ਪੰਜਾਬ

ਮੀਰੀ ਪੀਰੀ ਦੇ ਸਿਧਾਂਤ ਨੂੰ ਕੋਈ ਤਾਕਤ ਵੱਖ ਨਹੀਂ ਕਰ ਸਕਦੀ : ਦਮਦਮੀ ਟਕਸਾਲ

ਅੰਮ੍ਰਿਤਸਰ 14 ਜੂਨ (ਸੁਖਬੀਰ ਸਿੰਘ/ਸੋਨੂੰ ਨਰੂਲਾ/ਮਧੂਸਾਰ ਬਿਊਰੋ) ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਵਿਧਾਨ ਸਭਾ ਵਿੱਚ ਬਦਨਾਮ ਪੁਲੀਸ ਮੁਖੀ ਕੇ ਪੀ ਐੱਸ ਗਿੱਲ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਸਰਕਾਰ ਨੂੰ ਅੜੇ ਹੱਥੀਂ ਲੈਂਦਿਆਂ ਉਕਤ ਕਦਮ ਨੂੰ ਕਾਂਗਰਸ ਦਾ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਵਾਲਾ ਕਦਮ ਕਰਾਰ ਦਿੱਤਾ ।

ਦਮਦਮੀ ਟਕਸਾਲ ਜਥਾ ਭਿੰਡਰਾਂ ਦੇ ਮੁਖੀ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਇਹ ਫਿਰ ਸਾਬਤ ਕਰਦਿਤਾ ਹੈ ਕਿ ਉਹ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਲਈ ਕਿਸੇ ਵੀ ਹੱਦ ਨੂੰ ਪਾਰ ਕਰ ਸਕਦੇ ਹਨ।ਗਾਂਧੀ ਪਰਿਵਾਰ ਦੀ ਸਿੱਖਾਂ ਪ੍ਰਤੀ ਸੌੜੀ ਸੋਚ ‘ਚ ਅੱਜ ਵੀ ਕੋਈ ਤਬਦੀਲੀ ਨਹੀਂ ਆਈ ਹੈ।
ਉਹਨਾਂ ਕਿਹਾ ਕਿ ਕਾਂਗਰਸ ਨੇ ਅਜਿਹਾ ਕਰ ਕੇ ਗਿੱਲ ਵੱਲੋਂ ਆਪਣੇ ਡੀ ਜੀ ਪੀ ਕਾਰਜਕਾਲ ਦੌਰਾਨ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਕੀਤੇ ਗਏ ਘਾਣ ਨੂੰ ਸਹੀ ਠਹਿਰਾਉਣ ਦੀ ਕੋਝੀ ਹਰਕਤ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਝੁੱਲੀ ਹਨੇਰੀ ਦੌਰਾਨ ਗਿੱਲ ਦੀ ਅਗਵਾਈ ‘ਚ ਸਰਕਾਰੀ ਮਸ਼ੀਨਰੀ ਵੱਲੋਂ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਲਾਪਤਾ ਕਰਦਿਤਾ ਗਿਆ, ਹਜ਼ਾਰਾਂ ਬੇਦੋਸਿਆਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਅਤੇ ਅਣਮਨੁੱਖੀ ਤਸੀਹਿਆਂ ਰਾਹੀਂ ਸ਼ਹੀਦ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਗਿੱਲ ਦੇ ਅਜਿਹੇ ਜ਼ਾਲਮਾਨਾ ਭੂਮਿਕਾ ਨੂੰ ਸਲਾਮ ਕਰਕੇ ਕਾਂਗਰਸ ਨੇ ਗਿੱਲ ਦੇ ਅੱਤਿਆਚਾਰ ਦਾ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਦਿਆਂ ਇਹ ਸਾਬਤ ਕਰਦਿਤਾ ਹੈ ਕਿ ਉਹਨਾਂ ਦੀਆਂ ਨਜ਼ਰਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਅੱਜ ਵੀ ਕੋਈ ਵੁੱਕਤ ਨਹੀਂ ਹੈ।
ਸੰਤ ਹਰਨਾਮ ਸਿੰਘ ਖ਼ਾਲਸਾ ਜੋ ਕਿ ਸੰਤ ਸਮਾਜ ਦੇ ਵੀ ਮੁਖੀ ਹਨ ਨੇ ਕਿਹਾ ਕਿ ਪੰਜਾਬ ਹੀ ਨਹੀਂ ਦੇਸ਼ ਭਰ ਤੋਂ ਅਮਨ ਅਤੇ ਇਨਸਾਫ਼ ਪਸੰਦ ਸ਼ਹਿਰੀਆਂ ਵੱਲੋਂ ਗਿੱਲ ਦੀ ਮੌਤ ‘ਤੇ ਉਹਨਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਨਾ ਹੋ ਕੇ ਗਿੱਲ ਵਿਰੁੱਧ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰ ਚੁੱਕੇ ਹਨ, ਅਜਿਹੇ ‘ਚ ਵਿਧਾਨਸਭਾ ਵਰਗੇ ਸਦਨ ਵਿੱਚ ਗਿੱਲ ਨੂੰ ਸ਼ਰਧਾਂਜਲੀ ਦੇਣੀ ਲੋਕ ਭਾਵਨਾਵਾਂ ਦੇ ਵੀ ਬਿਲਕੁਲ ਉਲਟ ਹਨ। ਜਿਸ ਦਾ ਕਾਂਗਰਸ ਨੇ ਖਿਆਲ ਰਖਣਾ ਵੀ ਜ਼ਰੂਰੀ ਨਹੀਂ ਸਮਝਿਆ।
