ਕੌਮੀ ਲੋਕ ਅਦਾਲਤ 9 ਸਤੰਬਰ ਨੂੰ : ਸੈਸਨ ਜੱਜ
ਪਟਿਆਲਾ, 9 ਅਗਸਤ (ਮਧੂਸਾਰ ਬਿਊਰੋ) ਮਾਨਯੋਗ ਸ਼੍ਰੀ ਐਸ.ਐਸ.ਸਾਰੋਂ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਮ ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ 9 ਸਤੰਬਰ 2017 ਨੂੰ ਸੈਸ਼ਨ ਡੀਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿਸ ਵਿੱਚ ਗੈਰ ਰਾਜੀਨਾਮਾ ਯੋਗ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵਨਿਊ) ਕੇਸ ਲਏ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸੈਸ਼ਨ ਜੱਜ –ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਸੰਜੀਵ ਬੇਰੀ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹੇ ਵਿੱਚ ਜੂਡੀਸ਼ੀਅਲ ਦੇ ਬਂੈਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵੀ ਸ਼ਾਮਿਲ ਹੋਣਗੇ। ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣਨਗੇ ਸ਼੍ਰੀ ਸੰਜੀਵ ਬੇਰੀ ਨੇ ਅੱਗੋਂ ਹੋਰ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿੱਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ। ਸ਼੍ਰੀ ਅਸ਼ੀਸ਼ ਕੁਮਾਰ ਬਾਂਸਲ ਸਕੱਤਰ, ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਅਪੀਲ ਕੀਤੀ ਕਿ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ।
ਇਸ ਸੰਬੰਧੀ ਹੋਰ ਜਾਣਕਾਰੀ ਲਈ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in ਅਤੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ।

