ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ
ਧਰਮ ਪ੍ਰਚਾਰ ਲਹਿਰ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ : ਪ੍ਰੋ. ਬਡੂੰਗਰ
ਪਟਿਆਲਾ 24 ਸਤੰਬਰ (ਮਧੂਸਾਰ ਬਿਊਰੋ) ਸੁਕ੍ਰਿਤੁ ਦੇ ਚਿੰਨ ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ 25 ਸਤੰਬਰ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਗੁਰਮਤਿ ਸਮਾਗਮਾਂ ਤੋਂ ਸੰਗਤਾਂ ਨੂੰ ਭਰਪੂਰ ਲਾਹਾ ਹਾਸਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ‘ਚ ਸਮਾਜਕ ਕੁਰੀਤੀਆਂ ਨੂੰ ਜੜ੍ਹ ਤੋਂ ਪੁੱਟਣ ਲਈ ਇਹ ਸਮੇਂ ਦੀ ਜ਼ਰੂਰਤ ਬਣ ਚੁੱਕੀ ਹੈ ਕਿ ਸਾਨੂੰ ਨਿਰਸੰਕੋਚ ਧਰਮ ਪ੍ਰਚਾਰ ਲਹਿਰ ਨੂੰ ਨਾਲ ਜੁੜਨਾ ਚਾਹੀਦਾ ਹੈ ਅਤੇ ਲਹਿਰ ਨੂੰ ਜੀਵਨ ਦਾ ਹਿੱਸਾ ਬਣਾ ਕੇ ਹੋਰ ਅੱਗੇ ਲਿਜਾਣ ਦਾ ਸੰਕਲਪ ਦਾ ਧਾਰਨੀ ਬਣਨ ਦੀ ਲੋੜ ਹੈ।
ਪ੍ਰੋ. ਬਡੂੰਗਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੂਜੇ ਪੜਾਅ ਤਹਿਤ ਧਰਮ ਪ੍ਰਚਾਰ ਲਹਿਰ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ 25 ਸਤੰਬਰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ‘ਚ ਸੱਚਖੰਡ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਭਾਈ ਰਵਿੰਦਰ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਸੰਗਤਾਂ ਨੂੰ ਕੀਰਤਨ ਸਰਵਣ ਕਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਮਤਿ ਸਮਾਗਮ ‘ਚ ਵੱਡੀ ਗਿਣਤੀ ‘ਚ ਪੁੱਜ ਕੇ ਸਾਨੂੰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਧਾਰਮਕ ਸਮਾਗਮ ਸਵੇਰੇ 9 ਵਜੇ ਤੋਂ ਆਰੰਭ ਹੋ ਕੇ 2.00 ਵਜੇ ਤੱਕ ਚੱਲਣਗੇ। ਸਮਾਗਮ ‘ਚ ਕੀਰਤਨੀ ਜਥਾ ਭਾਈ ਗੁਰਪਾਲ ਸਿੰਘ ਅਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨਗੇ।

