ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸ੍ਰੀ ਗੁਰੂ ਗ੍ਰੰਥ ਸਾਹਿਬ ਬ੍ਰਹਮੰਡ ਦੇ ਗਿਆਨ ਦਾ ਉਤਮ ਸੋਮਾ : ਬਡੂੰਗਰ
ਪਟਿਆਲਾ, 22 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਰਾਗੀ ਜੱਥਿਆਂ ਨੇ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਬ੍ਰਹਮੰਡ ਦੇ ਗਿਆਨ ਦਾ ਉਤਮ ਸੋਮਾ ਹੈ, ਜੋ ਸੰਸਾਰ ਦੀਆਂ ਅਧਿਆਤਮਕ ਤੇ ਸੰਸਾਰ ਸਮੱਸਿਆਵਾਂ ਦੇ ਹੱਲ ਦੀ ਜੋਤ ਹੈ।
ਉਹਨਾਂ ਕਿਹਾ ਕਿ ਅੱਜ ਦੇ ਵਿਗਿਆਨੀ ਜੋ ਖੋਜਾਂ ਰਾਹੀਂ ਬ੍ਰਹਮੰਡ ਦਾ ਸੱਚ ਦੁਨੀਆਂ ਸਾਹਮਣੇ ਲਿਆ ਰਹੇ ਹਨ, ਗੁਰੂ ਗ੍ਰੰਥ ਸਾਹਿਬ ਕਈ ਸੌ ਵਰ੍ਹੇ ਪਹਿਲਾਂ ਇਹ ਗਿਆਨ ਦੁਨੀਆਂ ਨੂੰ ਦੇ ਚੁੱਕੇ ਹਨ। ਉਹਨਾਂ ਕਿਹਾ ਕਿ ਸੰਸਾਰਕ ਰਿਸ਼ਤਿਆਂ ਦੀ ਗੱਲ ਤੋਂ ਲੈ ਕੇ ਜੀਵਨ ਦੇ ਫਲਸਫੇ ਦਾ ਹਰ ਪੱਖ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਸ਼ਬਦ ਗੁਰੂ ਤੋਂ ਸਿੱਖਿਆ ਲੈ ਕੇ ਅਸੀਂ ਆਪਣੀਆਂ ਸਮੱਸਿਆਵਾਂ ਹੱਲ ਕਰ ਸਕਦੇ ਹਾਂ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸੰਗਤ ਨੂੰ ਧਾਰਮਿਕ ਪਾਖੰਡਾਂ ਤੋਂ ਦੂਰ ਕੀਤਾ ਸੀ ਪਰ ਅੱਜ ਫਿਰ ਤੋਂ ਕੁਝ ਲੋਕਾਂ ਦਾ ਰੁਝਾਨ ਧਰਮ ਦੇ ਪਾਖੰਡੀਆਂ ਵੱਲ ਹੋ ਰਿਹਾ ਹੈ ਜੋ ਮੰਦਭਾਗੀ ਗੱਲ ਹੈ। ਉਹਨਾਂ ਕਿਹਾ ਕਿ ਸਾਨੂੰ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਲੈ ਕੇ ਸ਼ਬਦ ਗੁਰੂ ਦੇ ਦਰਸਾਏ ‘ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਅਰਦਾਸ ਕੀਤੀ।
ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੀ ਏ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਨਵਤੇਜ ਸਿੰਘ ਕਾਉਣੀ, ਗਿਆਨੀ ਪ੍ਰਿਤਪਾਲ ਸਿੰਘ ਕਥਾ ਵਾਚਕ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਜਗੀਰ ਸਿੰਘ ਸਾਬਕਾ ਸਕੱਤਰ, ਜਥੇਦਾਰ ਇੰਦਰਮੋਹਨ ਸਿੰਘ ਬਜਾਜ, ਸੁਖਦੇਵ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਬਰਸਟ, ਜਗਜੀਵਨ ਸਿੰਘ, ਕਰਨੈਲ ਸਿੰਘ, ਕੰਵਲਜੀਤ ਸਿੰਘ, ਗੁਰਦੀਪ ਸਿੰਘ ਸ਼ੇਖੂਪੁਰ, ਗੁਰੂ ਤੇਗ ਬਹਾਦਰ ਸੇਵਕ ਜੱਥਾ ਦੇ ਨੁਮਾਇੰਦੇ, ਗਿਆਨੀ ਸੁਖਦੇਵ ਸਿੰਘ, ਸੁਖਦਰਸ਼ਨ ਸਿੰਘ ਮਿਹੋਣ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।

