ਪੰਜਾਬਪਟਿਆਲਾ

ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ‘ਚ 63 ਕਾਰਜਕਾਰੀ ਮੈਜਿਸਟਰੇਟ ਤਾਇਨਾਤ

ਵੱਡੀ ਗਿਣਤੀ ਵਿੱਚ ਅਰਧ ਸੁਰੱਖਿਆ ਬਲ ਤੇ ਪੁਲਿਸ ਤਾਇਨਾਤ
ਡੀ.ਸੀ. ਵੱਲੋਂ ਲੋਕਾਂ ਨੂੰ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਫੌਜ ਨਾਲ ਵੀ ਤਾਲਮੇਲ-ਲੋੜ ਪੈਣ ‘ਤੇ ਲਈਆਂ ਜਾ ਸਕਦੀਆਂ ਹਨ ਸੇਵਾਵਾਂ
ਅਮਨ ਤੇ ਕਾਨੂੰਨ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ-ਐਸ.ਐਸ.ਪੀ.
ਪਟਿਆਲਾ, 23 ਅਗਸਤ (ਮਧੂਸਾਰ ਬਿਊਰੋ) ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਵਿੱਚ 63 ਕਾਰਜਕਾਰੀ ਮੈਜਿਸਟਰੈਟ ਨਿਯੁਕਤ ਕਰਕੇ ਉਹਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕਰ ਦਿੱਤਾ ਹੈ।

ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਅੱਜ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਕੀਤੀ ਸਾਂਝੀ ਮੀਟਿੰਗ ਦੌਰਾਨ ਇਹਨਾਂ ਕਾਰਜਕਾਰੀ ਮੈਜਿਸਟਰੇਟਾਂ ਨੂੰ ਹਾਲਤਾਂ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਮੀਟਿੰਗ ਵਿੱਚ ਹਾਜ਼ਰ ਇਹਨਾਂ ਕਾਰਜਕਾਰੀ ਮੈਜਿਸਟਰੇਟਾਂ ਨੂੰ ਕਿਹਾ ਕਿ ਉਹਨਾਂ ਨਾਲ ਲਗਾਏ ਗਏ ਪੁਲਿਸ ਅਧਿਕਾਰੀਆਂ ਨਾਲ ਤੁਰੰਤ ਰਾਬਤਾ ਕਰਕੇ ਆਪਣੇ-ਆਪਣੇ ਖੇਤਰਾਂ ਦਾ ਤੁਰੰਤ ਦੌਰਾ ਕਰਕੇ ਸਥਿਤੀ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜ਼ਿਲ੍ਹੇ ਵਿੱਚ ਦਫ਼ਾ 144 ਲੱਗੀ ਹੋਣ ਕਾਰਨ ਕਿਤੇ ਵੀ 5 ਵਿਅਕਤੀਆਂ ਤੋਂ ਵੱਧ ਇਕੱਠ ਨਾ ਹੋਣ ਦੇਣ ਅਤੇ ਨਾ ਹੀ ਕਿਸੇ ਨੂੰ ਹਥਿਆਰ ਲੈ ਕੇ ਚੱਲਣ ਦੀ ਇਜਾਜ਼ਤ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਲੋੜ ਪੈਣ ਦੀ ਸੂਰਤ ਵਿੱਚ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਹਨਾਂ ਕਾਰਜਕਾਰੀ ਮੈਜਿਸਟਰੇਟਾਂ ਦੇ ਵਾਹਨਾਂ ਵਿੱਚ ਵਾਇਰਲੈਸ ਸੈਟ ਲਗਾਏ ਜਾਣਗੇ ਤਾਂ ਕਿ ਦੂਸਰੇ ਸੰਚਾਰ ਸਾਧਨਾਂ ਵਿੱਚ ਇਹ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਰੱਖ ਸਕਣ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਦੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਕੋਈ ਵੀ ਸਟੇਸ਼ਨ ਨਹੀਂ ਛੱਡ ਸਕੇਗਾ। ਉਹਨਾਂ ਮੀਟਿੰਗ ਵਿੱਚ ਹਾਜ਼ਰ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਤੇ ਸਬ ਡਵੀਜ਼ਨ ਪੱਧਰ ‘ਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਸਰਜਨ ਦੇ ਦਫ਼ਤਰ ਅਤੇ ਸਮੂਹ ਸਬ ਡਵੀਜ਼ਨ ਮੈਜਿਸਟਰੇਟਾਂ ਦੇ ਦਫ਼ਤਰਾਂ ਵਿੱਚ ਵਾਇਰਲੈਸ ਸੈਟ ਲਗਾਏ ਜਾਣਗੇ ਤਾਂ ਕਿ ਇਹ ਸਥਿਤੀ ‘ਤੇ ਪੂਰੀ ਨਜ਼ਰ ਰੱਖ ਸਕਣ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੈਡ ਕਰਾਸ, ਫਾਇਰ ਬ੍ਰਿਗੇਡ ਤੇ ਰਿਕਵਰੀ ਵੈਨਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਅਤੇ ਏ.ਡੀ.ਸੀ. ਜਨਰਲ ਸ਼੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. ਵਿਕਾਸ ਸ਼੍ਰੀ ਸ਼ੌਕਤ ਅਹਿਮਦ ਪਰੇ ਤੇ ਈ.ਟੀ.ਸੀ. ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਫਾਇਰ ਬ੍ਰਿਗੇਡ ਤੇ ਮੈਡੀਕਲ ਸਹਾਇਤਾ ਦੇ ਪ੍ਰਬੰਧ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਟਸ ਐਪ ਜਾਂ ਫੋਨ ਰਾਹੀਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕਰਨ ਤੇ ਜ਼ਿਲ੍ਹੇ ਵਿੱਚ ਅਮਨ, ਸ਼ਾਤੀ ਤੇ ਆਪਸੀ ਭਾਈਚਾਰਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਸੰਧਰਵ ਵਿੱਚ ਉਹ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਤੱਥਾਂ ਦੀ ਪੁਸ਼ਟੀ ਕਰਕੇ ਹੀ ਕੋਈ ਖਬਰ ਪ੍ਰਕਾਸ਼ਤ ਕਰਨ।
ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਮੁਖੀ ਡਾਕਟਰ ਐਸ.ਭੂਪਤੀ ਨੇ ਸਿਵਲ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਇਸ ਨਾਜੁਕ ਸਥਿਤੀ ਨਾਲ ਨਜਿੱਠਣ ਲਈ ਇੱਕ ਟੀਮ ਦੇ ਤੌਰ ‘ਤੇ ਕੰਮ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਅਰਧ ਸੁਰੱਖਿਆ ਬਲ ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜੇ ਅਫਵਾਹ ਫੈਲਾਉਣ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਉਸ ਖਿਲਾਫ਼ ਆਈ.ਟੀ. ਐਕਟ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੱਜ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹੇ ਦੇ ਨਾਜੁਕ ਸਥਾਨਾਂ ਦਾ ਦੌਰਾ ਵੀ ਕੀਤਾ ਅਤੇ ਡੇਰਾ ਸੱਚਾ ਸੌਦਾ ਦੇ ਨਾਮ ਚਰਚਾ ਘਰਾਂ ਵਿੱਚ ਜਾ ਕੇ ਉੱਥੇ ਪੁੱਜੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪ੍ਰੇਰਿਤ ਵੀ ਕੀਤਾ।
ਮਿੰਨੀ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਕਈ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *