ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵਿਸ਼ੇਸ਼ ਸਫ਼ਾਈ ਪੰਦਰਵਾੜਾ ਤਹਿਤ ਕਾਲਜ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਸਫ਼ਾਈ
ਪਟਿਆਲਾ 6 ਸਤੰਬਰ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ, ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਯੂ.ਜੀ.ਸੀ., ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਨਿਗਮ, ਪਟਿਆਲਾ ਦੇ ਸਹਿਯੋਗ ਨਾਲ ਕਾਲਜ ਦਾ ਚੌਗਿਰਦਾ ਸਾਫ਼ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਮ ਤੌਰ ‘ਤੇ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਅਤੇ ਅਦਾਰਿਆਂ ਵੱਲੋਂ ਆਪਣੇ-ਆਪਣੇ ਇਲਾਕੇ ਨੂੰ ਕੂੜਾ ਮੁਕਤ ਕਰਨ ਦੀਆਂ ਚਲਾਈਆਂ ਅਨੇਕਾਂ ਸਕੀਮਾਂ ਅਧਵਾਟੇ ਹੀ ਦਮ ਤੋੜ ਦਿੰਦੀਆਂ ਹਨ ਕਿਉਂਕਿ ਅਸੀਂ ਇਨ੍ਹਾਂ ਸਕੀਮਾਂ ਦੀ ਮਹੱਤਤਾ ਸਮਝੇ ਬਗੈਰ ਹੀ ਆਪਣਾ ਸਹਿਯੋਗ ਦੇਣ ਤੋਂ ਹੱਥ ਪਿੱਛੇ ਖਿੱਚ ਲੈਂਦੇ ਹਾਂ, ਪ੍ਰੰਤੂ ਖ਼ਾਲਸਾ ਕਾਲਜ, ਪਟਿਆਲਾ ਦਾ ਸਹਿਯੋਗ ਬਹੁਤ ਤਸੱਲੀਬਖ਼ਸ਼ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਦੇਸ਼ ਨੂੰ ਸਾਫ਼ ਸੁਥਰਾ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਸਹਿਯੋਗ ਕਰਨਾ ਚਾਹੀਦਾ ਹੈ ਕਿਉਂਕਿ ਕੂੜੇ ਨੂੰ ਸਹੀ ਥਾਂ ਤੇ ਨਾ ਸੁੱਟਣ ਦੀ ਸਮੱਸਿਆ ਕਾਰਣ ਹੀ ਅਸੀਂ ਆਪਣੇ ਆਲੇ ਦੁਆਲੇ ਨੂੰ ਗੰਦਾ ਅਤ ਪ੍ਰਦੂਸ਼ਿਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵੱਖ ਵੱਖ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਲਈ ਉਨ੍ਹਾਂ ਦੇ ਫ਼ਰਜਾ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਆਪਣਾ ਬਣਦਾ ਯੋਗਦਾਨ ਪਾ ਸਕਣ।
ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਜਗਤਾਰ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਮੁਹਿੰਮ ਤਹਿਤ ਕਾਲਜ ਵਿੱਚ ਵਿਸ਼ੇਸ਼ ਸਫ਼ਾਈ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਮੁੱਖ ਮਕਸਦ ਵਿਦਿਆਰਥੀ ਵਰਗ ਨੂੰ ਸਫ਼ਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸੇ ਲੜੀ ਤਹਿਤ ਪਿਛਲੇ ਦਿਨੀ ਕਾਲਜ ਦੇ ਹੋਸਟਲ ਅਤੇ ਮੈੱਸ ਦੀ ਸਫ਼ਾਈ ਵੀ ਵਿਦਿਆਰਥਣਾਂ ਵੱਲੋਂ ਕੀਤੀ ਗਈ ਹੈ।
ਇਸ ਕੈਂਪ ਵਿੱਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਸਪਨਾ ਅਤੇ ਪ੍ਰੋ. ਦਵਿੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਕਾਲਜ ਦੇ ਐਨ.ਐਸ.ਐਸ. ਦੇ ਬਹੁ ਗਿਣਤੀ ਵਲੰਟੀਅਰਾਂ ਨੇ ਉਤਸ਼ਾਹਪੂਰਵਕ ਭਾਗ ਲਿਆ

