ਪੰਜਾਬ ‘ਚ ਸ਼ਾਂਤੀ ਕਾਇਮ ਰੱਖਣ ਲਈ ਅਮਰਿੰਦਰ ਸਰਕਾਰ ਵੱਲੋਂ ਕੀਤੇ ਯਤਨ ਸ਼ਲਾਘਾਯੋਗ : ਬਡੂੰਗਰ
ਮੋਦੀ ਦੀ ਘੁਰਕੀ ਮਗਰੋਂ ਖੱਟੜ ਨੇ ਹਰਿਆਣਾ ‘ਚ ਕਦਮ ਚੁੱਕੇ
ਪਟਿਆਲਾ, 29 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਮਿਲਣ ਦੇ ਮਾਮਲੇ ਵਿਚ ਪੰਜਾਬ ਵਿਚ ਉਪਜੇ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਯਤਨਾ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਜੋ ਅਮਰਿੰਦਰ ਸਿੰਘ ਨੇ ਕੀਤਾ ਉਹ ਪਹਿਲਾਂ ਕਦੇ ਨਹੀਂ ਹੋਇਆ।
ਪ੍ਰੋ. ਬਡੂੰਗਰ ਨੇ ਕਿਹਾ ਕਿ ਕਿਸੇ ਰਾਜ ਦੇ ਮੁੱਖ ਮੰਤਰੀ ਵੱਲੋਂ ਆਪਣਾ ਹੈਲੀਕਾਪਟਰ ਡੀ ਜੀ ਪੀ ਦੇ ਹਵਾਲੇ ਕਰਨਾ ਤੇ ਸਾਰੇ ਰਾਜ ਦੀ ਜ਼ਿੰਮੇਵਾਰੀ ਉਸਨੂੰ ਸੌਂਪਣ ਦੇ ਨਾਲ ਨਾਲ ਖੁਦ ਸਰਹੱਦਾਂ ਅਤੇ ਸੂਬੇ ਦੇ ਵੱਖ ਵੱਖ ਭਾਗਾਂ ਵਿਚ ਜਾ ਕੇ ਸੁਰੱਖਿਆ ਕਰਮਚਾਰੀਆਂ ਨੂੰ ਹੱਲਾਸ਼ੇਰੀ ਦੇਣਾ ਆਪਣੇ ਆਪ ਵਿਚ ਅਣਕਿਆਸਾ ਹੈ। ਉਹਨਾਂ ਕਿਹਾ ਕਿ ਇਹਨਾਂ ਯਤਨਾਂ ਦੀ ਸ਼ਲਾਘਾ ਕਰਨੀ ਬਣਦੀ ਹੈ। ਉਹਨਾਂ ਕਿਹਾ ਕਿ ਇਹਨਾਂ ਕਦਮਾਂ ਦੀ ਬਦੌਲਤ ਹੀ ਪੰਜਾਬ ਵਿਚ ਅਮਨ, ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣੀ ਰਹੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ‘ਤੇ ਵਰ੍ਹਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਐਲਾਨ ਕਰ ਦਿੱਤਾ ਕਿ ਆਸਥਾ ਦੇ ਨਾਮ ‘ਤੇ ਹਿੰਸਾ ਬਰਦਾਸ਼ਤ ਨਹੀਂ ਜਾਵੇਗੀ ਤਾਂ ਉਸ ਮਗਰੋਂ ਹੀ ਸ੍ਰੀ ਖੱਟੜ ਨੇ ਹਰਿਆਣਾ ਵਿਚ ਸ਼ਾਂਤੀ ਬਹਾਲੀ ਲਈ ਕਦਮ ਚੁੱਕੇ। ਉਹਨਾਂ ਕਿਹਾ ਕਿ ਪੰਚਕੁਲਾ ਵਿਚ ਜੋ ਕੁਝ ਹੋਇਆ, ਉਸ ਤੋਂ ਅਜਿਹਾ ਪ੍ਰਤੀਤ ਹੁੰਦਾ ਸੀ ਕਿ ਸਾਰੀ ਸਾਜ਼ਿਸ਼ ਵਿਚ ਕਿਤੇ ਹਰਿਆਣਾ ਸਰਕਾਰ ਦਾ ਵੀ ਯੋਗਦਾਨ ਹੈ। ਉਹਨਾਂ ਕਿਹਾ ਕਿ ਪੰਚਕੁਲਾ ਨੂੰ ਤਬਾਹੀ ਤੋਂ ਉਥੇ ਹੀ ਡਿਪਟੀ ਕਮਿਸ਼ਨਰ ਗੌਰੀ ਪਰਾਸ਼ਰ ਜੋਸ਼ੀ ਨੇ ਬਚਾਇਆ ਜਿਹਨਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਸ਼ਹਿਰ ਨੂੰ ਫੌਜ ਹਵਾਲੇ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ।
ਪ੍ਰੋ. ਬਡੂੰਗਰ ਨੇ ਪੰਚਕੁਲਾ ਮਾਮਲੇ ਵਿਚ ਮੀਡੀਆ ਵੱਲੋਂ ਨਿਭਾਈ ਭੂਮਿਕਾ ਦੀ ਵੀ ਜ਼ੋਰਦਾਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੱਤਰਕਾਰਾਂ ਨੇ ਵੀ ਆਪਣੇ ਪਿੱਛੇ ਪਰਿਵਾਰਾਂ ਦੀ ਪਰਵਾਹ ਨਾ ਕਰਦਿਆਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਪੰਚਕੁਲਾ ਵਿਚ ਜੋ ਵਾਪਰ ਰਿਹਾ ਸੀ, ਉਸਦੀ ਪਲ ਪਲ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਾਸਤੇ ਕੰਮ ਕੀਤਾ। ਉਹਨਾਂ ਕਿਹਾ ਕਿ ਇਹਨਾਂ ਦੀ ਭੂਮਿਕਾ ਦੀ ਜਿੰਨੀ ਵੀ ਸ਼ਲਾਘਾ ਜਾਵੇ ਥੋੜੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਸਤਿੰਦਰਪਾਲ ਕੌਰ ਵਾਲੀਆ ਇੰਚਾਰਜ ਜਗਬਾਣੀ ਗਰੁੱਪ, ਸ਼੍ਰੋਮਣੀ ਕਮੇਟੀ ਮੈਂਬਰ ਲਾਭ ਸਿੰਘ ਦੇਵੀਨਗਰ ਤੇ ਸਵਿੰਦਰ ਸਿੰਘ ਸੱਭਰਵਾਲ, ਪੀ ਏ ਭਗਵੰਤ ਸਿੰਘ ਧੰਗੇੜਾ ਤੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਚੇਅਰਮੈਨ ਗੁਰਦੀਪ ਸਿੰਘ ਸ਼ੇਖੂਪੁਰਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

