ਪੰਜਾਬ

ਕਿਸਾਨਾਂ ਦੀ ਖੁਦਕੁਸ਼ੀਆਂ ਦੇ ਮਾਮਲੇ ‘ਤੇ ਅੱਜ ਕੰਮ ਰੋਕੂ ਮਤਾ ਲਿਆਵੇਗਾ ਸ਼੍ਰੋਮਣੀ ਅਕਾਲੀ ਦਲ : ਹਰਿੰਦਰਪਾਲ ਚੰਦੂਮਾਜਰਾ

50 ਤੋਂ ਵੱਧ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ‘ਤੇ ਸਪੀਕਰ ਨੂੰ ਪੱਤਰ ਲਿਖ ਕੇ ਮਾਮਲੇ ‘ਤੇ ਚਰਚਾ ਕਰਵਾਉਣ ਲਈ ਆਖਿਆ
ਪਟਿਆਲਾ, 14 ਜੂਨ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਮਾਮਲੇ ‘ਤੇ ਵਿਸ਼ੇਸ਼ ਚਰਚਾ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ ਪੀ ਸਿੰਘ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਸੰਜੀਦਗੀ ਨਾਲ ਲਏ ਜਾਣ ਦੀ ਬੇਨਤੀ ਕੀਤੀ ਹੈ।

ਗੱਲਬਾਤ ਕਰਦਿਆਂ ਹਰਿੰਦਰਪਾਲ ਚੰਦੂਮਾਜਰਾ ਨੇ ਦੱਸਿਆ ਕਿ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਹੀ 50 ਤੋਂ ਵੱਧ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿਉਂਕਿ ਪੰਜਾਬ ਦਾ ਕਿਸਾਨ ਨਾ ਸਿਰਫ ਪੰਜਾਬ ਬਲਕਿ ਸਾਰੇ ਦੇਸ਼ ਦਾ ਅੰਨ੍ਹਦਾਤਾ ਹੈ। ਉਹਨਾਂ ਕਿਹਾ ਕਿ ਜਦੋਂ ਦੇਸ਼ ਦੇ ਅੰਨ੍ਹਦਾਤਾ ਹੀ ਖੁਦਕੁਸ਼ੀਆਂ ਕਰਨ ਦੇ ਰਾਹ ਪੈ ਗਏ ਤਾਂ ਇਸਨੂੰ ਪੰਜਾਬ ਸਰਕਾਰ ਦੀ ਸੰਵਿਧਾਨਕ ਅਸਫਲਤਾ ਕਿਹਾ ਜਾ ਸਕਦਾ ਹੈ ਕਿਉਂਕਿ ਇਹ ਸਰਕਾਰ ਕਿਸਾਨਾਂ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਕਰਨ ਵਿਚ ਅਸਫਲ ਰਹੀ ਹੈ।
ਚੰਦੂਮਾਜਰਾ ਨੇ ਕਿਹਾ ਕਿ ਮਾਮਲਾ ਇਸ ਲਈ ਵੀ ਜ਼ਿਆਦਾ ਗੰਭੀਰ ਹੋ ਗਿਆ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਲੜਨ ਵੇਲੇ ਕਾਂਗਰਸ ਪਾਰਟੀ ਨੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਚੋਣ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ ਜਿਸ ਕਾਰਨ ਕਿਸਾਨ ਬੇਹੱਦ ਘਬਰਾ ਗਿਆ ਹੈ ਤੇ ਉਸਨੂੰ ਸਮਝ ਨਹੀਂ ਆ ਰਿਹਾ ਕਿ ਕਰਜ਼ੇ ਦੀ ਪੰਡ ਕਿਵੇਂ ਉਤਰੇਗੀ। ਅਜਿਹੇ ਹਾਲਾਤ ਹੀ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਦੇ ਰਾਹ ਤੋਰ ਰਹੇ ਹਨ।
ਨੌਜਵਾਨ ਅਕਾਲੀ ਵਿਧਾਇਕ ਨੇ ਕਿਹਾ ਕਿ ਇਸ ਬੇਹੱਦ ਗੰਭੀਰ ਮਾਮਲੇ ‘ਤੇ ਚਰਚਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ 15 ਜੂਨ ਨੂੰ ਵਿਧਾਨ ਸਭਾ ਵਿਚ ਕੰਮ ਰੋਕੂ ਮਤਾ ਪੇਸ਼ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਬਾਕੀ ਸਾਰੇ ਕੰਮ ਛੱਡ ਕੇ ਦੇਸ਼ ਦੇ ਅੰਨ੍ਹਦਾਤੇ ਨੂੰ ਬਚਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ‘ਤੇ ਚਰਚਾ ਕੀਤੀ ਜਾ ਸਕੇ ਅਤੇ ਪੰਜਾਬ ਸਰਕਾਰ ਨੂੰ ਉਸਦੀ ਬਣਦੀ ਜ਼ਿੰਮੇਵਾਰੀ ਵਿਧਾਨ ਸਭਾ ਵਿਚ ਚੇਤੇ ਕਰਵਾਈ ਜਾ ਸਕੇ ਕਿ ਉਹ ਕਰਜ਼ਾ ਮੁਆਫੀ ਦੇ ਮਾਮਲੇ ‘ਤੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਫੌਰੀ ਪੂਰੇ ਕਰੇ ਨਹੀਂ ਤਾਂ ਸਥਿਤੀ ਹੱਥੋਂ ਬਾਹਰ ਨਿਕਲਦੀ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੇ ਅੰਨ੍ਹਦਾਤੇ ਦੀ ਰਾਖੀ ਲਈ ਤੇ ਉਸਦੀ ਬੇਹਤਰੀ ਵਾਸਤੇ ਕੰਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ ਤੇ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਕਰੇਗਾ।

Leave a Reply

Your email address will not be published. Required fields are marked *