ਸ੍ਰੀ ਅਕਾਲ ਤਖਤ ਸਾਹਿਬ ‘ਤੇ ਘੱਲੂਘਾਰਾ ਦਿਵਸ ਸ਼ਾਂਤੀ ਨਾਲ ਨੇਪਰੇ ਚੜਿਆ
ਸਿੱਖਾਂ ਨੇ ਹਮੇਸ਼ਾਂ ਹੀ ਜਾਬਰੀ ਤਾਕਤਾਂ ਦਾ ਮੁਕਾਬਲਾ ਸਿਦਕ, ਸਿਰੜ ਤੇ ਚੜ੍ਹਦੀਕਲਾ ਨਾਲ ਕੀਤਾ -ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ/ਨਿਰਮਲ ਸਿੰਘ ਚੌਹਾਨ/ਹਰਪਾਲ ਸਿੰਘ/ਮਧੂਸਾਰ ਬਿਊਰੋ)
ਸ਼੍ਰੀ ਅਕਾਲ ਤੱਖਤ ਸਾਹਿਬ ਜੀ ਤੇ ਜੂਨ 84 ਵਿਚ ਸ਼ਹੀਦ ਹੋਏ ਸਿਖ ਨੋਜਵਾਨ ਬਚੇ ਅਤੇ ਬਜੁਰਗਾਂ ਦਾ ਸ਼ਹੀਦੀ ਹਾੜੈ ਤੇ ਨਾਮ ਤੇ ਘੱਲੂਘਾਰਾ ਦਿਵਸ ਮਨਾਏ ਜਾਣ ਲਈ ਸ਼੍ਰੌਮਣੀ ਕਮੇਟੀ ਕਿਰਪਾਲ ਸਿੰਘ ਬਡੂੰਗਰ ਵਲੋਂ ਇਸ ਵਾਰ ਆਪਣੇਂ ਵਲੋਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਅਤੇ ਦੁਸਰੀਆਂ ਧਿਰਾਂ ਨਾਲ ਵੀ ਸੰਪਰਕ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਇਸ ਵਾਰ ਸ਼ਾਂਤਮਈ ਢੰਗ ਨਾਲ ਸ਼੍ਰੀ ਅਕਾਲ ਤੱਖਤ ਸਾਹਿਬ ਜੀ ਤੇ ਘੱਲੂਘਾਰਾ ਦਿਵਸ ਮਨਾਇਆ ਜਾਵੇ ਅਤੇ ਉਨ੍ਹਾਂ ਨੂੰ ਪੂਰਨ ਆਸ ਸੀ ਕਿ ਕੋਈ ਗੱੜਬੱੜ ਨਹੀ ਹੋਵੇਗੀ ਪਰ ਉਨ੍ਹਾਂ ਦੀ ਆਸ ਤੇ ਉਦੋਂ ਪਾਣੀ ਫਿਰ ਗਿਆ ਜਦੋਂ ਗਰਮ ਖਿਆਲੀਆਂ ਵਲੋਂਂ ਸਿੰਘ ਸਾਹਬ ਗਿ. ਗੁਰਬਚਨ ਸਿੰਘ ਜੀ ਦੇ ਆਦੇਸ਼ ਦੇਣ ਸਮੇਂ ਕਿਰਪਾਨਾਂ ਲਹਿਰਾਈਆਂ ਅਤੇ ਖਾਲਿਸਤਾਨ ਪੱਖੀ ਨਾਅਰੇਬਾਜੀ ਸ਼ੁਰੂ ਕਰ ਦਿਤੀ।
ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮੇਂ ਦੀ ਕੇਂਦਰ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ 33ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਸ਼ਹੀਦੀ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸੁਪਤਨੀ ਬੀਬੀ ਹਰਪ੍ਰੀਤ ਕੌਰ, ਸਪੁੱਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਜਿਥੇ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਇਸ ਘੱਲੂਘਾਰੇ ਨੂੰ ਅਤਿ-ਨਿੰਦਣਯੋਗ ਕਰਾਰ ਦਿੱਤਾ, ਉਥੇ ਹੀ ਉਨ੍ਹਾਂ ਨੇ ਕੌਮੀ ਇੱਕਜੁਟਤਾ ਨਾਲ ਵਰਤਮਾਨ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ 1984 ਦੇ ਘੱਲੂਘਾਰੇ ਵਿਚ ਭਾਰਤੀ ਫੌਜ ਵੱਲੋਂ ਕੀਤੇ ਗਏ ਜ਼ੁਲਮ ਵਿਰੁੱਧ ਸੂਰਬੀਰ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਬੇਅੰਤ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੇ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਨੂੰ ਸਿੱਖ ਕੌਮ ਹਰ ਸਾਲ ਸ਼ਹੀਦੀ ਸਮਾਗਮ ਕਰ ਕੇ ਯਾਦ ਕਰਦੀ ਹੈ। ਉਨ੍ਹਾਂ ਇਸ ਘੱਲੂਘਾਰੇ ਲਈ ਮੁਕੰਮਲ ਰੂਪ ਵਿਚ ਭਾਰਤ ਦੀ ਤਤਕਾਲੀ ਸਰਕਾਰ ਨੂੰ ਦੋਸ਼ੀ ਠਹਿਰਾਇਆ।ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜ਼ਾਬਰੀ ਤਾਕਤਾਂ ਚੜ੍ਹਦੀ ਕਲਾ ਵਾਲੀ ਸੋਚ ਨੂੰ ਦਬਾਉਣ ਲਈ ਯਤਨਸ਼ੀਲ ਰਹੀਆਂ ਪਰ ਉਨ੍ਹਾਂ ਨੂੰ ਸਦਾ ਨਾਕਾਮਯਾਬੀ ਹਾਸਲ ਹੋਈ ਅਤੇ ਸਿਖ ਕੌਮ ਹੋਰ ਬੁਲੰਦੀ ਨਾਲ ਉਭਰੀ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਪੰਥਕ ਮਸਲਿਆਂ ਤੇ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟ ਹੋ ਕੇ ਯਤਨ ਕਰਨ ਲਈ ਕਿਹਾ।
ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸੁਪਤਨੀ ਬੀਬੀ ਹਰਪ੍ਰੀਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸਿਰੋਪਾਓ ਦਿੱਤੇ ਗਏ।
ਇਥੇ ਇਹ ਕਹਿਣਾ ਬਣਦਾ ਹੈ ਭਾਵੇਂ ਕੁਝ ਗਰਮ ਖਿਆਲੀਆਂ ਵਲੋਂ ਮਾਹੋਲ ਨੂੰ ਗਰਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਕੁਲ ਮਿਲਾਕੇ ਸਾਰਾ ਸਮਾਗਮ ਸ਼ਾਂਤ ਮਈ ਢੰਗ ਨਾਲ ਨੇਪੜੇ ਚੱੜਿਆ। ਇਸ ਮੋਕੇ ਸ੍ਰੀ ਦਰਬਾਰ ਸਾਹਿਬ ਜੀ ਦਾ ਸਾਰਾ ਆਲਾ ਦੁਆਲਾ ਪੁਲਸ ਅਤੇ ਮਲਟਰੀ ਦੀ ਛਾਉਣੀ ਵਿਚ ਤਬਦੀਲ ਹੋਇਆ ਹੋਇਆ ਸੀ ਅਤੇ ਦਰਬਾਰ ਸਾਹਿਬ ਜੀ ਦੇ ਅੰਦਰ ਵੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਸਮੇਤ ਚਿਟੇ ਕੱਪੜਿਆ ਵਿਚ ਪੰਜਾਬ ਪੁਲਸ ਅਤੇ ਸੀਆਈਡੀ ਬੇਸ਼ੂਮਾਰ ਇਕੱਠੀ ਹੋਈ ਹੋਈ ਸੀ ਅਤੇ ਹਰ ਇਕ ਤੇ ਨਜਰ ਬਣਾਈ ਰੱਖੀ ਹੋਈ ਸੀ।

