ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ‘ਚ ਸਮਾਗਮ ਕਰਵਾਉਣ ਦਾ ਫੈਸਲਾ
ਸਿੱਖ ਇਤਿਹਾਸ ਦੇ ਗੌਰਵਮਈ ਵਿਰਸੇ ਦਾ ਵਾਰਸ ਬਣਨ ਦੀ ਲੋੜ : ਪ੍ਰੋ. ਬਡੂੰਗਰ
ਪਟਿਆਲਾ 18 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਤੌਰ ‘ਤੇ ਜਾਰੀ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ‘ਚ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਇਕੱਤਰਤਾ ਕੀਤੀ ਗਈ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੈਨੇਜਰਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸ਼ਹੀਦ ਭਾਈ ਮਤੀ ਦਾਸ, ਸ਼ਹੀਦ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ‘ਚ ਧਾਰਮਿਕ ਸਮਾਗਮ ਕਰਵਾਏ ਜਾਣ ਦੀਆਂ ਤਿਆਰੀਆਂ ਨੂੰ ਲੈ ਕੇ ਰੂਪ ਰੇਖਾ ਉਲੀਕੀ। ਇਕੱਤਰਤਾ ਦੌਰਾਨ ਪ੍ਰੋ. ਬਡੂੰਗਰ ਦੀ ਹਾਜ਼ਰੀ ‘ਚ 5 ਅਕਤੂਬਰ ਨੂੰ ਪੂਰਨਮਾਸ਼ੀ ਵਾਲੇ ਦਿਨ ਗੁਰਦੁਆਰਾ ਨਾਨਕਿਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਵਿਖੇ ਧਾਰਮਿਕ ਸਮਾਗਮ ਕਰਵਾਉਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜੌਕੀ ਪੀੜ੍ਹੀ ਨੂੰ ਧਰਮ ਪ੍ਰਚਾਰ ਲਹਿਰ ਤਹਿਤ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਉਣ ਦੇ ਨਾਲ-ਨਾਲ ਸਿੱਖ ਇਤਿਹਾਸ ਤੋਂ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ ਤਾਂ ਜੋ ਭਵਿੱਖ ‘ਚ ਸਿੱਖ ਇਤਿਹਾਸ ਦੇ ਗੌਰਵਮਈ ਵਿਰਸੇ ਨੂੰ ਸੰਭਾਲਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਆਪਣੇ ਕੋਲ ਅਨਮੋਲ ਖਜ਼ਾਨਾ ਸਮੋਈ ਬੈਠਾ ਹੈ, ਜਿਸ ਤੋਂ ਪ੍ਰੇਰਨਾ ਲੈਂਦੇ ਹੋਏ ਸਾਨੂੰ ਅਜਿਹੇ ਵਿਲੱਖਣ ਵਿਰਸੇ ਦਾ ਵਾਰਸ ਬਣਨ ਦੀ ਲੋੜ ਹੈ।
ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਸ਼ਹਿਰਾਂ, ਪਿੰਡਾਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ‘ਚ ਪ੍ਰਚੰਡ ਰੂਪ ‘ਚ ਚਲਾਇਆ ਜਾ ਰਿਹਾ ਹੈ ਅਤੇ ਇਹ ਮੁਹਿੰਮ ਭਵਿੱਖ ‘ਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸਿੱਖ ਇਤਿਹਾਸ, ਸਾਕਿਆਂ ‘ਚ ਅਹਿਮ ਯੋਗਦਾਨ ਵਾਲੀਆਂ ਸਖਸੀਅਤਾਂ ਦੀ ਯਾਦ ‘ਚ ਸਮਾਗਮਾਂ ਕਰਵਾਕੇ ਜਾਣੂੰ ਕਰਵਾਇਆ ਜਾ ਰਿਹਾ ਹੈ, ਉਥੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਹਿਮ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ਸਮਾਗਮ ਕਰਵਾਉਣ ਦੇ ਫੈਸਲੇ ਕੀਤੇ ਗਏ ਸਨ, ਜਿਸ ਤਹਿਤ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ‘ਚ 5 ਅਕਤੂਬਰ ਨੂੰ ਪ੍ਰਭਾਵਸ਼ਾਲੀ ਸਮਾਗਮ ਹੋਵੇਗਾ।

