ਤਿੰਨ ਮਹੀਨਿਆਂ ‘ਚ ਬੇਅਦਬੀ ਦੇ ਸਿਰਫ 13 ਮਾਮਲੇ, 12 ਦਾ ਕੀਤਾ ਹੱਲ
ਮੁੱਖ ਮੰਤਰੀ ਨੇ ਸਦਨ ਨੂੰ ਦਿੱਤੀ ਜਾਣਕਾਰੀ
ਪੁਲੀਸ ਮੁਲਾਜ਼ਮਾਂ ਦੀ ਤਨਖਾਹ 13 ਤੋਂ 12 ਮਹੀਨੇ ਕਰਨ ਦੀਆਂ ਚਰਚਾਵਾਂ ਮੂਲੋਂ ਰੱਦ
ਚੰਡੀਗੜ੍ਹ, 19 ਜੂਨ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸੇ ਧਰਮ ਦਾ ਨਿਰਾਦਰ ਅਤੇ ਬੇਅਦਬੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਾ ਕਰਨ ਬਾਰੇ ਸਪੱਸ਼ਟ ਕਰਦਿਆਂ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ 154 ਘਟਨਾਵਾਂ ਜਿਨ੍ਹਾਂ ਵਿੱਚੋਂ 86 ਹੱਲ ਹੋਈਆਂ ਦੇ ਮੁਕਾਬਲੇ ਮੌਜੂਦਾ ਸਰਕਾਰ ਦੇ ਤਿੰਨ ਮਹੀਨਿਆਂ ਦੇ ਰਾਜ ਦੌਰਾਨ ਸਿਰਫ 13 ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿੱਚੋਂ 12 ਦਾ ਹੱਲ ਕਰਦੇ ਹੋਏ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਸਦਨ ਵਿੱਚ ਇਹ ਖੁਲਾਸਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਦੇ ਉਨ੍ਹਾਂ ਦਾਅਵਿਆਂ ਨੂੰ ਖੋਖਲਾ ਸਾਬਤ ਕਰ ਦਿੱਤਾ ਕਿ ਕਾਂਗਰਸ ਸਰਕਾਰ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਜੁਰਮ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ।
ਮੁੱਖ ਮੰਤਰੀ ਨੇ ਸਦਨ ਵਿਚ ਇਹ ਗੱਲ ਸਪੱਸ਼ਟ ਕੀਤੀ ਕਿ ਉਨ੍ਹਾਂ ਦੀ ਸਰਕਾਰ ਬੇਅਦਬੀ ਜਾਂ ਕਿਸੇ ਵੀ ਧਰਮ ਦਾ ਕਿਸੇ ਪੱਖੋਂ ਨਿਰਾਦਰ ਬਰਦਾਸ਼ਤ ਨਹੀਂ ਕਰੇਗੀ।
ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਰਾਜ ਅੰਦਰ ਅਮਨ-ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਤਹਿਸ-ਨਹਿਸ ਹੋਣ ਸਬੰਧੀ ਤੱਥ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲਾਂ ਰਾਜ ਦੌਰਾਨ ਖੁੰਬਾਂ ਵਾਂਗ ਪੈਦਾ ਹੋਏ ਗਿਰੋਹ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਗਿਰੋਹ ਨਾਲ ਕਿਸੇ ਤਰ੍ਹਾਂ ਦੀ ਢਿੱਲ ਮੱਠ ਨਹੀਂ ਵਰਤੀ ਜਾਵੇਗੀ ਭਾਵੇਂ ਪਿਛਲੇ ਤਿੰਨ ਮਹੀਨਿਆਂ ਤੋਂ ਕਈ ਗਿਰੋਹ ਰੂਪੋਸ਼ ਹੋ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ “ਮੈਂ ਇੱਥੇ ਇਹ ਵੀ ਸਪੱਸ਼ਟ ਕਰਨਾ ਚਾਹਾਂਗਾਂ ਕਿ ਭੈੜੇ ਅਨਸਰ ਸੂਬੇ ਦੀ ਬੜੇ ਸੰਘਰਸ਼ ਬਾਅਦ ਸਥਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕਰਨ ਨਹੀਂ ਤਾਂ ਉਨ੍ਹਾਂ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ।”
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲੀਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਪਹਿਲਾਂ ਵਾਂਗ ਹੀ ਮਿਲਦੀ ਰਹੇਗੀ।
ਪਿਛਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਹਲਕਾ ਸਿਸਟਮ ਦੀ ਗੱਲ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਥਾ ਕਾਂਗਰਸ ਸਰਕਾਰ ਨੇ ਖਤਮ ਕਰ ਦਿੱਤੀ ਹੈ ਜਿਸ ਨਾਲ ਪਿਛਲੇ ਸਮੇਂ ‘ਚ ਪੁਲਿਸ ਪ੍ਰਸ਼ਾਸਨ ਦੇ ਮਨੋਬਲ ਨੂੰ ਢਾਹ ਲੱਗਣ ਦੇ ਨਾਲ ਨਾਲ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਅਸਰ ਪਿਆ ਸੀ। ਪ੍ਰਸ਼ਾਸਨ ਨੂੰ ਹੋਰ ਚੁਸਤ-ਦਰੁਸਤ ਕਰਨ ਦੇ ਮਕਸਦ ਨਾਲ ਉਨ੍ਹਾਂ ਦੀ ਸਰਕਾਰ ਨੇ ਰਾਜ ਵਿਚ 278 ਪੁਲਿਸ ਥਾਣਿਆਂ ਦੀ ਹੱਦਬੰਦੀ ਵਿਚ ਤਬਦੀਲੀ ਲਿਆਉਂਦਿਆਂ 78 ਪੁਲਿਸ ਸਬ-ਡਵੀਜ਼ਨਾਂ ਨੂੰ ਮਾਲ ਸਬ-ਡਵੀਜ਼ਨਾਂ ਦੀ ਹੱਦਬੰਦੀ ਨਾਲ ਜੋੜ ਦਿੱਤਾ ਹੈ।

