ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਬੈਂਚ ਤੇ ਆਰ.ਓਜ, ਸਿੱਖਿਆ ਵਿਭਾਗ ਤੋਂ ਸੂਚੀਆਂ ਮੰਗੀਆਂ
ਪਟਿਆਲਾ, 24 ਜੁਲਾਈ (ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਤੇ ਬੱਚਿਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਿਹਨਾਂ ਸਕੂਲਾਂ ਵਿੱਚ ਬੱਚਿਆਂ ਲਈ ਬੈਂਚ, ਆਰ.ਓ. ਤੇ ਟਾਈਲਟਸ ਦੀ ਲੋੜ ਹੈ ਉਹਨਾਂ ਦੀ ਸੂਚੀ ਤੁਰੰਤ ਤਿਆਰ ਕਰਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਵਿਖੇ 25 ਜੁਲਾਈ ਤੱਕ ਮੁਹੱਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਅੱਜ ਮਿੰਨੀ ਸਕੱਤਰੇਤ ਵਿਖੇ ਸਿੱਖਿਆ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ ਉਹਨਾਂ ਸਕੂਲਾਂ ਲਈ ਹੀ ਸਮਾਨ ਦੀ ਮੰਗ ਕੀਤੀ ਜਾਵੇ ਜਿੱਥੇ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਚੀ ਨਾਲ ਇਹ ਸਰਟੀਫਿਕੇਟ ਵੀ ਦੇਣਗੇ ਕਿ ਇਹ ਸਮਾਨ ਸਕੂਲਾਂ ਵਿੱਚ ਲੋੜੀਂਦਾ ਹੈ। ਉਹਨਾਂ ਕਿਹਾ ਕਿ ਮਿਡ ਡੇ ਮੀਲ ਤਹਿਤ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਿਆਰ ਨੂੰ ਵੀ ਲਗਾਤਾਰ ਚੈਕ ਕੀਤਾ ਜਾਵੇ।
ਮੀਟਿੰਗ ਵਿੱਚ ਏ.ਡੀ.ਸੀ. ਜਨਰਲ ਸ਼੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. ਵਿਕਾਸ ਸ਼੍ਰੀ ਸੌਕਤ ਅਹਿਮਦ ਪਰੇ, ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸਮਾਣਾ ਸੇਵਾ ਮੁਕਤ ਕਰਨਲ ਮਨਜੀਤ ਸਿੰਘ ਚੀਮਾ, ਐਸ.ਡੀ.ਐਮ ਪਾਤੜਾਂ ਸ਼੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ ਰਾਜਪੁਰਾ ਸ਼੍ਰੀ ਸੰਜੀਵ ਕੁਮਾਰ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ ਅਤੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

