ਪੰਜਾਬ

ਬਹੁ-ਕਰੋੜੀ ਡਰੱਗ ਸਕੈਂਡਲ ਦੀ ਕੈਪਟਨ ਖੁਦ ਸਮਾਂਬੱਧ ਜਾਂਚ ਕਰਵਾਉਣ : ਆਪ

ਮਜੀਠੀਆ ਨੂੰ ਬਚਾਉਣ ਦੇ ਲੱਗੇ ਦਾਗ ਧੋਣ ਲਈ ਕੈਪਟਨ ਕੋਲ ਹੈ ਹੁਣ ਸਹੀ ਸਮਾਂ-ਅਮਨ ਅਰੋੜਾ
ਡਰੱਗ ਕੇਸ ਵਿਚ ਚਾਰਜਸੀਟ ਹੋਏ ਕਾਂਗਰਸੀ ਆਗੂ ਫਿਲੌਰ ਸੰਬੰਧੀ ਆਪਣਾ ਸਟੈਂਡ ਸਪਸ਼ਟ ਕਰਨ ਮੁੱਖ ਮੰਤਰੀ
ਚੰਡੀਗੜ, 13 ਜੁਲਾਈ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ (ਆਪ) ਨੇ ਅਕਾਲੀ-ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੌਰਾਨ ਫੈਲੇ 6 ਹਜਾਰ ਕਰੋੜ ਰੁਪਏ ਦੇ ਚਰਚਿਤ ਡਰੱਗ ਕੇਸ ਵਿਚ ਫਸੇ ਕਾਂਗਰਸੀ ਆਗੂ ਸਰਵਣ ਸਿੰਘ ਫਿਲੌਰ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸੇ ਕੇਸ ਨਾਲ ਜੁੜੇ ਚਰਚਿਤ

