ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਪ੍ਰੋ. ਬਡੂੰਗਰ ਨੇ ਕਾਰ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ 23 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਦਰਸ਼ਨ ਦੀਦਾਰੇ ਕਰਨ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਰਾਮ ਤਲਾਈ ਚੌਂਕ ਵਿਖੇ ਬਣਾਈ ਜਾਣ ਵਾਲੀ ਕਾਰ ਪਾਰਕਿੰਗ ਦਾ ਨੀਂਹ ਪੱਥਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰੱਖਿਆ।

ਇਸੇ ਦੌਰਾਨ ਹੀ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਸੰਗਤ ਲਈ ਜਲ ਦੀ ਸਹੂਲਤ ਲਈ ਛਬੀਲਾਂ ਤਿਆਰ ਕਰਨ ਦੀ ਸੇਵਾ ਵੀ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤੀ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ।
ਗੱਲਬਾਤ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੁਨੀਆਂ ਦੇ ਸਭ ਤੋਂ ਮਹਾਨ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ, ਜਿਸ ਕਾਰਨ ਵਾਹਨਾਂ ਦੀ ਗਿਣਤੀ ਵੀ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਕਾਰ ਪਾਰਕਿੰਗ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਸੰਗਤ ਨੂੰ ਠੰਡੇ ਜਲ ਦੀ ਸਹੂਲਤ ਪ੍ਰਦਾਨ ਕਰਨ ਲਈ ਦੋ ਛਬੀਲਾਂ ਵੀ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕਾਰ ਪਾਰਕਿੰਗ ਅਤੇ ਛਬੀਲਾਂ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾਵੇਗੀ। ਪ੍ਰੋ. ਬਡੂੰਗਰ ਨੇ ਇਹ ਵੀ ਦੱਸਿਆ ਕਿ ਹੰਸਲੀ ਨਜ਼ਦੀਕ ਚੌਂਕ ਰਾਮ ਤਲਾਈ ਜੀ. ਟੀ. ਰੋਡ ਤੋਂ ਲੈ ਕੇ ਘਿਓ ਮੰਡੀ ਤੀਕ ਬਣਾਈ ਜਾਣ ਵਾਲੀ ਕਾਰ ਪਾਰਕਿੰਗ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਵੀ ਲਗਾਏ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਰ ਪਾਰਕਿੰਗ ਤਿਆਰ ਹੋਣ ਨਾਲ ਸੰਗਤਾਂ ਦੇ ਵਾਹਨਾਂ ਲਗਾਉਣ ਦੀ ਸਮੱਸਿਆ ਯਕੀਨਨ ਹੱਲ ਹੋਵੇਗੀ।
ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਅੰਦਰ ਸਿੱਖ ਵਿਧਾਇਕਾਂ ਦੀ ਦਸਤਾਰ ਦੀ ਬੇਅਦਬੀ ਬੇਹੱਦ ਨਿੰਦਣਯੋਗ ਹੈ, ਜਿਸ ਲਈ ਵਿਧਾਨ ਸਭਾ ਸਪੀਕਰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਉਂਕਿ ਉਥੇ ਮੌਜੂਦ ਸਨ, ਇਸ ਲਈ ਉਨ੍ਹਾਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਂਦਿਆਂ ਹੋਇਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਆਦੇਸ਼ ਦੇਣ।

Leave a Reply

Your email address will not be published. Required fields are marked *