ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨਾਂ ਵੱਲੋਂ ਰੋਸ ਧਰਨਾ
ਪਟਿਆਲਾ, 12 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਅੱਗੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੇ ਵਿਸ਼ਾਲ ਰੋਸ ਧਰਨਾ ਦੇਣ ਉਪਰੰਤ ਡੀ.ਸੀ. ਪਟਿਆਲਾ ਨੂੰ ਮੰਗ ਪੱਤਰ ਦਿੱਤੇ।
ਇਕ ਮੰਗ ਪੱਤਰ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂ ਦਿੱਤਾ ਜਿਸ ਵਿਚ ਮੰਗ ਕੀਤੀ ਗਈ ਕਿ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਪੀੜਤ ਕਿਸਾਨੀ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੌਰਾਨ ਉਥੋਂ ਦੀ ਪੁਲਿਸ ਵੱਲੋਂ ਕੀਤੀ ਅੰਨ੍ਹਵਾਹ ਫਾਈਰਿੰਗ ਦੌਰਾਨ 6 ਕਿਸਾਨਾਂ ਦੀ ਹੋਈ ਮੌਤ ਅਤੇ ਸੈਂਕੜੇ ਕਿਸਾਨਾਂ ਦੇ ਜ਼ਖਮੀ ਹੋਣ ਕਾਰਨ ਰਾਜ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ, ਗੋਲੀ ਦਾ ਹੁਕਮ ਦੇਣ ਵਾਲੇ ਅਤੇ ਗੋਲੀ ਚਲਾਉਣ ਵਾਲੇ ਪੁਲਿਸ ਕਰਮਚਾਰੀਆਂ ‘ਤੇ ਕਤਲ ਦੇ ਮੁਕੱਦਮੇ ਦਰਜ ਕੀਤੇ ਜਾਣ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ ਦੀਆਂ ਸਮੁੱਚੀਆਂ ਮੰਗਾਂ ਮੰਨ ਕੇ ਲਾਗੂ ਕੀਤੀਆਂ ਜਾਣ।
ਦੂਜਾ ਮੰਗ ਪੱਤਰ ਜੋ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਗਿਆ, ਰਾਹੀਂ ਮੰਗ ਕੀਤੀ ਕਿ ਸਰਕਾਰ ਆਪਣੇ ਕੀਤੇ ਚੋਣ ਵਾਅਦੇ ਮੁਤਾਬਿਕ ਕਰਜ਼ਾ ਮੋੜਨ ਤੋਂ ਅਸਮਰਥ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰੇ। ਕਰਜ਼ੇ ਦੇਣ ਸਮੇਂ ਕਿਸਾਨਾਂ ਤੋਂ ਲਏ ਜਾਂਦੇ ਖਾਲੀ ਚੈੱਕਾਂ ਦੀ ਪ੍ਰਥਾ ਬੰਦ ਕੀਤੀ ਜਾਵੇ। ਖਾਲੀ ਚੈੱਕਾਂ ਕਾਰਨ ਕਿਸਾਨਾਂ ‘ਤੇ ਬਣਾਏ ਝੂਠੇ ਕੇਸ ਵਾਪਸ ਲਏ ਜਾਣ। ਕੋਆਪ੍ਰੇਟਿਵ ਐਕਟ ਦੀ ਧਾਰਾ 63 ਸੀ ਵਾਪਸ ਲਈ ਜਾਵੇ। ਕਰਜ਼ੇ ਅਤੇ ਆਰਥਿਕ ਤੰਗੀ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਮੁਆਵਜ਼ਾ ਅਤੇ ਇਕ ਵਾਰਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ (ਅਨਪੜ੍ਹ ਤੇ ਪੜ੍ਹੇ ਲਿਖੇ) ਨੂੰ ਰੁਜ਼ਗਾਰ ਦਿੱਤਾ ਜਾਵੇ। ਹਰ ਤਰ੍ਹਾਂ ਦੇ ਮੁਜ਼ਾਹਰੇ ਅਤੇ ਅਬਾਦਕਾਰਾਂ ਨੂੰ ਜ਼ਮੀਨ ਮਾਲਕੀ ਦੇ ਹੱਕ ਦਿੱਤੇ ਜਾਣ ਅਤੇ ਹਰ ਤਰ੍ਹਾਂ ਦੇ ਅਵਾਰਾ ਪਸ਼ੂਆਂ ਦਾ ਕੋਈ ਸਥਾਈ ਹੱਲ ਕੀਤਾ ਜਾਵੇ।
ਧਰਨੇ ਨੂੰ ਜਗਮੋਹਨ ਸਿੰਘ ਸੂਬਾ ਜਨਰਲ ਸਕੱਤਰ, ਰਾਮ ਸਿੰਘ ਮਟੋਰੜਾਂ ਸੂਬਾ ਖਜ਼ਾਨਚੀ, ਕਰਨੈਲ ਸਿੰਘ ਲੰਗ, ਹਰਭਜਨ ਸਿੰਘ ਬੁੱਟਰ ਜ਼ਿਲ੍ਹਾ ਮੀਤ ਪ੍ਰਧਾਨਾਂ, ਪ੍ਰੋ. ਬਾਵਾ ਸਿੰਘ, ਜੰਗ ਸਿੰਘ ਭਟੇੜੀ, ਸੁਖਵਿੰਦਰ ਤੁੱਲੇਵਾਲ, ਗੁਰਬਚਨ ਸਿੰਘ ਕਨਸੂਹਾ, ਹਰਵਿੰਦਰ ਸਿੰਘ ਅਗੇਤਾ, ਹਰਭਜਨ ਸਿੰਘ ਧੂੜ, ਮਨਜੀਤ ਸਿੰਘ ਮਹਿਮਦਪੁਰ, ਟੇਕ ਸਿੰਘ ਅਸਰਪੁਰ, ਅਵਤਾਰ ਸਿੰਘ ਕੌਰਜੀਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਇਸ ਤੋਂ ਇਲਾਵਾ ਨਿਰਮਲ ਲਚਕਾਣੀ ਜ਼ਿਲ੍ਹਾ ਪ੍ਰੈਸ ਸਕੱਤਰ, ਬਲਵੀਰ ਸਿੰਘ ਮਵੀ ਸੱਪਾਂ, ਨਿਸ਼ਾਨ ਸਿੰਘ ਅਤੇ ਹਰਨੇਕ ਸਿੰਘ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੁੱਚਾ ਸਿੰਘ ਡਕੌਂਦਾ ਜ਼ਿਲ੍ਹਾ ਜਨਰਲ ਸਕੱਤਰ ਨੇ ਨਿਭਾਈ

