ਭਾਰਤ ਤੇ ਪਾਕਿ ਸਬੰਧਾਂ ਨੂੰ ਬੇਹਤਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਗੁਰਪੁਰਬ ‘ਤੇ ਪਾਕਿ ਜੱਥਾ ਭੇਜਣ ਲਈ ਤਿਆਾਰ : ਬਡੂੰਗਰ
ਪਟਿਆਲਾ, 10 ਜੂਨ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਅੱਜ ਇੱਥੇ ਆਖਿਆ ਹੈ ਕਿ ਪਾਕਿਸਤਾਨ ਅਤੇ ਭਾਰਤ ਦੇ ਸਬੰਧਾਂ ਨੂੰ ਲੀਹ ਤੇ ਪਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲ ਕਰੇਗੀ ਤੇ ਗੁਰਪੁਰਬ ਤੇ ਪਾਕਿਸਤਾਨ ਸ੍ਰੀ ਨਨਕਾਣਾ ਸਾਹਿਬ ਸਿੱਖ ਜੱਥਾ ਭੇਜਣ ਲਈ ਭਾਰਤ ਸਰਕਾਰ ਨਾਲ ਰਾਬਤਾ ਕਾਇਮ ਹੋਵੇਗਾ। ਪ੍ਰੋ. ਬਡੂੰਗਰ ਇੱਥੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਇੱਕ ਭਰਵੀਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿਚ ਖਟਾਸ ਆਉਣ ਕਾਰਨ ਵਿਸਾਖੀ ਮੌਕੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਜੱਥੇ ਤੇ ਰੋਕ ਲਗਾ ਦਿੱਤੀ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਖਟਾਸ ਨੂੰ ਖਤਮ ਕਰਨ ਲਈ ਮੁੜ ਪਹਿਲ ਕਰਨ ਜਾ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਆਖਿਆ ਕਿ ਵਿਸਾਖੀ ਮੌਕੇ ਵੀ ਪਾਕਿਸਤਾਨ ਸਰਕਾਰ ਵੱਲੋਂ ਨਾਂਹ ਨਹੀਂ ਕੀਤੀ ਗਈ ਸੀ। ਉਨ੍ਹਾਂ ਆਖਿਆ ਕਿ ਹੁਣ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਗੁਰਪੁਰਬ ਤੇ ਪਾਕਿਸਤਾਨ ਜੱਥਾ ਭੇਜਣ ਲਈ ਤਿਆਰ ਹੈ। ਇਸ ਸਬੰਧੀ ਅੱਜ ਬਾਕਾਇਦਾ ਤੌਰ ਤੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਜਾ ਚੁੱਕਿਆ ਹੈ।
ਪ੍ਰੋ. ਬਡੂੰਗਰ ਨੇ ਆਖਿਆ ਕਿ ਅਸੀਂ ਬਰਤਾਨੀਆ ਵਿਖੇ ਚੁਣੇ ਗਏ ਦੋ ਸਿੱਖ ਮੈਂਬਰ ਪਾਰਲੀਮੈਂਟਾਂ ਦਾ ਸਾਡੇ ਦੇਸ਼ ਦੀ ਧਰਤੀ ਤੇ ਪੁੱਜਣ ਤੇ ਭਰਵਾਂ ਸਵਾਗਤ ਕਰਾਂਗੇ। ਉਨ੍ਹਾਂ ਆਖਿਆ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਭਾਰਤੀ ਮੂਲ ਦੇ 12 ਵਿਅਕਤੀ ਬਰਤਾਨੀਆ ਵਿਖੇ ਮੈਂਬਰ ਪਾਰਲੀਮੈਂਟ ਬਣੇ ਹਨ। ਪ੍ਰੋ. ਬਡੂੰਗਰ ਨੇ ਆਖਿਆ ਕਿ ਭਾਈ ਗੁਰਮੁਖ ਸਿੰਘ ਅਤੇ ਹੋਰ ਸਾਡਾ ਸਿੱਖ ਪੰਥ ਦਾ ਹਿੱਸਾ ਹਨ, ਉਨ੍ਹਾਂ ਨਾਲ ਸਾਡਾ ਕੋਈ ਵੀ ਭੇਦਭਾਵ ਨਹੀਂ ਹੈ ਅਤੇ ਉਹ ਮੁੱਖ ਧਾਰਾ ਵਿਚ ਹੀ ਹਨ। ਉਨ੍ਹਾਂ ਨੇ ਇਸ ਮੌਕੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਨੂੰ ਆੜੇ ਹੱਥੀ ਲਿਆ ਅਤੇ ਆਖਿਆ ਕਿ ਨਵਜੋਤ ਸਿੱਧੂ ਸਿੱਖਾਂ ਦੀਆਂ ਬਣਾਈਆਂ ਹੋਈਆਂ ਵਿਰਾਸਤਾਂ ਬਾਰੇ ਬੇਤੁਕੀ ਬਿਆਨ ਕਰ ਰਹੇ ਹਨ, ਚੰਗਾ ਹੈ ਕਿ ਉਹ ਪਹਿਲਾਂ ਸਿੱਖੀ ਦੇ ਇਤਿਹਾਸ ਤੋਂ ਜਾਣੂ ਹੋਣ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਨਰਦੇਵ ਸਿੰਘ ਆਕੜੀ ਚੇਅਰਮੈਨ, ਸਕੱਤਰ ਪਰਮਜੀਤ ਸਿੰਘ ਸਰੋਆ, ਮੇਅਰ ਅਮਰਿੰਦਰ ਸਿੰਘ ਬਜਾਜ, ਲਾਭ ਸਿੰਘ ਦੇਵੀ ਨਗਰ, ਜੱਥੇਦਾਰ ਬੂਟਾ ਸਿੰਘ ਸਾਦੀਪੁਰ, ਮੈਨੇਜਰ ਅਮਰਜੀਤ ਸਿੰਘ, ਭਗਵੰਤ ਸਿੰਘ ਧੰਗੇੜਾ, ਚੈਨ ਸਿੰਘ ਅਤੇ ਹੋਰ ਵੀ ਨੇਤਾ ਹਾਜਰ ਸਨ।
ਕਾਂਗਰਸ ਸਰਕਾਰ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਲਗਾਏਗੀ ਧਰਨੇ
ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਸ੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ 12 ਜੂਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਕਾਂਗਰਸ ਸਰਕਾਰ ਖਿਲਾਫ ਇਕਜੁਟ ਹੋ ਕੇ ਧਰਨੇ ਲਾਏਗੀ। ਉਨ੍ਹਾਂ ਆਖਿਆ ਕਿ ਅੱਜ ਕਾਂਗਰਸ ਸਰਕਾਰ ਦੇ ਰਾਜ ਵਿਚ ਗੁਰਦੁਆਰਿਆਂ ਦੀਆਂ ਜਮੀਨਾਂ ਤੇ ਕਾਂਗਰਸੀ ਕਬਜ਼ੇ ਕਰ ਰਹੇ ਹਨ। ਭਾਈ ਰੂਪਾ, ਮੌੜ ਆਦਿ ਇਸ ਦੀਆਂ ਸਪੱਸ਼ਟ ਉਦਾਹਰਨਾਂ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਸਿੱਖ ਪੰਥ ਦੇ ਖਿਲਾਫ਼ ਫੈਸਲੇ ਲੈ ਰਹੀ ਹੈ ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਕਾਲੀ ਦਲ ਦੇ ਨਾਲ ਸਮੁੱਚੇ ਪੰਜਾਬ ਵਿਚ ਧਰਨਿਆਂ ਵਿਚ ਸ਼ਮੂਲੀਅਤ ਕਰੇਗੀ ਤੇ ਵੱਖਰੇ ਤੌਰ ਤੇ ਆਪਣੇ ਮੈਮੋਰੰਡਮ ਦੇਵੇਗੀ।
ਯੂ.ਕੇ. ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੱਜੀ ਵਿਦੇਸ਼ ਮੰਤਰੀ ਦੇ ਦਰਬਾਰ
ਯੂ.ਕੇ. ਵਿੱਚ ਪਿਛਲੇ ਸਮੇਂ ਦੌਰਾਨ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਹੋ ਰਹੀ ਕਿੰਤੂ-ਪਰੰਤੂ ਅਤੇ ਸਤਿਕਾਰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਰਬਾਰ ਪਹੁੰਚ ਗਈ ਹੈ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਆਖਿਆ ਹੈ ਕਿ ਯੂ.ਕੇ. ਸਰਕਾਰ ਨਾਲ ਤੁਰੰਤ ਰਾਬਤਾ ਬਣਾ ਕੇ ਉਥੋਂ ਦੇ ਸਿੱਖਾਂ ਨੂੰ ਰਾਹਤ ਦਿਵਾਈ ਜਾਵੇ।
ਅਮਰਿੰਦਰ ਤੇ ਸਿੱਧੂ ਨੂੰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਖਿਆ ਪੱਤਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੁਆਲੇ ਕਾਫ਼ੀ ਦੂਰ-ਦੂਰ ਤੱਕ ਸਕਰੀਨਾਂ ਰਾਹੀਂ ਗੁਰਬਾਣੀ ਕੀਰਤਨ ਚੱਲ ਰਿਹਾ ਹੈ, ਪਰ ਉਥੇ ਹੁਣ ਕੁਝ ਸ਼ਰਾਰਤੀ ਤੱਤਵ ਉਸ ਏਰੀਏ ਵਿਚ ਸ਼ਰਾਬ ਅਤੇ ਨਸ਼ਿਆਂ ਆਦਿ ਇਸ਼ਤਿਹਾਰਬਾਜੀ ਕਰ ਰਹੇ ਹਨ ਜੋ ਕਿ ਬਹੁਤ ਗੰਭੀਰ ਮੁੱਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਾਇਰੇ ਵਿਚ ਅਜਿਹੀਆਂ ਹਰਕਤਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਪ੍ਰਧਾਨ ਬਡੂੰਗਰ ਨੇ ਆਖਿਆ ਕਿ ਅਸੀਂ ਤਾਂ ਇਹ ਚਾਹੁੰਦੇ ਹਾਂ ਕਿ ਸਾਰਾ ਅੰਮ੍ਰਿਤਸਰ ਸ਼ਹਿਰ ਹੀ ਨਸ਼ਾ ਰਹਿਤ ਹੋਵੇ। ਉਨ੍ਹਾਂ ਇਸ ਮੁੱਦੇ ਤੇ ਤੁਰੰਤ ਮੁੱਖ ਮੰਤਰੀ ਨੂੰ ਦਖਲ ਦੇਣ ਦੀ ਅਪੀਲ ਕੀਤੀ।

