ਸ਼੍ਰੋਮਣੀ ਕਮੇਟੀ ਅਧੀਨ ਇਮਾਰਤੀ ਵਿਭਾਗ ਦੇ ਕੰਮਕਾਜ ਨੂੰ ਵੇਖੇਗੀ ‘ਹਾਈ-ਪਾਵਰ’ ਕਮੇਟੀ : ਪ੍ਰੋ. ਬਡੂੰਗਰ
ਮੀਰੀ-ਪੀਰੀ ਨੂੰ ਸਮਰਪਿਤ 400ਸਾਲਾ ਬੰਦੀ ਛੋੜ ਦਿਵਸ ਮਨਾਉਣ ਲਈ ਰੂਪ-ਰੇਖਾ ਉਲੀਕੀ
ਧਰਮ ਪ੍ਰਚਾਰ ਲਹਿਰ ਤਹਿਤ ਪਟਿਆਲਾ ‘ਚ 25 ਸਤੰਬਰ ਨੂੰ ਹੋਵੇਗਾ ਮਹਾਨ ਗੁਰਮਤਿ ਸਮਾਗਮ
ਬਹਾਦਰਗੜ੍ਹ/ਪਟਿਆਲਾ 8 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਕੂਲਾਂ-ਕਾਲਜਾਂ ਦੀਆਂ ਉਸਾਰੀ ਅਧੀਨ ਇਮਾਰਤਾਂ ਦੇ ਕੰਮ-ਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਨੂੰ ਲੈ ਕੇ ‘ਹਾਈ-ਪਾਵਰ’ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ।
ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼-ਇਨ-ਸਿੱਖਇਜ਼ਮ ਬਹਾਦਰਗੜ੍ਹ ਵਿਖੇ ਇਮਾਰਤੀ ਵਿਭਾਗ, ਬੰਦੀ ਛੋੜ ਦਿਵਸ ਅਤੇ ਮਹਾਨ ਗੁਰਮਤਿ ਸਮਾਗਮ ਮਨਾਉਣ ਨੂੰ ਲੈ ਕੇ ਅਧਿਕਾਰੀਆਂ ਤੇ ਸਿੱਖ ਵਿਦਵਾਨਾਂ ਨਾਲ ਮੀਟਿੰਗ ਦੌਰਾਨ ਕੀਤਾ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਬੰਧਾਂ ਅਧੀਨ ਚੱਲ ਰਹੇ ਕੰਮਾਂ ‘ਚ ਪਾਰਦਰਸ਼ਤਾ ਲਿਆਉਣ ਅਤੇ ਕੰਮਾਂ ਨੂੰ ਮਿੱਥੀ ਮਿਆਦ ‘ਚ ਪੂਰਾ ਕਰਨ ਲਈ ਟੈਕਨੀਕਲ ਪ੍ਰਵਾਨਗੀ ਕਮੇਟੀ ਕੰਮਾਂ ਦੀ ਨਿਗਰਾਨੀ ਕਰੇਗੀ, ਜੋ ਰੂਪ ਰੇਖਾ ਉਲੀਕਣ ਮਗਰੋਂ ਉਸਾਰੀ ਅਧੀਨ ਚੱਲ ਰਹੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗਠਿਤ ਕਮੇਟੀ ਕੰਮਾਂ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ‘ਹਾਈ-ਪਾਵਰ ਕਮੇਟੀ ‘ਚ ਕੁਲਵੀਰ ਸਿੰਘ ਸ਼ੇਰਗਿੱਲ ਸਾਬਕਾ ਚੀਫ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਅਮਰਜੀਤ ਸਿੰਘ ਦੁੱਲਟ ਸਾਬਕਾ ਚੀਫ ਇੰਜੀਨੀਅਰ ਨਹਿਰੀ ਵਿਭਾਗ, ਸੁਖਵਿੰਦਰ ਸਿੰਘ ਅਤੇ ਬੇਅੰਤ ਸਿੰਘ ਐਕਸੀਅਨ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਐਡੀਸ਼ਨਲ ਸੈਕਟਰੀ ਹਰਭਜਨ ਸਿੰਘ ਮਨਾਵਾਂ ਨੂੰ ‘ਹਾਈ ਪਾਵਰ’ ਕਮੇਟੀ ‘ਚ ਕੋਆਰਡੀਨੇਟਰ ਦੇ ਤੌਰ ‘ਤੇ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਸਾਲ 2019 ‘ਚ 400ਸਾਲਾ ਬੰਦੀ ਛੋੜ ਦਿਵਸ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਗਿਆ, ਜਿਸ ‘ਚ ਸਿੱਖ ਵਿਦਵਾਨਾਂ ਦੀ ਸਬ ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬ ਕਮੇਟੀ ‘ਚ ਡਾ. ਪਰਮਵੀਰ ਸਿੰਘ ਮੁਖੀ ਵਿਸ਼ਵ ਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਚਮਕੌਰ ਸਿੰਘ ਅਸਿਸਟੈਂਟ ਡਾਇਰੈਕਟਰ, ਐਸਜੀਪੀਸੀ ਮੀਤ ਸਕੱਤਰ ਸਿਮਰਜੀਤ ਸਿੰਘ, ਡਾ. ਗੁਰਨਾਇਬ ਸਿੰਘ ਮੁਖੀ ਭਾਈ ਵੀਰ ਸਿੰਘ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ਾਮਲ ਹਨ, ਜੋ ਸਮਾਗਮ ਦੀ ਰੂਪ ਰੇਖਾ ਨੂੰ ਤਿਆਰ ਕਰਕੇ ਸ਼੍ਰੋਮਣੀ ਕਮੇਟੀ ਨੂੰ ਸੌਂਪਣਗੇ। ਉਨ੍ਹਾਂ ਦੱਸਿਆ ਕਿ ਸਬ ਕਮੇਟੀ ਵੱਲੋਂ ਉਲੀਕੀ ਰੂਪ ਰੇਖਾ ਨੂੰ ਅੰਤ੍ਰਿੰਗ ਕਮੇਟੀ ‘ਚ ਲਿਆ ਕੇ ਕਾਰਜਸ਼ੀਲ ਬਣਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਅੱਗੇ ਤੋਰਦਿਆਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਦੁਖ ਨਿਵਾਰਨ ਸਾਹਿਬ ਵਿਖੇ 25 ਸਤੰਬਰ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਮਹਾਨ ਗੁਰਮਤਿ ਸਮਾਗਮ ‘ਚ ਸੰਗਤਾਂ ਵੱਡੇ ਪੱਧਰ ‘ਤੇ ਸ਼ਿਰਕਤ ਕਰਨ।