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਜਲੰਧਰ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਿਰੁੱਧ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਰੁਪਿੰਦਰ ਕੌਰ ਰੂਬੀ ਵਲੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਆਗੂਆਂ ਨੇ ਕਿਹਾ ਹੈ ਕਿ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਵਿਚੋਂ ਇਕ ਮਹੀਨੇ ਵਿਚ ਨਸ਼ੇ ਖਤਮ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਲਈ ਇਹ ਸਮਾਂ ਪਰਖ ਦੀ ਘੜੀ ਹੈ ਕਿ ਉਹ 6 ਹਜਾਰ ਕਰੋੜ ਰੁਪਏ ਦੇ ਡਰੱਗ ਕਾਰੋਬਾਰ ਵਿਚ ਸ਼ਾਮਲ ਹਰ ਛੋਟੇ-ਵੱਡੇ ਦੋਸ਼ੀ ਨੂੰ ਸਜਾ ਦਿਵਾਉਦੇ ਹਨ ਜਾਂ ਨਹੀਂ? ਕਿਉਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਸੀਬੀਆਈ ਅਦਾਲਤ ਵਿਚ ਸਰਵਣ ਸਿੰਘ ਫਿਲੌਰ ਅਤੇ ਸਾਬਕਾ ਅਕਾਲੀ ਵਿਧਾਇਕ ਅਵਿਨਾਸ਼ ਚੰਦਰ ਸਮੇਤ 10 ਦੋਸ਼ੀਆਂ ਵਿਰੁੱਧ ਪੇਸ਼ ਕੀਤੇ ਤਾਜਾ ਚਲਾਨ ਨੇ ਸਾਬਿਤ ਕਰ ਦਿੱਤਾ ਹੈ ਕਿ ਇਸ ਕਾਲੇ ਕਾਰੋਬਾਰ ਵਿਚ ਅਕਾਲੀ ਅਤੇ ਕਾਂਗਰਸੀ ਆਗੂ ਕਿਸ ਹੱਦ ਤੱਕ ਸ਼ਾਮਲ ਸਨ।
ਆਪ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿਚ ਈਡੀ ਵਲੋਂ ਬਿਕਰਮ ਸਿੰਘ ਮਜੀਠੀਆ ਅਤੇ ਚੌਧਰੀ ਸੰਤੋਖ ਸਿੰਘ ਨੂੰ ਵੀ ਸੰਮਨ ਕਰਕੇ ਪੁਛਗਿੱਛ ਕੀਤੀ ਜਾਂਦੀ ਰਹੀ ਹੈ। ਉਸ ਸਮੇਂ ਜਦ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਵਲੋਂ ਬਿਕਰਮ ਮਜੀਠੀਆ ਵਿਰੁੱਧ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਉਲਟ ਜਾ ਕੇ ਮਜੀਠੀਆ ਦਾ ਬਚਾਅ ਕਰਦਿਆਂ ਕਿਹਾ ਸੀ ਕਿ ਸੂਬਾ ਅਤੇ ਕੇਂਦਰ ਦੀਆਂ ਵੱਖ-ਵੱਖ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ, ਇਸ ਲਈ ਸੀਬੀਆਈ ਜਾਂਚ ਦੀ ਜਰੂਰਤ ਨਹੀਂ। ਆਪ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਉਦੋਂ ਮਜੀਠੀਏ ਦਾ ਬਚਾਅ ਨਾ ਕਰਦੇ ਤਾਂ ਮਜੀਠੀਆ ਸੀਬੀਆਈ ਜਾਂਚ ਦਾ ਸਾਹਮਣਾ ਕਰ ਰਿਹਾ ਹੁੰਦਾ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਆਪਣੇ ਉੁਪਰ ਬਿਕਰਮ ਮਜੀਠੀਆ ਨੂੰ ਬਚਾਉਣ ਲਈ ਲੱਗੇ ਦਾਗ ਨੂੰ ਧੋਣ ਦਾ ਹੁਣ ਬੇਹਤਰੀਨ ਸਮਾਂ ਹੈ, ਕਿਉਕਿ ਪੰਜਾਬ ਦੀਆਂ ਸਾਰੀਆਂ ਜਾਂਚ ਏਜੰਸੀਆਂ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਹਨ, ਜੇਕਰ ਕੈਪਟਨ ਅਮਰਿੰਦਰ ਸਿੰਘ ਚਾਹੁਣ ਤਾਂ ਉਹ 6 ਹਜਾਰ ਕਰੋੜ ਰੁਪਏ ਦੇ ਨਸ਼ਿਆਂ ਦੇ ਕਾਲੇ ਕਾਰੋਬਾਰ ਵਿਚ ਸ਼ਾਮਲ ਹਰੇਕ ਦੋਸ਼ੀ ਦੀ ਨਿਰਪੱਖ ਜਾਂਚ ਕਰਵਾ ਸਕਦੇ ਹਨ ਤਾਂਕਿ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜਨਤਾ ਦੇ ਸਾਹਮਣੇ ਆ ਸਕੇ, ਕਿਉਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਵਲੋਂ ਬਿਕਰਮ ਮਜੀਠੀਆ ਉਪਰ ਡਰੱਗ ਰੈਕੇਟ ਵਿਚ ਸ਼ਾਮਲ ਹੋਣ ਦੇ ਪਹਿਲਾਂ ਹੀ ਗੰਭੀਰ ਦੋਸ਼ ਲਗਾਏ ਜਾ ਚੁੱਕੇ ਹਨ ਅਤੇ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਮੰਤਰੀ ਅਤੇ ਵਿਧਾਇਕ ਵਿਧਾਨ ਸਭਾ ਸੈਸ਼ਨ ਵਿਚ ਚੀਕ-ਚੀਕ ਕੇ ਕਹਿ ਰਹੇ ਸਨ ਕਿ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂ ਨੂੰ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਹਨ, ਪਰੰਤੂ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਸ ਤਰੀਕੇ ਨਾਲ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਦੇ ਦੋਸ਼ਾਂ ਨੂੰ ਨਜਰ-ਅੰਦਾਜ ਕੀਤਾ ਗਿਆ ਉਸ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਕਿਰਦਾਰ ਸਵਾਲਾਂ ਦੇ ਘੇਰੇ ਵਿਚ ਆਉਦਾ ਹੈ।
ਆਪ ਆਗੂਆਂ ਨੇ ਕਿਹਾ ਕਿ ਕੈਪਟਨ ਇਹ ਵੀ ਦੱਸਣ ਕਿ ਜਦ ਸਰਵਣ ਸਿੰਘ ਫਿਲੌਰ ਉਪਰ ਇੰਨੇ ਗੰਭੀਰ ਇਲਜ਼ਾਮ ਸਨ ਤਾਂ ਉਨਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਿਉ ਕੀਤਾ ਕੀ ਉਸ ਸਮੇਂ ਉਨਾਂ ਨੂੰ ਸ੍ਰੀ ਗੁਟਕਾ ਸਾਹਿਬ ਯਾਦ ਨਹੀਂ ਆਏ? ਜਦਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਪੰਜਾਬ ਅੰਦਰ ਰਾਜਨੀਤਿਕ ਲੋਕਾਂ ਦੀ ਸਰਪ੍ਰਸਤੀ ਥੱਲੇ ਵੱਡੇ ਪੱਧਰ ‘ਤੇ ਨਸ਼ਿਆਂ ਦਾ ਕਾਰੋਬਾਰ ਚੱਲਦਾ ਸੀ ਅਤੇ ਅੱਜ ਵੀ ਚੱਲ ਰਿਹਾ ਹੈ।

Leave a Reply

Your email address will not be published. Required fields are marked *