ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੁੱਜਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ 11 ਮੈਂਬਰੀ ਸਲਾਹਕਾਰ ਸਬ-ਕਮੇਟੀ ਗਠਿਤ
ਪੰਥਕ ਮਸਲਿਆਂ ਦੀ ਰਿਪੋਰਟ ਸਬ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੇਗੀ : ਪ੍ਰੋ. ਬਡੂੰਗਰ
ਪਟਿਆਲਾ 5 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਮਿਲੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵਿਚਾਰਨ ਅਧੀਨ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ 11 ਮੈਂਬਰੀ ਸਲਾਹਕਾਰ ਸਬ-ਕਮੇਟੀ ਗਠਿਤ ਕਰ ਦਿੱਤੀ ਹੈ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵੱਖ-ਵੱਖ ਪੰਥਕ ਮਸਲਿਆਂ ਤੇ ਮੰਗਾਂ ਸਬੰਧੀ ਸ਼ਿਕਾਇਤਾਂ ਪੁੱਜਦੀਆਂ ਹਨ, ਜਿਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੂੰ ਪੱਤਰ ਲਿਖਿਆ ਸੀ ਅਤੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਮੀਟਿੰਗ ‘ਚ ਇਸ ਨੂੰ ਵਿਚਾਰਨ ਤੋਂ ਬਾਅਦ ਸਰਬਸੰਮਤੀ ਨਾਲ ਕਮੇਟੀ ਗਠਿਤ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 11 ਮੈਂਬਰੀ ਕਮੇਟੀ ਦੀ ਪਲੇਠੀ ਮੀਟਿੰਗ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ 13 ਸਤੰਬਰ ਨੂੰ ਸਵੇਰੇ 11 ਵਜੇ ਸੱਦੀ ਗਈ ਹੈ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੰਗਾਂ ਤੇ ਸ਼ਿਕਾਇਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਕਮੇਟੀ ‘ਚ ਨਾਮਜ਼ਦ ਮੈਂਬਰਾਂ/ਬੁੱਧਜੀਵੀਆਂ ਵੱਲੋਂ ਘੋਖ-ਪੜਤਾਲ ਤੇ ਵਿਚਾਰਨ ਮਗਰੋਂ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਗਠਿਤ ਕੀਤੇ ਜਾਣ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ-ਮਹੱਤਤਾ ਹੋਰ ਵਧੇਗੀ ਅਤੇ ਛੋਟੇ-ਵੱਡੇ ਮਸਲਿਆਂ ਦਾ ਨਿਪਟਾਰਾ ਵੀ ਸਮੇਂ ਸਿਰ ਹੋਵੇਗਾ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਗਠਿਤ ਕੀਤੀ ਕਮੇਟੀ ‘ਚ ਡਾ. ਗੁਰਨੇਕ ਸਿੰਘ, ਪ੍ਰੋਫੈਸਰ (ਰਿਟਾ.) ਪੰਜਾਬੀ ਯੂਨੀਵਰਸਿਟੀ ਪਟਿਆਲਾ, ਬੀਬੀ ਪ੍ਰਭਜੋਤ ਕੌਰ ਪ੍ਰਿੰਸੀਪਲ ਚੰਡੀਗੜ੍ਹ, ਡਾ. ਪਰਮਵੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਮਲਕਿੰਦਰ ਕੌਰ ਪ੍ਰੋਫੈਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਇੰਦਰਜੀਤ ਸਿੰਘ ਗੋਗੋਆਣੀ ਸ੍ਰੀ ਅੰਮ੍ਰਿਤਸਰ ਸਾਹਿਬ, ਡਾ. ਅਮਰਜੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ, ਡਾ. ਹਰਜੀਤ ਸਿੰਘ ਅਸਿਸਟੈਂਟ ਪ੍ਰੋਫੈਸਰ ਰਿਲੀਜਨ ਗੁਰਮਤਿ ਕਾਲਜ ਪਟਿਆਲਾ, ਡਾ. ਜਸਵੰਤ ਸਿੰਘ ਅਸਿਸਟੈਂਟ ਪ੍ਰੋਫੈਸਰ ਰਿਲੀਜਨ ਪੰਜਾਬੀ ਯੂਨੀਵਰਸਿਟੀ ਕਾਲਜ ਢਿੱਲਵਾਂ ਜਿਲ੍ਹਾ ਬਰਨਾਲਾ, ਰਾਜਦਵਿੰਦਰ ਸਿੰਘ ਐਡੀਟਰ ਸੱਚਖੰਡ ਪੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਸਾਹਿਬ, ਭਗਵਾਨ ਸਿੰਘ ਜੌਹਲ, ਡਾ. ਸਰਬਜੀਤ ਸਿੰਘ ਪ੍ਰੋਫੈਸਰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਇਸ ਸਬ-ਕਮੇਟੀ ਦੇ ਕੋ-ਆਰਡੀਨੇਟਰ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ, 96ਵੇਂ ਕਰੋੜੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਅਬਲੋਵਾਲ, ਨਿੱਜੀ ਸਹਾਇਕ ਭਗਵੰਤ ਸਿੰਘ ਆਦਿ ਹਾਜ਼ਰ ਸਨ।