ਇੱਕ ਵੱਖਰੇ ਬਿਆਨ ਵਿੱਚ ਸੰਤ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅਕਾਲੀ ਦਲ ਦੇ ਧਰਨੇ ਵਿੱਚ ਸ਼ਾਮਿਲ ਹੋਣ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਇਸ ਪ੍ਰਤੀ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਅੱਤਿਆਚਾਰ ਜਾਂ ਬੇਇਨਸਾਫ਼ੀ ਖ਼ਿਲਾਫ਼ ਕੋਈ ਧਰਨਾ ਜਾਂ ਮੋਰਚਾ ਲਾਇਆ ਜਾਂਦਾ ਹੈ ਤਾਂ ਉਸ ਵਿੱਚ ਕਿਸੇ ਦਾ ਵੀ ਸ਼ਾਮਿਲ ਹੋਣਾ ਗਲਤ ਨਹੀਂ ਕਿਹਾ ਜਾ ਸਕਦਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਤਰਜਮਾਨੀ ਕਰਦਾ ਆਇਆ ਹੈ। ਇਤਿਹਾਸ ਗਵਾਹ ਹੈ ਕਿ ਅਤੀਤ ਦੌਰਾਨ ਲਾਏ ਗਏ ਧਰਮਯੁੱਧ ਮੋਰਚਿਆਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪੂਰਾ ਸਾਥ ਦਿੱਤਾ ਜਾਂਦਾ ਰਿਹਾ ਹੈ। ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਨਾਲ ਮਿਲ ਕੇ ਆਵਾਜ਼ ਬੁਲੰਦ ਕਰਦੀ ਆਈ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਪੀਰੀ ਸਿਧਾਂਤ ਦਾ ਕੇਂਦਰ ਹੈ ਅਤੇ ਪੰਥ ਵਿਰੋਧੀ ਤਾਕਤਾਂ ਉਕਤ ਸਿਧਾਂਤ ਨਾਲੋਂ ਪੰਥ ਨੂੰ ਤੋੜਨਾ ਚਾਹੁੰਦੀਆਂ ਹਨ, ਅਜਿਹੇ ਵਿੱਚ ਕਿਸੇ ਵੀ ਪੰਥਕ ਸ਼ਕਖੀਅਤ ਨੂੰ ਸੋਚ ਵਿਚਾਰ ਕਰਨ ਉਪਰੰਤ ਹੀ ਕੋਈ ਬਿਆਨ ਜਾਰੀ ਕਰਨਾ ਚਾਹੀਦਾ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਤਿਕਾਰਤ ਪਿਤਾ ਸ. ਪ੍ਰੀਤਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸੰਤ ਹਰਨਾਮ ਸਿੰਘ ਖ਼ਾਲਸਾ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ: ਪ੍ਰੀਤਮ ਸਿੰਘ ਇੱਕ ਮਹਾਨ ਸ਼ਖਸੀਅਤ ਸੀ ਜਿਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਧਾਰਮਿਕ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਦੱਸਿਆ ਕਿ ਸ: ਪ੍ਰੀਤਮ ਸਿੰਘ ਨੇ ਬੜੀ ਮਿਹਨਤ ਤੇ ਲਗਨ ਨਾਲ ਗਿਆਨੀ ਜਗਤਾਰ ਸਿੰਘ ਨੂੰ ਸੰਤ ਗਿਆਨੀ ਕਰਤਾਰ ਸਿੰਘ ਜੀ ਮੁਖੀ ਦਮਦਮੀ ਟਕਸਾਲ ਕੋਲ ਵਿੱਦਿਆ ਗ੍ਰਹਿਣ ਕਰਨ ਲਈ ਭੇਜਿਆ ਸੀ। ਜਿਸ ਕਾਰਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਿੱਖ ਕੌਮ ਦੀ ਇਸ ਮਹਾਨ ਸੇਵਾ ਦਾ ਮਾਣ ਹਾਸਿਲ ਹੋਇਆ।

Leave a Reply

Your email address will not be published. Required fields are marked *