ਪਟਿਆਲਾ

ਪੰਜਾਬ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਵੱਲੋਂ ਰਾਜ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਹਦਾਇਤਾਂ ਜਾਰੀ

ਮਨਜਿੰਦਰ ਸਿੰਘ ਸਿਰਸਾ ਨੇ ਮੁੱਖ ਮੰਤਰੀ ਕੋਲ ਚੁੱਕਿਆ ਸੀ ਮੁੱਦਾ
ਚੰਡੀਗੜ੍ਹ, 14 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਨਿਰਮਲਜੀਤ ਸਿੰਘ ਕਲਸੀ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ ਆਪਣੇ ਜ਼ਿਲ੍ਹੇ ਵਿਚ ਆਨੰਦ ਮੈਰਿਜ ਐਕਟ ਲਾਗੂ ਕੀਤੇ ਜਾਣਾ ਤੇ ਸਿੱਖਾਂ ਦੇ ਵਿਆਹ ਐਕਟ ਦੇ ਤਹਿਤ ਰਜਿਸਟਰਡ ਕਰਵਾਉਣਾ ਯਕੀਨੀ ਬਣਾਉਣ।

ਇਹ ਘਟਨਾਕ੍ਰਮ ਇਹ ਮਾਮਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਤੋਂ ਬਾਅਦ ਵਾਪਰਿਆ ਹੈ। ਸਿਰਸਾ ਨੇ ਮੁੱਖ ਮੰਤਰੀ ਨੂੰ ਦੱਸਿਆ ਸੀ ਕਿ ਪੰਜਾਬ ਵਿਚ ਸਿੱਖਾਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਨਹੀਂ ਹੋ ਰਹੀ ਜਦਕਿ ਹਰਿਆਣਾ ਸਮੇਤ ਵੱਖ ਵੱਖ ਰਾਜਾਂ ਨੇ ਐਕਟ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੋਇਆ ਹੈ।
ਮੁੱਖ ਮੰਤਰੀ ਨੇ ਫਿਰ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਇਹ ਐਕਟ ਪੰਜਾਬ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੇ ਜਾਣਾ ਯਕੀਨੀ ਬਣਾਉਣ ਦੀ ਹਦਾਹਿਤ ਕੀਤੀ ਸੀ।
ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿਚ ਵਧੀਕ ਮੁੱਖ ਸਕੱਤਰ ਗ੍ਰਹਿ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਹੈ ਕਿ ਲੋਕਾਂ ਵੱਲੋਂ ਉਹਨਾਂ ਦੇ ਵਿਆਹ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਕੀਤੇ ਜਾਣ ਦੇ ਬਿਨੈ ਪੱਤਰ ਪ੍ਰਾਪਤ ਹੋਣ ਦੇ ਬਾਵਜੂਦ ਇਹਨਾਂ ਵਿਆਹਾਂ ਦੀ ਰਜਿਸਟਰੇਸ਼ਨ ਹਿੰਦੂ ਮੈਰਿਜ ਐਕਟ ਤਹਿਤ ਹੋ ਰਹੀ ਹੈ ਜੋ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ‘ਦੀ ਆਨੰਦ ਮੈਰਿਜ ਰਜਿਸਟਰੇਸ਼ਨ ਰੂਲਜ਼ 2016’ ਬਣਾਏ ਹੋਨ ਜੋ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਈ ਡਿਸਟ੍ਰਿਕਟ ਐਪਲੀਕੇਸ਼ਨ ਰਾਹੀਂ ਲਾਗੂ ਕੀਤੇ ਗਏ ਹਨ। ਉਹਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਇਹ ਨਿਯਮ ਸਖਤੀ ਨਾਲ ਲਾਗੂ ਹੋਣ ਤੇ ਭਵਿੱਖ ਵਿਚ ਇਸ ਬਾਬਤ ਕੋਈ ਸ਼ਿਕਾਇਤ ਪ੍ਰਾਪਤ ਨਾ ਹੋਵੇ।

Leave a Reply

Your email address will not be published. Required fields are marked *