ਕਰਵਾ ਕੇ ਇਸ ਦੀ ਸੂਚਨਾ ਵਿਭਾਗ ਨੂੰ ਭੇਜੀ ਜਾਵੇ।

Leave a Reply

Your email address will not be published. Required fields are marked *