ਭਾਈ ਨੰਦ ਲਾਲ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਬੰਧੀ ਰੂਪ ਰੇਖਾ ਉਲੀਕੀ
ਗੁਰਮਤਿ ਸਮਾਗਮ ਦੀ ਸਫਲਤਾ ਨੂੰ ਲੈ ਕੇ ਤਿਆਰੀਆਂ ਆਰੰਭੀਆਂ
ਪਟਿਆਲਾ 8 ਨਵੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ‘ਚ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਦੇ ਨਾਲ-ਨਾਲ ਸਿੱਖ ਇਤਿਹਾਸ ‘ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖਸੀਅਤਾਂ ਬਾਰੇ ਜਾਣੂੰ ਕਰਵਾਉਣ ਦੇ ਉਪਰਾਲੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਪ੍ਰਚਾਰਕ ਭਾਈ ਨੰਦ ਲਾਲ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਗੁਰਮਤਿ ਸਮਾਗਮ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਮਹਾਨ ਗੁਰਮਤਿ ਸਮਾਗਮ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਚ ਇਕੱਤਰਤਾ ਹੋਈ। ਇਸ ਦੌਰਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਲਾਭ ਸਿੰਘ ਦੇਵੀਨਗਰ ਉਚੇਚੇ ਤੌਰ ‘ਤੇ ਹਾਜ਼ਰ ਸਨ।
ਗੁਰਮਤਿ ਸਮਾਗਮ ਦੀ ਸਫਲਤਾ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨ ਉਪਰੰਤ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ, ਸਾਬਕਾ ਮੈਂਬਰ ਬੀਬੀ ਪਰਮਜੀਤ ਕੌਰ ਬਜਾਜ, ਮੈਨੇਜਰ ਕਮਲਜੀਤ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ ਹਰਮੀਤ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ। ਇਕੱਤਰਤਾ ਦੌਰਾਨ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜੌਕੀ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਉਣ ਲਈ ਧਰਮ ਪ੍ਰਚਾਰ ਲਹਿਰ ਨਾਲ ਜੋੜ ਕੇ ਸਿੱਖ ਇਤਿਹਾਸ ਬਾਰੇ ਜਾਣੂੰ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਗਿਆਨੀ ਪ੍ਰਣਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨੰਦ ਲਾਲ ਜੀ ਦੀ ਯਾਦ ‘ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਨੂੰ ਸਫਲ ਬਣਾਉਣ ਲਈ ਸ਼ਹਿਰ ਦੀਆਂ ਸਮੁੱਚੀਆਂ ਸਿੱਖ ਸੇਵਾ ਸੁਸਾਇਟੀਆਂ ਅਤੇ ਸਿੱਖ ਧਾਰਮਿਕ ਜਥੇਬੰਦੀਆਂ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।

