ਪ੍ਰੋ. ਬਡੂੰਗਰ ਨੇ ਕੀਤਾ ‘ਮਾਈਨੌਰਟੀ ਸਕਾਲਰਸ਼ਿਪ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ ਦਾ ਉਦਘਾਟਨ
ਪਟਿਆਲਾ 31 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਨੇ ਖ਼ਾਲਸਾ ਕਾਲਜ, ਪਟਿਆਲਾ ਵਿਖੇ ‘ਮਾਈਨੌਰਟੀ ਸਕਾਲਰਸ਼ਿਪ’ ਵਿਸ਼ੇ ‘ਤੇ ਆਯੋਜਿਤ ਦੋ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਕੀਤਾ।
ਵਰਕਸ਼ਾਪ ਦਾ ਮੁੱਖ ਮਨੋਰਥ ਮਾਈਨੌਰਟੀ ਸਕਾਲਰਸ਼ਿਪ ਅਤੇ ਭਾਰਤ ਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸਕਾਲਰਸ਼ਿਪ ਸਕੀਮਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕ ਸਾਹਿਬਾਨ ਨੂੰ ਜਾਣੂ ਕਰਵਾÀੇਣਾ ਸੀ ਤਾਂ ਜੋ ਵਿਦਿਆਰਥੀ ਉਹਨਾਂ ਦੀ ਇਸ ਯੋਗ ਅਗਵਾਹੀ ਸਦਕਾ ਇੰਨ੍ਹਾਂ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਣ।
ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੀ ਬਾਕੀ ਸੰਸਥਾਵਾਂ ਨਾਲੋਂ ਇਕ ਵੱਖਰੀ ਜ਼ਿੰਮੇਵਾਰੀ ਬਣਦੀ ਹੈ।ਇਸੇ ਲਈ ਸਮੂਹ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਾਲ ਗਿਆਨਵਾਨ ਬਣਾਉਣ ਤਾਂ ਕਿ ਉਹ ਆਪਣੇ ਸੰਸਾਰਕ ਗਿਆਨ ਦੇ ਨਾਲ-ਨਾਲ ਧਰਮ ਦੇ ਗਿਆਨ ਵਿਚ ਪ੍ਰਪੱਕ ਹੋ ਕਿ ਗੁਰਮਤਿ ਦੇ ਧਾਰਨੀ ਬਣ ਸਕਣ।ਉਹਨਾਂ ਨੇ ਅੱਗੇ ਸੰਬੋਧਤ ਹੁੰਦੇ ਹੋਏ ਕਿਹਾ ਕਿ ਜਿਹਨਾਂ ਧਾਰਮਿਕ ਅਸਥਾਨਾਂ ਉਪਰ ਸਾਡੇ ਸਕੂਲ ਸਥਿਤ ਹਨ ਅਤੇ ਜਿਹਨਾਂ ਮਹਾਨ ਸ਼ਖ਼ਸੀਅਤਾਂ ਦੇ ਨਾਂ ਉਪਰ ਸਕੂਲ ਚਲ ਰਹੇ ਹਨ ਉਹਨਾਂ ਦੇ ਇਤਿਹਾਸਕ ਪਿਛੋਕੜ ਦੀ ਜਾਣਕਾਰੀ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਖ਼ੁਦ ਹਾਸਿਲ ਕਰਕੇ ਵਿਦਿਆਰਥੀਆਂ ਤੱਕ ਸੰਚਾਰਿਤ ਕਰਨ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਗੌਰਵਸ਼ਾਲੀ ਇਤਿਹਾਸਕ ਪਿਛੋਕੜ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਸੀ.ਬੀ.ਐੱਸ.ਈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਨਾਲ ਉਹਨਾਂ ਦੇ ਸਕੂਲ਼ਾਂ ਦੇ ਪ੍ਰਬੰਧਨ ‘ਚ ਆਉਂਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਨਾਲ-ਨਾਲ ਉਹਨਾਂ ਦੇ ਨਿਵਾਰਨ ਦੀ ਵੀ ਆਸ ਦੁਆਈ।
ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਖ਼ਾਲਸਾ ਕਾਲਜ, ਪਟਿਆਲਾ ਅਤੇ ਡਾਇਰੈਕਟਰ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲ਼ਾਂ ਦੇ ਪ੍ਰਿੰਸਪਿਲ ਅਤੇ ਅਧਿਆਪਕ ਸਾਹਿਬਾਨ ਨੂੰ ਇਸ ਸਾਲ ਦੇ ਆਏ ਚੰਗੇ ਨਤੀਜਿਆਂ ਦੀ ਵਧਾਈ ਦਿੱਤੀ।ਉਹਨਾਂ ਨੇ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇੱਕ ਪ੍ਰਧਾਨ ਦੇ ਤੌਰ ‘ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਰਗੀ ਵਿਦਵਾਨ ਸ਼ਖ਼ਸੀਅਤ ਉਹਨਾਂ ਦੀ ਰਹਿਨੁਮਾਈ ਕਰ ਰਹੀ ਹੈ। ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਨੂੰ ਜਿੱਥੇ ਇਸ ਮਿਲਣੀ ਰਾਹੀਂ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਜਾਣਨ ਤੋਂ ਬਾਅਦ ਉਹਨਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦੁਆਇਆ ਹੈ ਇਸ ਲਈ ਉੱਥੇ ਸਾਡਾ ਵੀ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਪੂਰੀ ਤਨਦੇਹੀ ਨਾਲ ਆਪਣੇ ਹਿੱਸੇ ਆਉਂਦੀਆਂ ਜ਼ੁੰਮੇਵਾਰੀਆਂ ਨੂੰ ਨਿਭਾਈਏ।ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀਆਂ ਸੰਸਥਾਵਾਂ ਵਿੱਚ ਪੜ੍ਹਦੇ ਬੱਚਿਆਂ ਦੀ ਸ਼ਖ਼ਸੀਅਤ ਦਾ ਵਿਕਾਸ ਇਸ ਤਰੀਕੇ ਨਾਲ ਹੋਣਾ ਚਾਹੀਦਾ ਹੈ ਕਿ ਉਹ ਆਪਣੇ ਅਮੀਰ ਸਭਿਆਚਾਰਕ ਵਿਰਸੇ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਜ਼ਿੰਦਗੀ ਵਿੱਚ ਅਪਣਾਉਣ ਅਤੇ ਦੇਸ਼ ਅਤੇ ਕੌਮ ਦੀ ਸੇਵਾ ਕਰਨ।
ਵਰਕਸ਼ਾਪ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਸਿਸਟੈਂਟ ਡਾਇਰੈਕਟਰ ਸਕੂਲਜ਼ ਪ੍ਰਿੰਸੀਪਲ ਸਤਵੰਤ ਕੌਰ, ਚੀਫ਼ ਸੈਕਰੇਟਰੀ ਸ. ਹਰਚਰਨ ਸਿੰਘ, ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਸਪੋਰਟਸ ਸ੍ਰ.ਪਰਮਜੀਤ ਸਿੰਘ ਸਰੋਆ ਅਤੇ ਡਿਪਟੀ ਡਾਇਰੈਕਟਰ ਐਜੂਕੇਸ਼ਨ ਡਾ. ਵੰਦਨਾ ਨਰੂਲਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਵਰਕਸ਼ਾਪ ਦੌਰਾਨ ਮੰਚ ਦਾ ਸੰਚਾਲਨ ਸ਼੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕੀਤਾ।

